ਪੰਜਾਬ ਵਿਜੀਲੈਂਸ ਬਿਊਰੋ ਨੇ ਡਰੱਗ ਇੰਸਪੈਕਟਰ ਅਤੇ ਸਿਵਲ ਹਸਪਤਾਲ ਦੇ ਕਰਮਚਾਰੀ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

bttnews
0

ਪੰਜਾਬ ਵਿਜੀਲੈਂਸ ਬਿਊਰੋ ਨੇ ਡਰੱਗ ਇੰਸਪੈਕਟਰ ਅਤੇ ਸਿਵਲ ਹਸਪਤਾਲ ਦੇ ਕਰਮਚਾਰੀ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

 ਚੰਡੀਗੜ੍ਹ, 29 ਜੂਨ (BTTNEWS)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਿਵਲ ਹਸਪਤਾਲ ਪਠਾਨਕੋਟ ਦੇ ਦਰਜਾ-4 ਕਰਮਚਾਰੀ ਰਾਕੇਸ਼ ਕੁਮਾਰ ਨੂੰ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਡਰੱਗ ਇੰਸਪੈਕਟਰ, ਪਠਾਨਕੋਟ ਬਬਲੀਨ ਕੌਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਗ੍ਰਿਫਤਾਰੀਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟ ਅਧਿਕਾਰੀਆਂ/ਕਰਮਚਾਰੀਆਂ ਨੂੰ ਨੱਥ ਪਾ ਕੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਸਬੰਧੀ ਕੀਤੇ ਵਾਅਦੇ ਤਹਿਤ ਕੀਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਹਾਲ ਹੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਕਈ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਅਤੇ ਹੋਰਨਾਂ ਦੀਆਂ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਰਾਕੇਸ਼ ਕੁਮਾਰ ਨੂੰ ਪਠਾਨਕੋਟ-ਵਾਸੀ ਵਿਅਕਤੀ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਸੀ ਕਿ ਉਸਨੇ ਮਾਮੁਨ ਵਿਖੇ ਮੈਡੀਕਲ ਸਟੋਰ ਖੋਲ੍ਹਣ ਲਈ ਲਾਇਸੈਂਸ ਲੈਣ ਵਾਸਤੇ ਆਨਲਾਈਨ ਅਪਲਾਈ ਕੀਤਾ ਸੀ। ਸ਼ਿਕਾਇਤਕਰਤਾ ਨੂੰ ਬਾਅਦ ਵਿੱਚ ਡਰੱਗ ਇੰਸਪੈਕਟਰ ਬਬਲੀਨ ਕੌਰ ਨੇ ਫੋਨ ਕਰਕੇ ਇਸ ਸਬੰਧੀ ਸਿਵਲ ਹਸਪਤਾਲ ਪਠਾਨਕੋਟ ਵਿੱਚ ਦਰਜਾ 4 ਕਰਮਚਾਰੀ ਰਾਕੇਸ਼ ਕੁਮਾਰ, ਜੋ ਪਹਿਲਾਂ ਉਸਦੇ ਨਾਲ ਤਾਇਨਾਤ ਸੀ, ਨਾਲ ਸੰਪਰਕ ਕਰਨ ਲਈ ਕਿਹਾ।
ਸ਼ਿਕਾਇਤਕਰਤਾ 18.06.2022 ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਰਾਕੇਸ਼ ਕੁਮਾਰ ਨੂੰ ਮਿਲਿਆ, ਜਿਸ ਨੇ ਬਬਲੀਨ ਕੌਰ ਤੋਂ ਉਸਦਾ ਕੰਮ ਕਰਵਾਉਣ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ, ਜਿਸ ਨੂੰ ਬਾਅਦ ਵਿੱਚ ਘਟਾ ਕੇ 90000 ਰੁਪਏ ਕਰ ਦਿੱਤਾ ਗਿਆ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ 28.06.2022 ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 30000 ਰੁਪਏ ਦੇਣ ਲਈ ਸਹਿਮਤ ਹੋ ਗਿਆ।
ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਰਾਕੇਸ਼ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 30000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬਾਅਦ ਵਿੱਚ ਇਸ ਕੇਸ ‘ਚ ਸ਼ਾਮਲ ਹੋਣ ਕਾਰਨ ਡਰੱਗ ਇੰਸਪੈਕਟਰ, ਪਠਾਨਕੋਟ ਬਬਲੀਨ ਕੌਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ।
ਉਹਨਾਂ ਦੱਸਿਆ ਕਿ ਇਸ ਸਬੰਧੀ ਥਾਣਾ ਵਿਜੀਲੈਂਸ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ ਐਫ.ਆਈ.ਆਰ.ਨੰਬਰ 08 ਮਿਤੀ 28.06.2022 ਨੂੰ ਦਰਜ ਕਰ ਲਈ ਗਈ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

Post a Comment

0Comments

Post a Comment (0)