• ਕੈਬਨਿਟ ਮੰਤਰੀ ਨੇ ਸਮਾਜਿਕ ਨਿਆਂ ਤੇ ਅਧਿਕਾਰਤਾ ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 22 ਮਾਰਚ: ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਦਿਆਂ ਮਹਿਲਾਵਾਂ ਦੀ ਸੁਰੱਖਿਆ ਨਾਲ ਸਬੰਧਤ ਕਾਨੂੰਨਾਂ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।
ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਸ਼ਗਨ ਸਕੀਮ 31 ਮਾਰਚ ਤੱਕ ਲਾਗੂ ਹੋ ਜਾਵੇਗੀ ਕਿਉਂਕਿ ਲਾਭਪਾਤਰੀਆਂ ਨੂੰ ਇਸ ਦੀ ਸਖ਼ਤ ਲੋੜ ਹੈ। ਆਪਣੀਆਂ ਤਰਜੀਹਾਂ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਿੱਖਿਆ ਲੜਕੀਆਂ ਦੇ ਸ਼ਕਤੀਕਰਨ ਦੀ ਕੁੰਜੀ ਹੈ ਅਤੇ ਉਹ ਇਸ ਮੰਤਵ ਲਈ ਵਚਨਬੱਧ ਰਹਿਣਗੇ। ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਚੋਣ ਵਾਅਦੇ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਹਰ ਚੋਣ ਵਾਅਦੇ ਨੂੰ ਪੂਰੀ ਤਰ੍ਹਾਂ ਲਾਗੂ ਕਰੇਗੀ।
ਮਹਿਲਾਵਾਂ ਦੀ ਸੁਰੱਖਿਆ ਸਬੰਧੀ ਕਾਨੂੰਨਾਂ ਨੂੰ ਲਾਗੂ ਕਰਨ ਵਿੱਚ ਕਮੀਆਂ ਦੀ ਗੱਲ ਕਰਦਿਆਂ ਡਾ. ਕੌਰ, ਜਿਨ੍ਹਾਂ ਨੂੰ ਰਸਾਲਿਆਂ ਵਿੱਚ ਸਮਾਜਿਕ ਮੁੱਦਿਆਂ 'ਤੇ ਲਿਖਣ ਅਤੇ ਕਵਿਤਾਵਾਂ ਲਿਖਣ ਦਾ ਸ਼ੌਕ ਹੈ, ਨੇ ਕਿਹਾ ਕਿ ਮਹਿਲਾਵਾਂ ਦੀ ਸੁਰੱਖਿਆ ਸਬੰਧੀ ਕਾਨੂੰਨ ਤਾਂ ਹਨ ਪਰ ਇਨ੍ਹਾਂ ਨੂੰ ਲਾਗੂ ਕਰਨ ਦੀ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਕਾਨੂੰਨਾਂ ਵਿਚਲੀ ਹਰ ਖਾਮੀ ਨੂੰ ਦੂਰ ਕਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਉਹ ਲੜਕੀਆਂ ਦੀ ਸਿੱਖਿਆ ਲਈ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਯੋਜਨਾ ਉਲੀਕਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਹਿੰਸਾ ਦਾ ਸਾਹਮਣਾ ਕਰ ਰਹੀਆਂ ਔਰਤਾਂ ਨੂੰ ਪਨਾਹ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਜ਼ਿਲ੍ਹੇ ਵਿੱਚ ਵਨ ਸਟਾਪ ਸਖੀ ਕੇਂਦਰਾਂ ਨੂੰ ਮਜ਼ਬੂਤ ਕਰਨ ਲਈ ਵੀ ਕਿਹਾ।
ਜ਼ਿਕਰਯੋਗ ਹੈ ਕਿ ਡਾ. ਬਲਜੀਤ ਕੌਰ ਅੱਖਾਂ ਦੇ ਸਰਜਨ ਹਨ ਅਤੇ ਹਾਲ ਹੀ ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਲੋਟ ਵਿਧਾਨ ਸਭਾ ਹਲਕੇ ਤੋਂ ਚੁਣੇ ਗਏ। ਉਹ ਮੁਕਤਸਰ ਦੇ ਸਰਕਾਰੀ ਸਿਵਲ ਹਸਪਤਾਲ ਵਿੱਚ ਅੱਖਾਂ ਦੇ ਸਰਜਨ ਵਜੋਂ ਸੇਵਾਵਾਂ ਨਿਭਾ ਰਹੇ ਸਨ। 46 ਸਾਲਾ ਅੱਖਾਂ ਦੇ ਡਾਕਟਰ ਨੇ ਆਪਣੀ ਪਹਿਲੀ ਚੋਣ ਲੜਨ ਲਈ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲੈ ਲਈ।
ਡਾ. ਬਲਜੀਤ ਕੌਰ ਪ੍ਰੋ. ਸਾਧੂ ਸਿੰਘ ਦੀ ਧੀ ਹੈ, ਜੋ ਕਿ 2014 ਤੋਂ 2019 ਤੱਕ ਫਰੀਦਕੋਟ ਤੋਂ 'ਆਪ' ਦੇ ਸੰਸਦ ਮੈਂਬਰ ਸਨ। ਮੁਕਤਸਰ ਜ਼ਿਲ੍ਹੇ ਵਿੱਚ ਆਪਣੀ ਤਾਇਨਾਤੀ ਦੌਰਾਨ ਡਾ. ਬਲਜੀਤ ਕੌਰ ਆਪਣੇ ਕੰਮ ਲਈ ਇੱਕ ਜਾਣਿਆ ਪਛਾਣਿਆ ਚਿਹਰਾ ਬਣ ਗਏ ਸਨ।