ਚੰਡੀਗੜ੍ਹ , 14 ਸਤੰਬਰ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਪਿਛਲੇਂ ਦੋ ਦਿਨਾਂ ਵਿੱਚ ਸੂਬੇ ਭਰ ਵਿੱਚ 1000 ਪਿੰਡਾਂ ਵਿੱਚ ਪੰਜਾਬ ਸਰਕਾਰ ਦੇ ਪੁੱਤਲੇ ਫੂਕੇ ਹਨ ਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਹੈ ।
ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਅੱਜ ਅਖ਼ਬਾਰਾਂ ਦੇ ਨਾਂ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ । ਉਹਨਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਗੂੰਗੀ ਬੋਲੀ ਹੋਈ ਪਈ ਹੈ ਤੇ ਪਿਛਲੇਂ ਸਾਢੇ ਚਾਰ ਸਾਲਾਂ ਵਿੱਚ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਕੋਈ ਮੰਗ ਨਹੀਂ ਮੰਨੀ । ਜਿਸ ਕਰਕੇ ਜਥੇਬੰਦੀ ਨੂੰ ਵੱਡੇ ਸੰਘਰਸ਼ ਕਰਨੇ ਪੈ ਰਹੇ ਹਨ । ਉਹਨਾਂ ਦੱਸਿਆ ਕਿ ਪਿੰਡਾਂ ਵਿੱਚ ਸਰਕਾਰ ਦੇ ਪੁੱਤਲੇ ਫ਼ੂਕਣ ਦਾ ਪ੍ਰੋਗਰਾਮ ਦੋ ਹਫ਼ਤਿਆਂ ਦਾ ਹੈ ਤੇ ਹਰ ਰੋਜ਼ 500 ਪਿੰਡਾਂ ਵਿੱਚ ਪੁੱਤਲੇ ਫੂਕੇ ਜਾਣਗੇ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਂਗਣਵਾੜੀ ਸੈਂਟਰਾਂ ਵਿੱਚੋਂ ਖੋਹੇ ਹੋਏ ਬੱਚੇ ਵਾਪਸ ਕਰੇ , ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ । ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਦਿੱਤਾ ਜਾਵੇ ਅਤੇ ਬਾਕੀ ਮੰਗਾਂ ਮੰਨੀਆਂ ਜਾਣ । ਸੂਬਾ ਪ੍ਰਧਾਨ ਨੇ ਸਖਤ ਚਿਤਾਵਨੀ ਦਿੱਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੂਰੇ ਸੂਬੇ ਵਿੱਚ ਕਾਂਗਰਸ ਪਾਰਟੀ ਨੂੰ ਵੱਡਾ ਸਬਕ ਸਿਖਾਉਣਗੀਆਂ ।