ਕਿਸਾਨਾਂ ਨੂੰ ਝੋਨੇ ਦੀ ਰਵਾਇਤੀ ਬਿਜਾਈ ਦੀ ਥਾਂ ਸਿੱਧੀ ਬਿਜਾਈ ਵੱਲ ਪ੍ਰੇਰਿਤ ਕਰਨ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਤੋਂ ਸੁਹਿਰਦ ਸਹਿਯੋਗ ਦੀ ਕੀਤੀ ਮੰਗ
ਚੰਡੀਗੜ੍ਹ, 17 ਅਪ੍ਰੈਲ, (BTTNEWS)- ਸੂਬੇ ਵਿੱਚ ਪਾਣੀ ਦੇ ਤੇਜ਼ੀ ਨਾਲ ਘਟ ਰਹੇ ਪੱਧਰ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਕਿਸਾਨਾਂ ਨੂੰ ਇਸ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਦੀ ਤਕਨੀਕ ਨੂੰ ਵੱਡੇ ਪੱਧਰ ’ਤੇ ਅਪਣਾਉਣ ਦੀ ਅਪੀਲ ਕੀਤੀ।
ਅੱਜ ਦੁਪਹਿਰ ਪੰਜਾਬ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦੇ ਕੋਆਰਡੀਨੇਟਰ ਡਾ. ਦਰਸ਼ਨ ਪਾਲ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਮੀਟਿੰਗ ਵਿੱਚ ਹਾਜ਼ਰ 23 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਸੂਬਾ ਸਰਕਾਰ ਨੂੰ ਖੇਤੀਬਾੜੀ ਖੇਤਰ ਲਈ ਪੜਾਅਵਾਰ ਢੰਗ ਨਾਲ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਉਣ ਲਈ ਸੁਝਾਅ ਮੰਗੇ ਜਿਸ ਨਾਲ ਕਿਸਾਨਾਂ ਨੂੰ ਡੀ.ਐਸ.ਆਰ. ਤਕਨੀਕ ਅਤੇ ਰਵਾਇਤੀ ਢੰਗ ਨਾਲ ਝੋਨਾ ਬੀਜਣ ਦੌਰਾਨ ਬਿਜਲੀ ਦੀ ਬਿਹਤਰ ਸਹੂਲਤ ਮਿਲ ਸਕੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੜਾਅ ਵਾਰ ਢੰਗ ਨਾਲ ਬਿਜਲੀ ਸਪਲਾਈ ਦਾ ਇਹ ਪ੍ਰਸਤਾਵ ਝੋਨੇ ਦੀ ਬਿਜਾਈ ਦੌਰਾਨ ਬਿਜਲੀ ਦੇ ਪੀਕ ਲੋਡ ਤੋਂ ਬਚਣ ਵਿੱਚ ਬਹੁਤ ਮਦਦਗਾਰ ਸਾਬਿਤ ਹੋਵੇਗਾ। ਉਨ੍ਹਾਂ ਨੇ ਸੁਝਾਅ ਦਿੰਦਿਆਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਰਾਹੀਂ ਖੇਤਰ ਦੀ ਮੰਗ ਅਨੁਸਾਰ ਬਰਾਬਰ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਇਸ ਤਰ੍ਹਾਂ ਪੂਰੇ ਸੂਬੇ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਜਾਵੇ। ਮਾਨ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਪਾਣੀ ਅਤੇ ਬਿਜਲੀ ਦੀ ਬੱਚਤ ਕਰਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਡੀ.ਐਸ.ਆਰ. ਤਕਨੀਕ ਅਪਣਾਉਣ ਪਿੰਡ-ਪਿੰਡ ਜਾ ਕੇ ਪ੍ਰੇਰਿਤ ਕੀਤਾ ਜਾਵੇ।
ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਗਈ ਅਤੇ ਸੂਬੇ ਵਿੱਚ ਡੀਐਸਆਰ ਤਕਨੀਕ ਨਾਲ ਝੋਨੇ ਦੀ ਬਿਜਾਈ ਕਰਨ ਬਾਰੇ ਉਨ੍ਹਾਂ ਤੋਂ ਵਿਚਾਰ ਲਏ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਵੱਲੋਂ ਕੀਤੇ ਅਧਿਐਨ ਦੇ ਨਤੀਜਿਆਂ `ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਲੁਆਈ ਤੋਂ ਵਾਤਾਵਰਣ ਪੱਖੀ ਅਤੇ ਆਰਥਿਕ ਤੌਰ `ਤੇ ਲਾਹੇਵੰਦ ਡੀਐਸਆਰ ਤਕਨੀਕ ਵੱਲ ਮੁੜਣ ਦਾ ਇਹ ਢੁਕਵਾਂ ਸਮਾਂ ਹੈ , ਜੋ ਕਿ ਧਰਤੀ ਹੇਠਲੇ ਪਾਣੀ ਨੂੰ 15 ਤੋਂ 20 ਫੀਸਦ ਤੱਕ ਬਚਾਉਣ ਵਿੱਚ ਸਹਾਈ ਹੋਵੇਗਾ। ਇਸਦੇ ਨਾਲ ਹੀ ਧਰਤੀ ਹੇਠਲੇ ਪਾਣੀ ਨੂੰ 10- 15 ਫੀਸਦ ਤੱਕ ਰੀਚਾਰਜ ਵੀ ਕੀਤਾ ਜਾ ਸਕੇਗਾ ਅਤੇ ਇਸ ਨਾਲ ਝੋਨੇ ਦੀ ਲੁਆਈ ਦੌਰਾਨ ਲੇਬਰ ਸਮੇਤ ਲਾਗਤ ਖਰਚੇ `ਤੇ ਲਗਭਗ 3000 ਰੁਪਏ ਪ੍ਰਤੀ ਏਕੜ ਦੀ ਬੱਚਤ ਹੋਵੇਗੀ।
ਕਿਸਾਨਾਂ ਨੂੰ ਗੰਨਾ, ਮੱਕੀ, ਦਾਲਾਂ ਅਤੇ ਤੇਲ ਬੀਜਾਂ ਵਰਗੀਆਂ ਬਦਲਵੀਆਂ ਫਸਲਾਂ ਦੀ ਬਿਜਾਈ ਰਾਹੀਂ ਖੇਤੀ ਵੰਨ-ਸੁਵੰਨਤਾ ਪ੍ਰਤੀ ਪ੍ਰੇਰਿਤ ਕਰਨ ਲਈ ਭਗਵੰਤ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਇਨ੍ਹਾਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦਾ ਮਾਮਲਾ ਕੇਂਦਰ ਸਰਕਾਰ ਕੋਲ ਉਠਾਏਗੀ। ਉਨ੍ਹਾਂ ਕਿਹਾ ਕਿ ਮਾਰਕਫੈੱਡ ਵਰਗੀਆਂ ਸੂਬਾਈ ਏਜੰਸੀਆਂ ਨੂੰ ਵੀ ਉਪਰੋਕਤ ਬਦਲਵੀਆਂ ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ਉਤੇ ਖਰੀਦ ਕਰਨ ਲਈ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਘੱਟ ਸਮੇਂ ਵਿਚ ਪੱਕ ਕੇ ਤਿਆਰ ਹੋਣ ਵਾਲੀਆਂ ਝੋਨੇ ਦੀਆਂ ਕਿਸਮਾਂ ਪੀ.ਆਰ. 126 ਅਤੇ ਪੀ.ਆਰ. 121 ਦੀ ਬਿਜਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪੂਸਾ-144 ਕਿਸਮ ਦੀ ਬਿਜਾਈ ਨੂੰ ਨਿਰਉਤਸ਼ਾਹਤ ਕੀਤਾ ਜਾਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਜ਼ਮੀਨੀ ਪੱਧਰ ਉਤੇ ਕਿਸਾਨਾਂ ਨੂੰ ਬਾਸਮਤੀ ਲਾਉਣ ਲਈ ਉਤਸ਼ਾਹਤ ਕੀਤਾ ਜਾਵੇਗਾ ਕਿਉਂ ਜੋ ਇਹ ਫਸਲ ਝੋਨੇ ਦੇ ਮੁਕਾਬਲੇ ਪਾਣੀ ਦੀ ਘੱਟ ਖਪਤ ਕਰਨ ਦੇ ਨਾਲ-ਨਾਲ ਚੰਗਾ ਭਾਅ ਵੀ ਦਿੰਦੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਬਾਸਮਤੀ ਦੀ ਖਰੀਦ ਲਈ ਮੰਡੀਕਰਨ ਵਾਸਤੇ ਹਰ ਸੰਭਵ ਸਹਿਯੋਗ ਕਰੇਗੀ।
ਨਹਿਰੀ ਸਿੰਚਾਈ ਨੂੰ ਬਹਾਲ ਕਰਨ ਦੀ ਲੋੜ ਉਤੇ ਜੋਰ ਦਿੰਦਿਆਂ ਮੁੱਖ ਮੰਤਰੀ ਨੇ ਜਲ ਸਰੋਤ ਵਿਭਾਗ ਨੂੰ ਨਹਿਰਾਂ, ਖਾਲਿਆਂ ਅਤੇ ਕੱਸੀਆਂ ਦੀ ਸਫਾਈ ਲਈ ਤੁਰੰਤ ਵਿਸਥਾਰਤ ਕਾਰਜ ਯੋਜਨਾ ਉਲੀਕਣ ਦੇ ਆਦੇਸ਼ ਦਿੱਤੇ ਤਾਂ ਕਿ ਟੇਲਾਂ ਤੱਕ ਪਾਣੀ ਦੀ ਪਹੁੰਚ ਯਕੀਨੀ ਬਣਾਈ ਜਾ ਸਕੇ।
ਮੀਟਿੰਗ ਵਿਚ ਸਿਹਤ ਮੰਤਰੀ ਡਾ. ਵਿਜੇ ਸਿੰਗਲਾ, ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਜਲ ਸਰੋਤ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ, ਵਿੱਤ ਕਮਿਸ਼ਨਰ ਖੇਤੀਬਾੜੀ ਡੀ.ਕੇ. ਤਿਵਾੜੀ, ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਪਾਵਰਕਾਮ ਬਲਦੇਵ ਸਿੰਘ ਸਰਾ, ਸਕੱਤਰ ਖੇਤੀਬਾੜੀ ਦਿਲਰਾਜ ਸਿੰਘ, ਸਕੱਤਰ ਮਾਲ ਮਨਵੇਸ਼ ਸਿੰਘ ਸਿੱਧੂ ਅਤੇ ਖੇਤੀਬਾੜੀ ਡਾਇਰੈਕਟਰ ਗੁਰਵਿੰਦਰ ਸਿੰਘ ਹਾਜ਼ਰ ਸਨ।