-ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼ਹੀਦੀ ਸਮਾਗਮ ਮੌਕੇ ਕੀਤਾ ਗਿਆ ਸਨਮਾਨਿਤ
-ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਮਜ਼ਬੂਤੀ ਲਈ ਸਿੱਖਾਂ ਅੰਦਰ ਧਾਰਮਿਕ ਜਜ਼ਬਾ ਦ੍ਰਿੜ੍ਹ ਕਰਨਾ ਬੇਹੱਦ ਲਾਜ਼ਮੀ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 6 ਜੂਨ (BTTNEWS)- ਜੂਨ 1984 ਵਿਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ੁਬੇਗ ਸਿੰਘ ਸਮੇਤ ਹੋਰ ਸ਼ਹੀਦਾਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਲਾਨਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਇਸ ਸਮਾਗਮ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਸਰਵਣ ਕਰਵਾਇਆ। ਸਮਾਗਮ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਜੂਨ 1984 ਦਾ ਘੱਲੂਘਾਰਾ ਸਿੱਖ ਕੌਮ ’ਤੇ ਹੋਏ ਜ਼ੁਲਮਾਂ ਦੀ ਦਰਦ ਭਰੀ ਗਾਥਾ ਹੈ, ਜੋ ਭਾਰਤੀ ਸਟੇਟ ਦੇ ਸਿੱਖ ਵਿਰੋਧੀ ਮਨਸੂਬਿਆਂ ਦੀ ਦੇਣ ਸੀ। ਉਨ੍ਹਾਂ ਕਿਹਾ ਕਿ 1947 ’ਚ ਹੋਈ ਦੇਸ਼ ਵੰਡ ਦੇ ਸਮੇਂ ਤੋਂ ਹੀ ਸਿੱਖਾਂ ਨੂੰ ਨੱਪਣ ਤੇ ਕੁੱਟਣ ਦੀ ਨੀਤੀ ਸ਼ੁਰੂ ਹੋ ਗਈ ਸੀ, ਜਿਸ ਦਾ ਮੁੱਖ ਸੂਤਰਧਾਰ ਪੰਡਤ ਜਵਾਹਰ ਲਾਲ ਨਹਿਰੂ ਸੀ ਅਤੇ ਇਸੇ ਦਾ ਹੀ ਸਿੱਟਾ ਸੀ ਕਿ 1984 ਵਿਚ ਭਾਰਤ ਦੀ ਕਾਂਗਰਸ ਸਰਕਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਹੋਰ ਸਿੱਖ ਗੁਰਧਾਮਾਂ ’ਤੇ ਫ਼ੋਜੀ ਹਮਲੇ ਕਰਕੇ ਸਿੱਖ ਕੌਮ ਨੂੰ ਖ਼ਤਮ ਕਰਨ ਦਾ ਯਤਨ ਕੀਤਾ। ਪਰੰਤੂ ਸਿੱਖ ਯੋਧਿਆਂ ਨੇ ਇਤਿਹਾਸ ਤੋਂ ਸੇਧ ਲੈਂਦਿਆਂ ਦੁਸ਼ਮਣ ਫ਼ੌਜ ਦਾ ਡਟ ਕੇ ਮੁਕਾਬਲਾ ਕੀਤਾ ਅਤੇ ਸ਼ਹਾਦਤਾਂ ਪ੍ਰਾਪਤ ਕੀਤੀਆਂ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸਿੱਖਾਂ ਨੂੰ ਰਾਜ ਦਾ ਸੰਕਲਪ ਗੁਰੂ ਸਾਹਿਬਾਨ ਦੇ ਸਮੇਂ ਤੋਂ ਹੀ ਮਿਲਿਆ ਹੈ, ਜਿਸ ਨੂੰ ਸਿੱਖ ਅੱਜ ਵੀ ਰੋਜ਼ਾਨਾ ਅਰਦਾਸ ਸਮੇਂ ‘ਰਾਜ ਕਰੇਗਾ ਖਾਲਸਾ’ ਦੇ ਰੂਪ ਵਿਚ ਚੇਤੇ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਕੌਮ ਨੂੰ ਧਾਰਮਿਕ, ਸਮਾਜਕ, ਆਰਥਿਕ ਅਤੇ ਰਾਜਨੀਤਕ ਤੌਰ ’ਤੇ ਮਜ਼ਬੂਤ ਹੋਣ ਦੀ ਜ਼ਰੂਰਤ ਹੈ ਅਤੇ ਇਸ ਸੇਧ ਵਿਚ ਸਿੱਖ ਨੌਜੁਆਨੀ ਨੂੰ ਉੱਚ ਦਰਜੇ ਦੀ ਸਿੱਖਿਆ ਪ੍ਰਾਪਤ ਕਰਕੇ ਦੇਸ਼ ਦੁਨੀਆਂ ਵਿਚ ਅੱਗੇ ਵਧਣਾ ਹੋਵੇਗਾ। ਇਸ ਦੇ ਨਾਲ ਹੀ ਸਿੱਖ ਕੌਮ ਨੂੰ ਵਿਰਸੇ ’ਚ ਮਿਲੀ ਸਿੱਖ ਸ਼ਸਤਰ ਕਲਾ ਵਿਚ ਵੀ ਨਿਪੁੰਨ ਹੋਣਾ ਬੇਹੱਦ ਲਾਜ਼ਮੀ ਹੈ। ਇਸ ਲਈ ਸਿੱਖ ਕੌਮ ਸਿੱਖ ਮਾਰਸ਼ਲ ਆਰਟ ਗਤਕਾ ਅਤੇ ਹੋਰ ਵਿਰਾਸਤੀ ਸ਼ਸਤਰਾਂ ਦੀ ਸਿਖਲਾਈ ਦਾ ਪ੍ਰਬੰਧ ਕਰੇ ਅਤੇ ਲੋੜ ਮੁਤਾਬਿਕ ਆਧੁਨਿਕ ਹਥਿਆਰਾਂ ਦੀ ਸਿਖਲਾਈ ਲਈ ਵੀ ਸ਼ੂਟਿੰਗ ਰੇਂਜਾਂ ਸਥਾਪਤ ਕਰੇ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਅੱਜ ਅਨੇਕਾਂ ਚੁਣੌਤੀਆਂ ਸਿੱਖ ਕੌਮ ਨੂੰ ਕਮਜ਼ੋਰ ਕਰ ਰਹੀਆਂ ਹਨ। ਨਸ਼ਿਆਂ ਅਤੇ ਅਨਮਤ ਦੇ ਪ੍ਰਚਾਰ ਨੇ ਸਿੱਖੀ ਨੂੰ ਢਾਹ ਲਾਈ ਹੈ। ਸਰਹੱਦੀ ਇਲਾਕਿਆਂ ਵਿਚ ਲਾਲਚ ਦੇ ਕੇ ਕੀਤਾ ਜਾ ਰਿਹਾ ਇਸਾਈਅਤ ਦਾ ਪ੍ਰਚਾਰ ਚਿੰਤਾਜਨਕ ਹੈ, ਜਿਸ ਪ੍ਰਤੀ ਸਿੱਖ ਸੰਸਥਾਵਾਂ ਅਤੇ ਜਥੇਬੰਦੀਆਂ ਪੁਰਾਤਨ ਸਿੰਘਾਂ ਵਾਂਗ ਧਰਮ ਪ੍ਰਚਾਰ ਲਈ ਅੱਗੇ ਆਉਣ। ਖ਼ਾਸਕਰ ਸਿੱਖ ਨੌਜੁਆਨੀ ਅੰਦਰ ਧਾਰਮਿਕ ਜਜ਼ਬਾ ਕੁਟ-ਕੁਟ ਕੇ ਭਰਿਆ ਜਾਵੇ, ਤਾਂ ਜੋ ਕੌਮ ਸਮਾਜਿਕ, ਆਰਥਿਕ ਅਤੇ ਰਾਜਨੀਤੀ ਤੌਰ ’ਤੇ ਮਜ਼ਬੂਤ ਹੋ ਸਕੇ। ਇਸੇ ਦੌਰਾਨ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਵੱਲੋਂ ਘੱਲੂਘਾਰਾ ਹਫ਼ਤੇ ਦੌਰਾਨ ਅੰਮ੍ਰਿਤਸਰ ਸ਼ਹਿਰ ਵਿਚ ਸਰਕਾਰ ਵੱਲੋਂ ਫੋਰਸਾਂ ਦੀ ਭਾਰੀ ਤਾਇਨਾਤੀ ’ਤੇ ਵੀ ਸਵਾਲ ਉਠਾਇਆ। ਉਨ੍ਹਾਂ ਆਖਿਆ ਕਿ ਸਰਕਾਰ ਨੂੰ ਸਮਝਣਾ ਚਾਹੀਦਾ ਹੈ ਕਿ ਸਿੱਖ ਕੌਮ ਕਿਸੇ ਨੂੰ ਡਰਾਉਣ ਵਾਲੀ ਕੌਮ ਨਹੀਂ ਹੈ, ਸਗੋਂ ਇਹ ਤਾਂ ਮਜ਼ਲੂਮਾਂ ਦੀ ਰੱਖਿਆ ਕਰਦੀ ਆਈ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਹੋਰਨਾਂ ਗੁਰਧਾਮਾਂ ’ਤੇ ਹਮਲਾ ਅੱਜ ਵੀ ਕੌਮ ਨੂੰ ਪੀੜਾ ਦਿੰਦਾ ਹੈ ਅਤੇ ਇਹ ਇਤਿਹਾਸਕ ਸੱਚ ਹੈ ਕਿ ਜਿਸ ਨੇ ਵੀ ਗੁਰਧਾਮਾਂ ’ਤੇ ਹਮਲਾ ਕੀਤਾ, ਉਸ ਦੀ ਬਰਬਾਦੀ ਹੀ ਹੋਈ। ਉਨ੍ਹਾਂ ਘੱਲੂਘਾਰਾ ਦਿਹਾੜੇ ਦੇ ਸ਼ਹੀਦੀ ਸਮਾਗਮ ਦੌਰਾਨ ਪੁੱਜਣ ਵਾਲੀਆਂ ਪ੍ਰਮੁੱਖ ਪੰਥਕ ਸ਼ਖ਼ਸੀਅਤਾਂ ਅਤੇ ਸੰਗਤ ਦਾ ਧੰਨਵਾਦ ਵੀ ਕੀਤਾ।
ਸ਼ਹੀਦੀ ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ ਅਤੇ ਜੂਨ 1984 ਦੇ ਘੱਲੂਘਾਰੇ ਨੂੰ ਤਤਕਾਲੀ ਕਾਂਗਰਸ ਸਰਕਾਰ ਦੀ ਮਨੁੱਖਤਾ ਮਾਰੂ ਕਾਰਵਾਈ ਕਿਹਾ। ਉਨ੍ਹਾਂ ਕਿਹਾ ਕਿ ਸਿੱਖ ਕੌਮ ਇਸ ਦੁਖਾਂਤ ਨੂੰ ਕਦੇ ਵੀ ਨਹੀਂ ਭੁੱਲ ਸਕਦੀ, ਸਗੋਂ ਹਰ ਸਾਲ ਇਸ ਦੇ ਜ਼ਖ਼ਮ ਹੋਰ ਤਾਜ਼ਾ ਹੁੰਦੇ ਹਨ।
ਇਸ ਮੌਕੇ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਧਰਮ ਪਤਨੀ ਬੀਬੀ ਹਰਮੀਤ ਕੌਰ, ਸਪੁੱਤਰੀ ਬੀਬੀ ਸਤਵੰਤ ਕੌਰ, ਭਰਾ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ਼ਹੀਦ ਜਨਰਲ ਸੁਬੇਗ ਸਿੰਘ ਦੇ ਭਰਾ ਸ. ਬੇਅੰਤ ਸਿੰਘ, ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ ਸਮੇਤ ਹੋਰ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪੁੱਜੀਆਂ ਸਿੱਖ ਸੰਘਰਸ਼ ਨਾਲ ਸਬੰਧਤ ਹੋਰ ਸ਼ਖ਼ਸੀਅਤਾਂ ਨੂੰ ਵੀ ਸਿਰੋਪਾਓ ਦੇ ਕੇ ਨਿਵਾਜਿਆ ਗਿਆ।
ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਭਗਵੰਤ ਸਿੰਘ ਸਿਆਲਕਾ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਭੁਪਿੰਦਰ ਸਿੰਘ ਭਲਵਾਨ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਜਗਸੀਰ ਸਿੰਘ ਮਾਂਗੇਆਣਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਅਵਤਾਰ ਸਿੰਘ ਵਣਵਾਲਾ, ਸ਼ਹੀਦ ਭਾਈ ਸਤਵੰਤ ਸਿੰਘ ਦੇ ਭਰਾ ਭਾਈ ਵਰਿਆਮ ਸਿੰਘ, ਸਾਬਕਾ ਮੈਂਬਰ ਸ. ਬਲਦੇਵ ਸਿੰਘ ਐਮਏ., ਸ. ਅਮਰਬੀਰ ਸਿੰਘ ਢੋਟ, ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਤੇਜਿੰਦਰ ਸਿੰਘ ਪੱਡਾ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸਿਮਰਜੀਤ ਸਿੰਘ ਕੰਗ, ਸ. ਨਿਰਵੈਲ ਸਿੰਘ, ਆਨਰੇਰੀ ਸਕੱਤਰ ਸ. ਗੁਰਮੀਤ ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਰਘਬੀਰ ਸਿੰਘ ਰਾਜਾਸਾਂਸੀ, ਸ. ਸਿਮਰਨਜੀਤ ਸਿੰਘ ਮਾਨ, ਸ. ਜਸਕਰਨ ਸਿੰਘ ਕਾਹਨਸਿੰਘ ਵਾਲਾ, ਸ. ਨਰਾਇਣ ਸਿੰਘ ਚੌੜਾ, ਸ. ਕੰਵਰਪਾਲ ਸਿੰਘ, ਭਾਈ ਜਸਬੀਰ ਸਿੰਘ ਘੁੰਮਣ, ਭਾਈ ਮੋਹਕਮ ਸਿੰਘ, ਪ੍ਰੋ. ਬਲਜਿੰਦਰ ਸਿੰਘ, ਸ. ਸਰਬਜੀਤ ਸਿੰਘ ਸੋਹਲ, ਸ. ਹਰਸਿਮਰਨ ਸਿੰਘ, ਭਾਈ ਬਲਵੰਤ ਸਿੰਘ ਗੋਪਾਲਾ ਆਦਿ ਮੌਜੂਦ ਸਨ।
ਜੂਨ 1984 ਦਾ ਘੱਲੂਘਾਰਾ ਵਿਸ਼ਵ ਧਰਮ ਇਤਿਹਾਸ ਵਿਚ ਕਰੂਰ ਕਾਰੇ ਵਜੋਂ ਰਹੇਗਾ ਯਾਦ- ਐਡਵੋਕੇਟ ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਮੌਕੇ ਸ਼ਹੀਦ ਹੋਏ ਸਿੰਘ, ਸਿੰਘਣੀਆਂ ਅਤੇ ਬੱਚਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਘੱਲੂਘਾਰੇ ਦੌਰਾਨ ਸਿੱਖ ਕੌਮ ਦੇ ਯੋਧਿਆਂ ਨੇ ਪੁਰਾਤਨ ਸਿੱਖ ਰਵਾਇਤਾਂ ਦੀ ਪਹਿਰੇਦਾਰੀ ਕੀਤੀ ਅਤੇ ਸ਼ਹਾਦਤਾਂ ਦੀ ਲੜੀ ਨੂੰ ਅੱਗੇ ਤੋਰਿਆ। ਘੱਲੂਘਾਰੇ ਸਬੰਧੀ ਸ਼ਹੀਦੀ ਸਮਾਗਮ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਕੌਮ ਕਦੇ ਵੀ ਆਪਣੇ ਗੁਰਧਾਮਾਂ ਦੀ ਬੇਅਦਬੀ ਬਰਦਾਸ਼ਤ ਨਹੀਂ ਕਰ ਸਕਦੀ ਅਤੇ ਚੜ੍ਹ ਕੇ ਆਏ ਦੁਸ਼ਮਣ ਨੂੰ ਸਿੱਖ ਕੌਮ ਨੇ ਹਮੇਸ਼ਾ ਹੀ ਮੂੰਹ ਤੋੜਵਾਂ ਜਵਾਬ ਦਿੱਤਾ। ਉਨ੍ਹਾਂ ਆਖਿਆ ਕਿ ਜੂਨ 1984 ਦਾ ਘੱਲੂਘਾਰਾ ਕਿਸੇ ਬਾਹਰੀ ਦੁਸ਼ਮਣ ਨੇ ਨਹੀਂ, ਬਲਕਿ ਆਪਣੇ ਹੀ ਦੇਸ਼ ਦੀ ਜਾਲਮ ਸਰਕਾਰ ਦਾ ਵਹਿਸ਼ੀਆਣਾ ਕਾਰਾ ਸੀ। ਇਹ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲੀ ਕਾਰਵਾਈ ਸੀ, ਜਿਸ ਨੂੰ ਪੂਰੇ ਵਿਸ਼ਵ ਦੇ ਧਰਮ ਇਤਿਹਾਸ ਵਿਚ ਕਰੂਰ ਕਾਰੇ ਵਜੋਂ ਯਾਦ ਰੱਖਿਆ ਜਾਵੇਗਾ।