ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 16 ਅਕਤੂਬਰ ਨੂੰ ਮੋਰਿੰਡਾ ਵਿਖੇ ਹੋਵੇਗੀ

bttnews
0

- ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਜਾਵੇਗਾ ਮੰਗ ਪੱਤਰ - ਹਰਗੋਬਿੰਦ ਕੌਰ

ਸ੍ਰੀ ਮੁਕਤਸਰ ਸਾਹਿਬ ,13 ਅਕਤੂਬਰ (ਸੁਖਪਾਲ ਸਿੰਘ ਢਿੱਲੋਂ) - ਪੰਜਾਬ ਭਰ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ 16 ਅਕਤੂਬਰ ਨੂੰ ਮੋਰਿੰਡਾ ਵਿਖੇ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਹੋਵੇਗੀ । ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਦਫ਼ਤਰ ਸਕੱਤਰ ਛਿੰਦਰਪਾਲ ਕੌਰ ਥਾਂਦੇਵਾਲਾ ਨੇ ਦਿੱਤੀ । ਉਹਨਾਂ ਦੱਸਿਆ ਕਿ ਮੀਟਿੰਗ ਤੋਂ ਬਾਅਦ ਜਥੇਬੰਦੀ ਵੱਲੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ । ਉਹਨਾਂ ਕਿਹਾ ਕਿ ਜਥੇਬੰਦੀ ਦੀ ਮੰਗ ਹੈ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ , ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ ।             ਨਰਸਰੀ ਟੀਚਰ ਦਾ ਦਰਜ਼ਾ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਜਾਵੇ । ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ । ਐਨ ਜੀ ਓ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ  ਨੂੰ ਵਿਭਾਗ ਅਧੀਨ ਲਿਆਂਦਾ ਜਾਵੇ । ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ , ਉਤਸ਼ਾਹ ਵਰਧਕ ਰਾਸ਼ੀ ਕ੍ਰਮਵਾਰ ਵਰਕਰ ਤੇ ਹੈਲਪਰ ਨੂੰ 500 ਰੁਪਏ ਤੇ 250 ਰੁਪਏ ਦਿੱਤੇ ਜਾਣ ।  ਸਰਕਲ ਮੀਟਿੰਗ ਦਾ ਕਿਰਾਇਆ 200 ਰੁਪਏ ਦਿੱਤਾ ਜਾਵੇ ।  ਪੀ ਐਮ ਵੀ ਵਾਈ ਦੇ 2017 ਤੋਂ ਪੈਡਿੰਗ ਪਏ ਪੈਸੇ ਰਲੀਜ਼ ਕੀਤੇ ਜਾਣ ।  ਮਿੰਨੀ ਆਂਗਣਵਾੜੀ ਵਰਕਰ ਨੂੰ ਪੂਰੀ ਆਂਗਣਵਾੜੀ ਵਰਕਰ ਦਾ ਦਰਜ਼ਾ ਦਿੱਤਾ ਜਾਵੇ ।                                                 ਆਂਗਣਵਾੜੀ ਸੈਂਟਰਾਂ ਦਾ ਰਾਸ਼ਨ ਠੇਕੇਦਾਰੀ ਸਿਸਟਮ ਰਾਹੀਂ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਜਿਸ ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਰਾਸ਼ਨ ਬਣਾਉਣ ਲਈ ਦਿੱਤੇ ਜਾਂਦੇ ਪੈਸੇ ਪ੍ਰਤੀ ਲਾਭਪਾਤਰੀ 40 ਪੈਸੇ  ਦੀ ਥਾਂ 1 ਰੁਪਈਆ ਦਿੱਤਾ ਜਾਵੇ ਕਿਉਕਿ ਗੈਸ ਸਿਲੰਡਰ ਦੇ ਭਾਅ ਦੁਗਣੇ ਹੋ ਗਏ ਹਨ । ਵਰਨਣਯੋਗ ਹੈ ਕਿ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ਵਿਖੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਕੀਤੀ ਜਾ ਰਹੀ ਇਸ ਮੀਟਿੰਗ ਦੌਰਾਨ ਸੰਘਰਸ਼ ਦੀ ਅਗਲੀ ਰਣਨੀਤੀ ਤਹਿ ਕੀਤੀ ਜਾਵੇਗੀ ।

Post a Comment

0Comments

Post a Comment (0)