• ਗੈਂਗਸਟਰਾਂ ਦੇ ਨੈੱਟਵਰਕ ਨਾਲ ਪ੍ਰਭਾਵਸ਼ਾਲੀ ਢੰਗ ਰਾਹੀਂ ਨਜਿੱਠਣ ਅਤੇ ਕਾਨੂੰਨ ਵਿਵਸਥਾ ਵਿੱਚ ਲੋਕਾਂ ਦਾ ਭਰੋਸਾ ਬਹਾਲ ਕਰਨ ਲਈ ਚੁੱਕਿਆ ਕਦਮ
ਚੰਡੀਗੜ੍ਹ, 5 ਅਪ੍ਰੈਲ (BTTNEWS): ਸੂਬਾ ਭਰ ਵਿੱਚ ਗੈਂਗਸਟਰਾਂ ਦੇ ਨੈੱਟਵਰਕ ਦਾ ਸਫਾਇਆ ਕਰਕੇ ਨਾਗਰਿਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਪੁਲਿਸ ਮੁਖੀ ਵੀ.ਕੇ. ਭਾਵਰਾ ਨੂੰ ਏ.ਡੀ.ਜੀ.ਪੀ. ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਹਨ।
ਪੁਲਿਸ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਸੰਗਠਿਤ ਅਪਰਾਧ ਦੇ ਖਾਤਮੇ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਪੁਲਿਸ ਤੰਤਰ ਵਿੱਚ ਲੋਕਾਂ ਦਾ ਭਰੋਸਾ ਬਹਾਲ ਕਰਨ ਲਈ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਯਕੀਨੀ ਬਣਾਉਣਾ ਮੁੱਖ ਤਰਜੀਹ ਹੈ। ਉਨ੍ਹਾਂ ਨੇ ਨਸ਼ਿਆਂ ਦੇ ਵਪਾਰ ਅਤੇ ਕਬੱਡੀ ਜਗਤ ਵਿੱਚ ਪਹਿਲਾਂ ਹੀ ਆਪਣੇ ਪੈਰ ਪਾਸਾਰ ਚੁੱਕੇ ਇਸ ਗਠਜੋੜ ਨੂੰ ਤੋੜਨ ਲਈ ਪੁਲਿਸ ਫੋਰਸ ਨੂੰ ਫੰਡਾਂ ਤੋਂ ਇਲਾਵਾ ਲੋੜੀਂਦੇ ਸਟਾਫ਼, ਨਵੀਨਤਮ ਸਾਜ਼ੋ-ਸਾਮਾਨ ਅਤੇ ਸੂਚਨਾ ਤਕਨਾਲੋਜੀ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ।
ਹੋਰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਏ.ਜੀ.ਟੀ.ਐਫ. ਦੇਸ਼ ਵਿੱਚ ਅਜਿਹੀਆਂ ਵਿਸ਼ੇਸ਼ ਯੂਨਿਟਾਂ ਦੀ ਤਰਜ਼ 'ਤੇ ਖੁਫੀਆ ਜਾਣਕਾਰੀ ਹਾਸਲ ਕਰਨਾ, ਕਾਰਵਾਈਆਂ ਕਰਨ, ਐਫ.ਆਈ.ਆਰਜ਼ ਦਰਜ ਕਰਨ, ਜਾਂਚ ਅਤੇ ਮੁਕੱਦਮਾ ਚਲਾਉਣ ਦਾ ਕੰਮ ਕਰੇਗੀ। ਜ਼ਿਲ੍ਹਿਆਂ ਦੇ ਪੁਲੀਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਸੰਗਠਿਤ ਅਪਰਾਧਾਂ ਵਿਰੁੱਧ ਆਪਸੀ ਤਾਲਮੇਲ ਨਾਲ ਯਤਨ ਕਰਨ ਦੇ ਨਿਰਦੇਸ਼ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਭਰ ਵਿੱਚ ਸੰਗਠਿਤ ਅਪਰਾਧਾਂ ਵਿਰੁੱਧ ਕਾਰਵਾਈ ਕਰਨ ਲਈ ਸੂਬਾ ਪੱਧਰੀ ਅਧਿਕਾਰ ਖੇਤਰ ਵਾਲੇ ਨਵੇਂ ਥਾਣਿਆਂ ਨੂੰ ਜਲਦ ਹੀ ਨੋਟੀਫਾਈ ਕੀਤਾ ਜਾਵੇਗਾ ਤਾਂ ਜੋ ਆਮ ਲੋਕਾਂ ਦੇ ਮਨਾਂ ਵਿੱਚ ਗੈਂਗਸਟਰਾਂ ਵੱਲੋਂ ਫੈਲਾਈ ਦਹਿਸ਼ਤ ਨੂੰ ਦੂਰ ਕੀਤਾ ਜਾ ਸਕੇ।
ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਗੈਂਗਸਟਰਾਂ ਦੀਆਂ ਗਤੀਵਿਧੀਆਂ 'ਤੇ ਸਖ਼ਤ ਨਜ਼ਰ ਰੱਖਣ ਲਈ ਜੇਲ੍ਹ ਵਿਭਾਗ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਹਨ ਅਤੇ ਇਸ ਸਬੰਧ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸੰਗਰੂਰ ਜ਼ਿਲ੍ਹੇ ਵਿੱਚ ਅਪਰਾਧ ਦੀ ਦਰ ਵਿੱਚ ਭਾਰੀ ਗਿਰਾਵਟ ਲਿਆਉਣ ਸਬੰਧੀ ਆਪਣਾ ਨਿੱਜੀ ਤਜਰਬਾ ਸਾਂਝਾ ਕਰਦਿਆਂ ਮਾਨ ਨੇ ਕਿਹਾ ਕਿ ਬਤੌਰ ਸੰਸਦ ਮੈਂਬਰ ਉਨ੍ਹਾਂ ਨੇ ਆਪਣੇ ਐਮ.ਪੀ. ਫੰਡ ਵਿੱਚੋਂ ਜ਼ਿਲ੍ਹੇ ਦੇ ਪ੍ਰਮੁੱਖ ਕਸਬਿਆਂ ਵਿੱਚ ਸਥਾਨਕ ਪੁਲਿਸ ਸਟੇਸ਼ਨਾਂ ਨਾਲ ਜੁੜੇ ਵਾਈ-ਫਾਈ ਸੀਸੀਟੀਵੀ ਕੈਮਰੇ ਲਾਉਣ ਦੀ ਪਹਿਲਕਦਮੀ ਕੀਤੀ ਹੈ। ਭਗਵੰਤ ਮਾਨ ਨੇ ਕਿਹਾ, "ਇਸ ਪ੍ਰਾਜੈਕਟ ਤਹਿਤ ਬਹੁਤ ਘੱਟ ਕੀਮਤ 'ਤੇ ਹਾਈ-ਰੈਜ਼ੋਲਿਊਸ਼ਨ ਕੈਮਰੇ ਲਗਾਏ ਗਏ ਸਨ, ਜਿਨ੍ਹਾਂ ਨੇ 24 ਘੰਟੇ ਨਿਗਰਾਨੀ ਨੂੰ ਯਕੀਨੀ ਬਣਾ ਕੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਹੈ।"
ਰੋਜ਼ਾਨਾ ਵਾਪਰਦੇ ਘਾਤਕ ਸੜਕ ਹਾਦਸਿਆਂ ਕਾਰਨ ਕਈ ਕੀਮਤੀ ਜਾਨਾਂ ਚਲੇ ਜਾਣ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਮਾਨ ਨੇ ਕਿਹਾ ਕਿ ਇਨ੍ਹਾਂ ਹਾਦਸਿਆਂ ਕਾਰਨ ਹਰੇਕ ਸਾਲ 5500 ਤੋਂ ਵੱਧ ਜਾਨਾਂ ਚਲੀਆਂ ਜਾਂਦੀਆਂ ਹਨ ਅਤੇ 1.5 ਲੱਖ ਦੇ ਕਰੀਬ ਲੋਕ ਇਸ ਕਾਰਨ ਜ਼ਖ਼ਮੀ ਹੋ ਜਾਂਦੇ ਹਨ। ਉਨ੍ਹਾਂ ਡੀ.ਜੀ.ਪੀ. ਨੂੰ ਕਿਹਾ ਕਿ ਉਹ ਹਾਈਵੇ ਪੈਟਰੋਲਿੰਗ ਪੁਲਿਸ ਦਾ ਇੱਕ ਵੱਖਰਾ ਵਿੰਗ ਬਣਾਉਣ ਲਈ ਇੱਕ ਵਿਆਪਕ ਤਜਵੀਜ਼ ਲੈ ਕੇ ਆਉਣ ਤਾਂ ਕਿ ਟ੍ਰੈਫਿਕ ਜਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੰਟਰੋਲ ਕਰਨ ਦੇ ਨਾਲ-ਨਾਲ ਦੁਰਘਟਨਾ ਪੀੜਤਾਂ ਨੂੰ ਸਮੇਂ ਸਿਰ ਡਾਕਟਰੀ ਸਹਾਇਤਾ ਯਕੀਨੀ ਬਣਾਈ ਜਾ ਸਕੇ ਜਿਸ ਨਾਲ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮਸ਼ਹੂਰ ਟੀ.ਵੀ. ਹਸਤੀ ਜਸਪਾਲ ਭੱਟੀ ਦੀ ਸੜਕ ਹਾਦਸੇ ਵਿੱਚ ਮੌਤ ਤੋਂ ਬਾਅਦ 136 ਬਲੈਕ ਸਪਾਟਸ (ਦੁਰਘਟਨਾਗ੍ਰਸਤ ਥਾਵਾਂ) ਦੀ ਪਛਾਣ ਕੀਤੀ ਗਈ ਸੀ ਪਰ ਬਦਕਿਸਮਤੀ ਨਾਲ ਜ਼ਮੀਨੀ ਪੱਧਰ 'ਤੇ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਉਨ੍ਹਾਂ ਨੇ ਹਰੇਕ ਪੁਲਿਸ ਵਾਹਨ ਵਿੱਚ ਇੱਕ ਫਸਟ ਏਡ ਕਿੱਟ ਰੱਖਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਤਾਂ ਜੋ ਲੋੜ ਪੈਣ ਉਤੇ ਸੜਕ 'ਤੇ ਹੀ ਕਿਸੇ ਵੀ ਜ਼ਖਮੀ ਨੂੰ ਡਾਕਟਰੀ ਸਹਾਇਤਾ ਦਿੱਤੀ ਜਾ ਸਕੇ।
ਭਗਵੰਤ ਮਾਨ ਨੇ ਫੀਲਡ ਅਤੇ ਹੈੱਡਕੁਆਰਟਰ ਵਿੱਚ ਤਾਇਨਾਤ ਸਾਰੇ ਪੁਲਿਸ ਅਧਿਕਾਰੀਆਂ ਨੂੰ ਸਮੇਂ ਦੇ ਪਾਬੰਦ ਰਹਿਣ ਅਤੇ ਅਨੁਸ਼ਾਸਨ ਬਣਾਈ ਰੱਖਣ ਲਈ ਕਿਹਾ ਤਾਂ ਜੋ ਲੋਕਾਂ ਦਾ ਵਿਸ਼ਵਾਸ ਜਿੱਤਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਪੁਲਿਸ ਬਲ ਨੂੰ ਆਪਣਾ ਅਕਸ ਸੁਧਾਰਨ ਵਿੱਚ ਮਦਦ ਮਿਲੇਗੀ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਡੀ.ਜੀ.ਪੀ. ਵੀ.ਕੇ. ਭਾਵਰਾ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸਮੁੱਚਾ ਪੁਲਿਸ ਬਲ ਆਮ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਪੂਰੀ ਲਗਨ, ਇਮਾਨਦਾਰੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਆਪਣੀ ਡਿਊਟੀ ਨਿਭਾਏਗਾ।
ਵਿਸ਼ੇਸ਼ ਡੀ.ਜੀ.ਪੀ. ਇੰਟੈਲੀਜੈਂਸ ਪ੍ਰਬੋਧ ਕੁਮਾਰ ਵੱਲੋਂ ਆਪਣੀ ਸੰਖੇਪ ਪੇਸ਼ਕਾਰੀ ਦੌਰਾਨ ਸਾਈਬਰ ਅਪਰਾਧਾਂ ਕਾਰਨ ਕਾਨੂੰਨ ਵਿਵਸਥਾ ਸਬੰਧੀ ਉਭਰਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪੁਲਿਸ ਵਿਭਾਗ ਦੀਆਂ ਵੱਖ-ਵੱਖ ਮੰਗਾਂ ਰੱਖੀਆਂ ਗਈਆਂ, ਜਿਸ ਦਾ ਹਵਾਲਾ ਦਿੰਦਿਆਂ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਦੱਸਿਆ ਕਿ ਉਹ ਪਹਿਲਾਂ ਹੀ ਇਨ੍ਹਾਂ ਮੁੱਦਿਆਂ ਤੋਂ ਜਾਣੂ ਹਨ ਅਤੇ ਉਨ੍ਹਾਂ ਨੇ ਡੀ.ਜੀ.ਪੀ. ਭਾਵਰਾ ਨੂੰ ਵਿੱਤ ਵਿਭਾਗ ਕੋਲ ਇੱਕ ਮੁਕੰਮਲ ਪ੍ਰਸਤਾਵ ਭੇਜਣ ਲਈ ਕਿਹਾ ਤਾਂ ਜੋ ਸੂਬੇ ਦੇ ਸਾਲਾਨਾ ਬਜਟ ਵਿੱਚ ਇਸ ਸਬੰਧੀ ਲੋੜੀਂਦੇ ਬਜਟ ਦੀ ਵੰਡ ਕੀਤੀ ਜਾ ਸਕੇ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੌਰਵ ਯਾਦਵ ਤੋਂ ਇਲਾਵਾ ਸਾਰੇ ਡੀ.ਜੀ.ਪੀ., ਵਿਸ਼ੇਸ਼ ਡੀ.ਜੀ.ਪੀ., ਏ.ਡੀ.ਜੀ.ਪੀ., ਆਈ.ਜੀ.