ਬ੍ਰਮ ਸ਼ੰਕਰ ਜਿੰਪਾ ਦੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ਼ ਨੇ ਹੜਤਾਲ ਵਾਪਸ ਲਈ

bttnews
0

ਬ੍ਰਮ ਸ਼ੰਕਰ ਜਿੰਪਾ ਦੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ਼ ਨੇ ਹੜਤਾਲ ਵਾਪਸ ਲਈ

 ਚੰਡੀਗੜ੍ਹ, 30 ਮਾਰਚ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਦੇ ਦਖ਼ਲ ਅਤੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ ਅਤੇ ਉਨ੍ਹਾਂ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਤੁਰੰਤ ਕੰਮ 'ਤੇ ਵਾਪਸ ਪਰਤ ਰਹੇ ਹਨ ਅਤੇ ਜਨਤਾ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਗੇ।  


ਇਥੇ ਪੰਜਾਬ ਭਵਨ ਵਿਖੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਮਾਲ ਮੰਤਰੀ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਵਡੇਰੇ ਜਨਤਕ ਹਿੱਤਾਂ ਲਈ ਤੁਰੰਤ ਆਪਣੇ ਦਫ਼ਤਰਾਂ ਵਿੱਚ ਜਾ ਕੇ ਕੰਮ ਸ਼ੁਰੂ ਕਰਨਾ ਚਾਹੀਦਾ ਹੈ।

ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਕੋਲ ਉਠਾਇਆ ਜਾਵੇਗਾ ਤਾਂ ਜੋ ਇਨ੍ਹਾਂ ਦਾ ਜਲਦੀ ਹੱਲ ਕੱਢਿਆ ਜਾ ਸਕੇ। ਇਸ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਸ੍ਰੀ ਵਿਜੈ ਕੁਮਾਰ ਜੰਜੂਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Post a Comment

0Comments

Post a Comment (0)