ਉਪਰਾਲੇ ਦਾ ਉਦੇਸ਼ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨਾ
ਚੰਡੀਗੜ੍ਹ, 16 ਮਈ, (BTTNEWS)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਨਿਪਟਾਰਾ ਕਰਨ ਲਈ ਆਪਣੀ ਸਰਕਾਰ ਦੇ ਪਹਿਲੇ ਨਿਵੇਕਲੇ ਪ੍ਰੋਗਰਾਮ 'ਲੋਕ ਮਿਲਣੀ' ਦਾ ਆਗਾਜ਼ ਕੀਤਾ।
ਇੱਥੇ ਪੰਜਾਬ ਭਵਨ ਵਿਖੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਇਹ ਮੇਰੀ ਸਰਕਾਰ ਦਾ ਇੱਕ ਨਿਮਾਣਾ ਜਿਹਾ ਉਪਰਾਲਾ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਸੀਂ ਲੋਕਾਂ ਨੂੰ ਉਨ੍ਹਾਂ ਦੇ ਲੰਮੇ ਸਮੇਂ ਤੋਂ ਲਟਕਦੇ ਪ੍ਰਸ਼ਾਸਨਿਕ ਮੁੱਦਿਆਂ ਨੂੰ ਹੱਲ ਕਰਨ ਲਈ ਸਹੂਲਤਾਂ ਮੁੱਹਈਆ ਕਰ ਸਕੀਏ।”
ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਫੌਰੀ ਨਿਪਟਾਉਣ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਉੱਚ ਅਧਿਕਾਰੀ ਇਸ 'ਲੋਕ ਮਿਲਣੀ' ਦੌਰਾਨ ਉਨ੍ਹਾਂ ਦੇ ਨਾਲ ਹਨ ਤਾਂ ਜੋ ਲੋਕਾਂ ਵੱਲੋਂ ਉਠਾਏ ਗਏ ਮਾਮਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਖੱਜਲ ਖੁਆਰ ਨਾ ਹੋਣਾ ਪਵੇ।
ਪੰਜਾਬ ਭਵਨ ਵਿਖੇ ਇਸ ‘ਲੋਕ ਮਿਲਣੀ’ ਦੌਰਾਨ 61 ਸ਼ਿਕਾਇਤਕਰਤਾਵਾਂ ਨੇ ਮੁੱਖ ਮੰਤਰੀ ਅੱਗੇ ਆਪਣੀਆਂ ਸ਼ਿਕਾਇਤਾਂ ਰੱਖੀਆਂ। ਉਨ੍ਹਾਂ ਨੇ ਇਸ ਮੌਕੇ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸ਼ਿਕਾਇਤਾਂ ਦਾ ਸਮਾਂਬੱਧ ਅਤੇ ਨਤੀਜਾ ਮੁਖੀ ਢੰਗ ਨਾਲ ਤੁਰੰਤ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਉਹ ਹਰ ਹਫ਼ਤੇ ਨਿੱਜੀ ਤੌਰ 'ਤੇ ਇਨ੍ਹਾਂ ਸ਼ਿਕਾਇਤਾਂ ਦੀ ਪ੍ਰਗਤੀ ਦੀ ਨਿਗਰਾਨੀ ਕਰਨਗੇ।ਉਨ੍ਹਾਂ ਕਿਹਾ ਕਿ ਇਸ ਕੰਮ ਦੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਦੌਰਾਨ ਇੱਕ ਸ਼ਿਕਾਇਤ ਦਾ ਨਿਪਟਾਰਾ ਕਰਦਿਆਂ ਮੁੱਖ ਮੰਤਰੀ ਨੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ ਨੂੰ ਯੋਗ ਲਾਭਪਾਤਰੀਆਂ ਨੂੰ ‘ਸ਼ਗਨ ਸਕੀਮ’ ਦੇ ਬਕਾਇਆ ਪਏ ਬਕਾਏ ਤੁਰੰਤ ਜਾਰੀ ਕਰਨ ਲਈ ਆਖਿਆ। ਇਕ ਹੋਰ ਸ਼ਿਕਾਇਤ 'ਤੇ ਭਗਵੰਤ ਮਾਨ ਨੇ ਜਲ ਸਰੋਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਹਰੇਕ ਲਾਭਪਾਤਰੀ ਨੂੰ ਬਿਨਾਂ ਕਿਸੇ ਪੱਖਪਾਤ ਦੇ ਪੀਣ ਵਾਲੇ ਪਾਣੀ ਦੀ ਸਪਲਾਈ ਕੀਤੀ ਜਾਵੇ। ਡਾ: ਸੀਮਾ ਰਾਣੀ, ਜਿਸ ਦੇ ਪਤੀ ਦਾ ਕਰੀਬ ਦੋ ਸਾਲ ਪਹਿਲਾਂ ਕੋਵਿਡ-19 ਮਹਾਂਮਾਰੀ ਦੌਰਾਨ ਦਿਹਾਂਤ ਹੋ ਗਿਆ ਸੀ, ਦੀ ਸ਼ਿਕਾਇਤ 'ਤੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰ ਦੀ ਨੀਤੀ ਅਨੁਸਾਰ ਉਸ ਨੂੰ ਜਲਦੀ ਤੋਂ ਜਲਦੀ ਨੌਕਰੀ ਦੇਣ ਨੂੰ ਯਕੀਨੀ ਬਣਾਉਣ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਦੀ ਅਲਾਮਤ ਪ੍ਰਤੀ ਨਾ ਸਹਿਣਯੋਗ ਵਤੀਰਾ ਅਪਣਾ ਰਹੀ ਹੈ ਅਤੇ ਇਸ ਲਾਹਨਤ ਦਾ ਸੂਬੇ ਵਿੱਚੋਂ ਸਫਾਇਆ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਭਰਤੀ ਪ੍ਰੀਖਿਆ ਦਾ ਨਿਰਪੱਖ ਅਤੇ ਪਾਰਦਰਸ਼ੀ ਨਤੀਜਾ ਜਲਦ ਹੀ ਐਲਾਨਿਆ ਜਾਵੇਗਾ ਅਤੇ ਚੁਣੇ ਗਏ ਉਮੀਦਵਾਰਾਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਦਿੱਤੇ ਜਾਣਗੇ। ਭਗਵੰਤ ਮਾਨ ਨੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਵੱਖ-ਵੱਖ ਵਿਭਾਗਾਂ ਨੂੰ ਕਈ ਹਦਾਇਤਾਂ ਵੀ ਜਾਰੀ ਕੀਤੀਆਂ।
ਇਸ ਦੌਰਾਨ ਮੁੱਖ ਮੰਤਰੀ ਨਾਲ 'ਲੋਕ ਮਿਲਣੀ' ਵਿੱਚ ਸ਼ਾਮਲ ਹੋਏ ਲੋਕਾਂ ਨੇ ਨਾਗਰਿਕਾਂ ਨੂੰ ਤੁਰੰਤ ਰਾਹਤ ਦੇਣ ਲਈ ਭਗਵੰਤ ਮਾਨ ਸਰਕਾਰ ਦੇ ਇਸ ਨੇਕ ਅਤੇ ਲੋਕ ਪੱਖੀ ਉਪਰਾਲੇ ਦੀ ਸ਼ਲਾਘਾ ਕੀਤੀ।
ਇਸ ਮੌਕੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਡਾਇਰੈਕਟਰ ਜਨਰਲ ਆਫ਼ ਪੁਲਿਸ ਵੀ.ਕੇ.ਭਾਵਰਾ, ਵਧੀਕ ਮੁੱਖ ਸਕੱਤਰ ਸੀਮਾ ਜੈਨ, ਸਰਬਜੀਤ ਸਿੰਘ, ਅਨੁਰਾਗ ਅਗਰਵਾਲ ਅਤੇ ਅਨੁਰਾਗ ਵਰਮਾ, ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਆਰ.ਕੇ.ਗੈਂਟਾ, ਅਲੋਕ ਸ਼ੇਖਰ, ਵਿਵੇਕ ਪ੍ਰਤਾਪ ਸਿੰਘ, ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਸੁਮੇਧ ਸਿੰਘ ਗੁਰਜਰ ਤੇ ਅਜੋਏ ਸ਼ਰਮਾ ਆਦਿ ਵੀ ਹਾਜ਼ਰ ਸਨ।