ਚੰਡੀਗੜ੍ਹ , 15 ਦਸੰਬਰ (ਸੁਖਪਾਲ ਸਿੰਘ ਢਿੱਲੋਂ) -
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 16 ਦਸੰਬਰ ਤੋਂ 25 ਦਸੰਬਰ ਤੱਕ ਪਿੰਡ ਪਿੰਡ ਪੰਜਾਬ ਸਰਕਾਰ ਦੇ ਪੁੱਤਲੇ ਫੂਕੇ ਜਾਣਗੇ । ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ । ਉਹਨਾਂ ਦੋਸ਼ ਲਗਾਇਆ ਕਿ ਪਿਛਲੇਂ ਪੰਜ ਸਾਲਾਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਗੌਰ ਨਹੀਂ ਕੀਤਾ । ਜਿਸ ਕਰਕੇ ਜਥੇਬੰਦੀ ਨੂੰ ਸੰਘਰਸ਼ ਦੇ ਰਾਹ ਤੁਰਨਾ ਪੈ ਰਿਹਾ ਹੈ । ਉਹਨਾਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ ਖੋਹੇ ਹੋਏ ਬੱਚੇ ਵਾਪਸ ਕੀਤੇ ਜਾਣ ਤੇ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ । ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ ਅਤੇ ਬਾਕੀ ਮੰਗਾਂ ਮੰਨੀਆਂ ਜਾਣ ।