ਕਿਹਾ, ਉਨ੍ਹਾਂ ਦੀ ਸਰਕਾਰ 28 ਸਤੰਬਰ ਨੂੰ ਵਿਦਿਅਕ ਸੰਸਥਾਵਾਂ ਵਿੱਚ ਲੜੀਵਾਰ ਪ੍ਰੋਗਰਾਮ ਕਰਕੇ ਮਹਾਨ ਸ਼ਹੀਦ ਭਗਤ ਸਿੰਘ ਦੀ ਵਿਰਾਸਤ ਨੂੰ ਕਾਇਮ ਰੱਖੇਗੀ
ਚੰਡੀਗੜ੍ਹ, 22 ਮਾਰਚ:16ਵੀਂ ਪੰਜਾਬ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਦੇ ਤੀਜੇ ਦਿਨ ਕਾਂਗਰਸ ਪਾਰਟੀ 'ਤੇ ਨਿਸ਼ਾਨਾ ਵਿੰਨ੍ਹਦਿਆਂ ਸਦਨ ਦੇ ਆਗੂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਵਜੋਂ ਇਹਨਾਂ ਮਹਾਨ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਉੱਤੇ 23 ਮਾਰਚ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ।
ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸ਼ਹੀਦੀ ਦਿਹਾੜੇ 'ਤੇ ਛੁੱਟੀ ਦਾ ਐਲਾਨ ਕਰਨ ਦੀ ਬਜਾਏ ਸਾਰੇ ਸਕੂਲ-ਕਾਲਜ ਖੁੱਲ੍ਹੇ ਰੱਖਣ ਦੀ ਮੰਗ ਦੇ ਜਵਾਬ ਵਿੱਚ
ਭਗਵੰਤ ਮਾਨ ਨੇ ਕਿਹਾ ਕਿ ਇਹ ਛੁੱਟੀ ਇਹਨਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਵਜੋਂ ਐਲਾਨੀ ਗਈ ਹੈ।
ਇਸ ਦਿਹਾੜੇ 'ਤੇ ਸੂਬਾ ਪੱਧਰੀ ਛੁੱਟੀ ਐਲਾਨੇ ਜਾਣ ਦੇ ਤਰਕ ਨੂੰ ਸਪੱਸ਼ਟ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਇਹ ਛੁੱਟੀ ਸਥਾਨਕ ਤੌਰ 'ਤੇ ਸਿਰਫ਼ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਹੀ ਐਲਾਨੀ ਜਾਂਦੀ ਸੀ ਤਾਂ ਜੋ ਆਸ-ਪਾਸ ਦੇ ਇਲਾਕੇ ਦੇ ਲੋਕ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ 'ਚ ਸ਼ਹੀਦੀ ਸਮਾਰਕ 'ਤੇ ਸ਼ਰਧਾਂਜਲੀ ਭੇਟ ਕਰ ਸਕਣ। ਹੁਣ ਸਾਡੀ ਸਰਕਾਰ ਨੇ ਸੂਬਾ ਭਰ ਵਿੱਚ ਇਸ ਦਿਨ ਗਜ਼ਟਿਡ ਛੁੱਟੀ ਐਲਾਨਣ ਦਾ ਫੈਸਲਾ ਕੀਤਾ ਹੈ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਸਮੇਤ ਵੱਧ ਤੋਂ ਵੱਧ ਗਿਣਤੀ ਵਿੱਚ ਪੰਜਾਬ ਵਾਸੀ ਖਟਕੜ ਕਲਾਂ ਅਤੇ ਹੁਸੈਨੀਵਾਲਾ ਵਿਖੇ ਜਾ ਕੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਹ ਸ਼ਹੀਦ ਪੂਰੀ ਕੌਮ ਨਾਲ ਸਬੰਧਤ ਹਨ ਅਤੇ ਇਸ ਲਈ ਉਹਨਾਂ ਨੂੰ ਇੱਕ ਜਗ੍ਹਾ ਤੱਕ ਸੀਮਤ ਨਹੀਂ ਕੀਤਾ ਜਾ ਸਕਦਾ।
ਇਸ ਮੌਕੇ 'ਤੇ ਵਿਅੰਗ ਕੱਸਦਿਆਂ ਸਦਨ ਦੇ ਆਗੂ ਭਗਵੰਤ ਮਾਨ ਨੇ ਰਾਜਾ ਵੜਿੰਗ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਦੱਸਣ ਲਈ ਕਿਹਾ, ਜਿਸ ਦਾ ਉਹ ਜਵਾਬ ਦੇਣ ਵਿੱਚ ਅਸਫਲ ਰਹੇ। ਇਸ ਤੋਂ ਹੈਰਾਨ ਹੋ ਕੇ ਭਗਵੰਤ ਮਾਨ ਨੇ ਉਨ੍ਹਾਂ (ਰਾਜਾ ਵੜਿੰਗ) ਨੂੰ ਇਹ ਨੋਟ ਕਰਨ ਲਈ ਕਿਹਾ ਕਿ ਮਹਾਨ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ 28 ਸਤੰਬਰ ਨੂੰ ਹੁੰਦਾ ਹੈ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਾਡੇ ਨੌਜਵਾਨਾਂ ਨੂੰ ਇਹਨਾਂ ਮਹਾਨ ਸ਼ਹੀਦਾਂ ਦੀ ਵਿਚਾਰਧਾਰਾ ਅਤੇ ਦਰਸ਼ਨ ਤੋਂ ਜਾਣੂ ਕਰਵਾਉਣ ਲਈ ਸੂਬੇ ਭਰ ਦੇ ਸਕੂਲਾਂ, ਕਾਲਜਾਂ ਤੋਂ ਇਲਾਵਾ ਹੋਰ ਵਿਦਿਅਕ ਸੰਸਥਾਵਾਂ ਵਿੱਚ ਸੈਮੀਨਾਰ, ਗੋਸ਼ਟੀ ਆਦਿ ਮੁਕਾਬਲੇ ਅਤੇ ਹੋਰ ਕਈ ਸਮਾਗਮਾਂ ਦੀ ਲੜੀ ਦਾ ਆਯੋਜਨ ਕਰਕੇ ਇਸ ਦਿਨ ਨੂੰ ਵੱਡੇ ਪੱਧਰ 'ਤੇ ਮਨਾਉਣ ਦੀ ਯੋਜਨਾ ਬਣਾਈ ਹੈ।