ਕੋਈ ਵੀ ਸਕੂਲ ਮਾਪਿਆਂ ਨੂੰ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਜਾਂ ਵਰਦੀ ਖਰੀਦਣ ਲਈ ਮਜਬੂਰ ਨਹੀਂ ਕਰੇਗਾ
ਸੂਬੇ ਦੇ ਪ੍ਰਾਈਵੇਟ ਸਕੂਲਾਂ ਵਿੱਚੋਂ ਸਿੱਖਿਆ ਹਾਸਲ ਕਰਨ ਰਹੇ ਵਿਦਿਆਰਥੀਆਂ ਦੇ ਹਿੱਤ ਵਿਚ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿਚ ਪ੍ਰਾਈਵੇਟ ਸਕੂਲ ਵਿਦਿਅਕ ਸੈਸ਼ਨ 2022-23 ਦੇ ਮੌਜੂਦਾ ਸਮੈਸਟਰ ਦੌਰਾਨ ਫੀਸ ਵਿਚ ਕੋਈ ਵਾਧਾ ਨਹੀਂ ਕਰ ਸਕਣਗੇ ਅਤੇ ਇਹ ਆਦੇਸ਼ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
ਵੀਡੀਓ ਸੰਦੇਸ਼ ਰਾਹੀਂ ਇਹ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕ ਇਸ ਵਿਦਿਅਕ ਸੈਸ਼ਨ ਦੇ ਮੌਜੂਦਾ ਸਮੈਸਟਰ ਦੌਰਾਨ ਫੀਸ ਵਿਚ ਇਕ ਰੁਪਏ ਦਾ ਵਾਧਾ ਨਹੀਂ ਕਰ ਸਕਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਬਾਰੇ ਨੀਤੀ ਸਕੂਲੀ ਬੱਚਿਆਂ ਦੇ ਮਾਪਿਆਂ, ਸਕੂਲ ਪ੍ਰਬੰਧਕਾਂ, ਪ੍ਰਿੰਸੀਪਲਾਂ ਅਤੇ ਹੋਰ ਸਬੰਧਤ ਧਿਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਉਲੀਕੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਵਿਚ ਵਿਸਥਾਰ ਵਿਚ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਇਕ ਹੋਰ ਫੈਸਲਾ ਲੈਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਹੁਣ ਤੋਂ ਕੋਈ ਵੀ ਸਕੂਲ ਮਾਪਿਆਂ ਨੂੰ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਜਾਂ ਵਰਦੀ ਖਰੀਦਣ ਲਈ ਮਜਬੂਰ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਸਬੰਧਤ ਇਲਾਕੇ ਦੀ ਆਬਾਦੀ ਦੇ ਮੁਤਾਬਕ ਲੋਕਾਂ ਦੀ ਸਹੂਲਤ ਲਈ ਸਕੂਲਾਂ ਨੂੰ ਵੱਧ ਦੁਕਾਨਾਂ ਬਾਰੇ ਜਾਣਕਾਰੀ ਦੇਣੀ ਹੋਵੇਗੀ ਜਿੱਥੋਂ ਮਾਪਿਆਂ ਨੂੰ ਆਪਣੀ ਮਰਜ਼ੀ ਮੁਤਾਬਕ ਇਨ੍ਹਾਂ ਨੂੰ ਖਰੀਦਣ ਦੀ ਖੁੱਲ੍ਹ ਹੋਵੇਗੀ। ਉਨ੍ਹਾਂ ਕਿਹਾ ਕਿ ਕਿਤਾਬਾਂ ਅਤੇ ਵਰਦੀ ਦੀ ਖਰੀਦ ਬਾਰੇ ਨੀਤੀ ਵੀ ਛੇਤੀ ਲਿਆਂਦੀ ਜਾਵੇਗੀ।
ਉਨ੍ਹਾਂ ਕਿਹਾ, “ਸਿੱਖਿਆ ਏਨੀ ਮਹਿੰਗੀ ਹੋ ਚੁੱਕੀ ਹੈ ਕਿ ਇਹ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੁੰਦੀ ਜਾ ਰਹੀ ਹੈ। ਸਾਰੇ ਮਾਪੇ ਆਪਣੇ ਬੱਚਿਆਂ ਨੂੰ ਚੰਗੀ ਤਾਲੀਮ ਦਿਵਾਉਣਾ ਚਾਹੁੰਦੇ ਹਨ ਪਰ ਉਨ੍ਹਾਂ ਦੀ ਜੇਬ ਇਜਾਜ਼ਤ ਨਹੀਂ ਦਿੰਦੀ। ਮਜਬੂਰੀਵੱਸ, ਮਾਪਿਆਂ ਨੂੰ ਆਪਣੇ ਬੱਚੇ ਸਕੂਲਾਂ ਤੋਂ ਹਟਾਉਣੇ ਪੈ ਰਹੇ ਹਨ ਤੇ ਉਨ੍ਹਾਂ ਨੂੰ ਕੰਮ ਉਤੇ ਲਾਉਣਾ ਪੈ ਰਿਹਾ ਹੈ ਜਾਂ ਫੇਰ ਮਜਬੂਰਨ ਆਪਣੇ ਬੱਚਿਆਂ ਨੂੰ ਉਹ ਅਜਿਹੀ ਸਿੱਖਿਆ ਦਿਵਾ ਰਹੇ ਹਨ ਜੋ ਅੱਗੇ ਚੱਲ ਕੇ ਉਨ੍ਹਾਂ ਦੇ ਕੰਮ ਨਹੀਂ ਆਉਂਦੀ।”
ਵਿਦਿਆ ਨੂੰ ਮਨੁੱਖ ਦਾ ਤੀਜਾ ਨੇਤਰ ਦੱਸਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰੇਕ ਬੱਚੇ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ।