ਮੁੱਖ ਮੰਤਰੀ ਵੱਲੋਂ ਸੂਬੇ ਵਿਚ ਭ੍ਰਿਸ਼ਟ-ਤੰਤਰ ਤੋਂ ਇਕ-ਇਕ ਪੈਸਾ ਵਸੂਲਣ ਦਾ ਐਲਾਨ

bttnews
0

 ਔਰਤਾਂ ਲਈ 1000 ਰੁਪਏ ਦੀ ਵਿੱਤੀ ਸਹਾਇਤਾ ਦੀ ਚੋਣ ਗਾਰੰਟੀ ਵੀ ਛੇਤੀ ਲਾਗੂ ਹੋਵੇਗੀ

ਮੁੱਖ ਮੰਤਰੀ ਵੱਲੋਂ ਸੂਬੇ ਵਿਚ ਭ੍ਰਿਸ਼ਟ-ਤੰਤਰ ਤੋਂ ਇਕ-ਇਕ ਪੈਸਾ ਵਸੂਲਣ ਦਾ ਐਲਾਨ


ਚੰਡੀਗੜ੍ਹ, 29 ਜੂਨ (BTTNEWS)- ਭ੍ਰਿਸ਼ਟਾਚਾਰ ਵਿੱਚ ਨੱਕੋ-ਨੱਕ ਡੁੱਬੇ ਹੋਣ ਲਈ ਵਿਰੋਧੀਆਂ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟ ਸਿਆਸਤਦਾਨਾਂ ਅਤੇ ਅਫ਼ਸਰਸ਼ਾਹੀ ਦੇ ਗੱਠਜੋੜ ਪਾਸੋਂ ਲੋਕਾਂ ਦਾ ਲੁੱਟਿਆ ਹੋਇਆ ਇਕ-ਇਕ ਪੈਸਾ ਵਸੂਲਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ, “ਮੈਂ ਇਸ ਅਜ਼ੀਮ ਸਦਨ ਵਿਚ ਅਹਿਦ ਲੈਂਦਾ ਹਾਂ ਕਿ ਭ੍ਰਿਸ਼ਟ ਸਿਆਸਤਦਾਨ ਚਾਹੇ ਕਿਸੇ ਵੀ ਵੱਡੀ ਜਾਂ ਛੋਟੀ ਸਿਆਸੀ ਪਾਰਟੀ ਵਿਚ ਸ਼ਾਮਲ ਹੋ ਜਾਣ ਪਰ ਮੇਰੀ ਸਰਕਾਰ ਉਨ੍ਹਾਂ ਵੱਲੋਂ ਪੰਜਾਬ ਤੇ ਪੰਜਾਬੀਆਂ ਵਿਰੁੱਧ ਕੀਤੇ ਪਾਪ ਕਦੇ ਵੀ ਮੁਆਫ਼ ਨਹੀਂ ਕਰੇਗੀ।”

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਬਜਟ ਉਤੇ ਹੋਈ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਵਿਅਕਤੀ ਜਿਸ ਨੇ ਲੋਕਾਂ ਦਾ ਪੈਸਾ ਲੁੱਟਿਆ ਹੋਵੇ, ਨੂੰ ਉਸ ਦੀ ਕੀਮਤ ਚੁਕਾਉਣੀ ਪਵੇਗੀ ਅਤੇ ਸੂਬਾ ਸਰਕਾਰ ਅਜਿਹੇ ਲੋਕਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਸੁੱਟਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਉਨ੍ਹਾਂ ਨੂੰ ਯਾਦ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਸਾਫ-ਸੁਥਰਾ, ਪਾਰਦਰਸ਼ੀ ਅਤੇ ਪ੍ਰਭਾਵੀ ਪ੍ਰਸ਼ਾਸਨ ਮੁਹੱਈਆ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼-ਏ-ਕਦਮ ਉਤੇ ਚੱਲੇਗੀ। ਉਨ੍ਹਾਂ ਕਿਹਾ ਕਿ ਬੇਨਾਮੀ ਜਾਇਦਾਦ ਅਤੇ ਇਸ ਪਿੱਛੇ ਭ੍ਰਿਸ਼ਟ ਤੰਤਰ ਦਾ ਲੋਕਾਂ ਸਾਹਮਣੇ ਪਰਦਾਫਾਸ਼ ਕੀਤਾ ਜਾਵੇਗਾ ਤਾਂ ਕਿ ਬਾਕੀ ਲੋਕ ਅਜਿਹੀਆਂ ਗੈਰ-ਕਾਨੰਨੀ ਗਤੀਵਿਧੀਆਂ ਦਾ ਹਿੱਸਾ ਬਣਨ ਤੋਂ ਪਹਿਲਾਂ 100 ਵਾਰ ਸੋਚਣ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਜਿਹੜੇ ਲੋਕਾਂ ਨੇ ਬੇਰਹਿਮੀ ਨਾਲ ਲੋਕਾਂ ਦਾ ਪੈਸਾ ਲੁੱਟਿਆ, ਉਹ ਲੋਕ ਹੁਣ ਆਪਣੇ ਕੀਤੇ ਹੋਏ ਗੁਨਾਹਾਂ ਦੀ ਸਜ਼ਾ ਤੋਂ ਬਚਣ ਲਈ ਪਨਾਹ ਲੱਭਦੇ ਫਿਰਦੇ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਚ ਜਿਹੜੇ ਸਿਆਸਦਾਨਾਂ ਦੇ ਨਾਮ ਤੱਕ ਨਹੀਂ ਆਏ, ਉਹ ਸਿਆਸਤਦਾਨ ਵੀ ਸ਼ਰਨ ਲੈਣ ਲਈ ਹੱਥ-ਪੈਰ ਮਾਰ ਰਹੇ ਹਨ, ਜੋ ਉਨ੍ਹਾਂ ਦੇ ਮਨਾਂ ਵਿਚ ਕੀਤੇ ਗਏ ਗੁਨਾਹਾਂ ਦੇ ਖੌਫ਼ ਨੂੰ ਦਰਸਾਉਂਦਾ ਹੈ। ਭਗਵੰਤ ਮਾਨ ਨੇ ਸਦਨ ਨੂੰ ਭਰੋਸਾ ਦਿਵਾਇਆ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਨ੍ਹਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕਿਸੇ ਵੀ ਪ੍ਰਭਾਵਸ਼ਾਲੀ ਪਾਰਟੀ ਵਿੱਚ ਕਿਉਂ ਨਾ ਸ਼ਾਮਲ ਹੋ ਗਏ ਹੋਣ।

ਲੋਕਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਵਿੱਤ ਮੰਤਰੀ ਵੱਲੋਂ ਤਿਆਰ ਕੀਤੇ ਲੋਕ-ਪੱਖੀ ਬਜਟ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਜਟ ਨਾਲ ਵਿਰੋਧੀ ਧਿਰਾਂ ਜਕੋ-ਤਕੀ ਵਿਚ ਫਸੀਆਂ ਹੋਈਆਂ ਹਨ ਕਿਉਂਕਿ ਉਨ੍ਹਾਂ ਨੂੰ ਇਸ ਬਜਟ ਵਿਚ ਕੋਈ ਵੀ ਕਮੀ-ਪੇਸ਼ੀ ਲੱਭਣ ਲਈ ਮਗਜ਼ਖਪਾਈ ਕਰਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦੀ ਟੀਮ ਨੂੰ ਵੱਡਾ ਫਤਵਾ ਦਿੱਤਾ ਹੈ ਜਿਸ ਨਾਲ ਉਸ ਟੀਚੇ ਨੂੰ ਹਾਸਲ ਕੀਤਾ ਜਾਵੇਗਾ ਜੋ ਪਿਛਲੇ 75 ਸਾਲਾਂ ਵਿਚ ਛੂਹਿਆ ਨਹੀਂ ਗਿਆ। ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ ਤੇ ਸਿਹਤ ਖੇਤਰਾਂ ਨੂੰ ਪਹਿਲੀ ਵਾਰ ਇਸ ਬਜਟ ਵਿਚ ਸਭ ਤੋਂ ਵੱਧ ਪ੍ਰਮੁੱਖਤਾ ਦਿੱਤੀ ਗਈ ਹੈ।    

ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਪ੍ਰਾਈਵੇਟ ਖੇਤਰ ਨੂੰ ਲਾਭ ਦੇਣ ਲਈ ਸਰਕਾਰੀ ਸਿੱਖਿਆ ਤੇ ਸਿਹਤ ਖੇਤਰ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਮੁੱਖ ਖੇਤਰਾਂ ਵਿੱਚ ਸਰਕਾਰੀ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਰਾਹੀਂ ਇਸ ਰੁਝਾਨ ਨੂੰ ਉਨ੍ਹਾਂ ਦੀ ਸਰਕਾਰ ਆਗਾਮੀ ਸਾਲਾਂ ਵਿੱਚ ਬਦਲ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਨੇ ਸਰਕਾਰੀ ਸਕੂਲਾਂ ਤੇ ਸਰਕਾਰੀ ਹਸਪਤਾਲਾਂ ਨੂੰ ਤਬਾਹ ਕਰ ਦਿੱਤਾ, ਉਨ੍ਹਾਂ ਨੂੰ ਲੋਕਾਂ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨ੍ਹਾਂ ਦੀਆਂ ਚੋਣ ਗਰੰਟੀਆਂ ਵਿੱਚੋਂ ਇਕ ਸਭ ਤੋਂ ਵੱਡੀ ਚੋਣ ਗਰੰਟੀ ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਮਦਦ ਜਲਦੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸਰੋਤ ਜੁਟਾਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਕਵਾਇਦ ਪੂਰੀ ਹੋਣ ਮਗਰੋਂ ਜਲਦੀ ਹੀ ਇਸ ਗਰੰਟੀ ਨੂੰ ਪੂਰਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਲੋਕਾਂ ਨੂੰ ਦਿੱਤੀ ਹਰੇਕ ਗਰੰਟੀ ਨੂੰ ਪੂਰਾ ਕਰਨ ਲਈ ਦ੍ਰਿੜ੍ਹ ਸੰਕਲਪ ਹੈ।

ਸੂਬੇ ਵਿੱਚੋਂ ਰਾਜ ਸਭਾ ਮੈਂਬਰਾਂ ਦੀ ਚੋਣ ਬਾਰੇ ਪ੍ਰਾਪੇਗੰਡਾ ਕਰਨ ਉਤੇ ਵਿਰੋਧੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਚੇਤੇ ਕਰਵਾਇਆ ਕਿ ਸੂਬੇ ਵਿੱਚੋਂ ਰਾਜ ਸਭਾ ਵਿੱਚ ਅਜਿਹਾ ਕੋਈ ਮੈਂਬਰ ਨਹੀਂ ਗਿਆ, ਜਿਸ ਨੂੰ ਲੋਕਾਂ ਨੇ ਨਕਾਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਰਵਾਇਤ ਰਾਹੀ ਹੈ ਕਿ ਜਿਸ ਲੀਡਰ ਨੂੰ ਲੋਕ ਚੋਣਾਂ ਵਿੱਚ ਹਰਾ ਦਿੰਦੇ ਸਨ, ਉਸ ਨੂੰ ‘ਸਿਆਸੀ ਸ਼ਰਨਾਰਥੀ’ ਵਜੋਂ ਉੱਪਰਲੇ ਸਦਨ ਵਿੱਚ ਭੇਜ ਦਿੱਤਾ ਜਾਂਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਰਾਜ ਸਭਾ ਮੈਂਬਰਾਂ ਦੀ ਚੋਣ ਉਤੇ ਸਵਾਲ ਚੁੱਕ ਰਹੇ ਹਨ, ਉਨ੍ਹਾਂ ਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਪੰਜਾਬ ਨਾਲ ਸਬੰਧਤ ਹੋਣ ਦੇ ਬਾਵਜੂਦ ਆਸਾਮ ਅਤੇ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਰਹੇ ਹਨ।

ਮੁੱਖ ਮੰਤਰੀ ਨੇ ਆਪਣੇ ਜੀਵਨ ਦੇ ਭਾਵੁਕ ਪਲਾਂ ਨੂੰ ਚੇਤੇ ਕਰਦਿਆਂ ਆਖਿਆ ਕਿ ਉਨ੍ਹਾਂ ਸੂਬੇ ਦੇ ਗਰੀਬ ਤੋਂ ਗਰੀਬ ਵਿਅਕਤੀ ਦੀ ਸੇਵਾ ਲਈ ਇਕ ਕਲਾਕਾਰ ਵਜੋਂ ਆਪਣਾ ਸ਼ਾਨਦਾਰ ਕਰੀਅਰ ਛੱਡਿਆ ਸੀ। ਭਗਵੰਤ ਮਾਨ ਨੇ ਮਿਸ਼ਨਰੀ ਉਤਸ਼ਾਹ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਦਾ ਅਹਿਦ ਦੁਹਰਾਉਂਦਿਆਂ ਕਿਹਾ ਕਿ ਉਹ ਉਦੋਂ ਤੱਕ ਚੈਨ ਨਾਲ ਨਹੀਂ ਬੈਠਣਗੇ, ਜਦੋਂ ਤੱਕ ਕੋਈ ਵੀ ਢਿੱਡ ਭੁੱਖਾ ਹੈ। ਉਨ੍ਹਾਂ ਕਿਹਾ ਕਿ ਨਿਜ਼ਾਮ ਵਿੱਚ ਤਬਦੀਲੀ ਲਿਆਉਣ ਲਈ ਇਕ ਮੌਕਾ ਹੀ ਕਾਫ਼ੀ ਹੁੰਦਾ ਹੈ ਅਤੇ ਇਹ ਤਬਦੀਲੀ ਜਲਦੀ ਜ਼ਮੀਨੀ ਪੱਧਰ ਉਤੇ ਨਜ਼ਰ ਆਏਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਜਟ ਪੰਜਾਬ ਨੂੰ ਵਿਕਾਸ ਅਤੇ ਪ੍ਰਗਤੀ ਵੱਲ ਲੈ ਜਾਵੇਗਾ ਕਿਉਂਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਸਿਆਸੀ ਪਾਰਟੀਆਂ ਨੂੰ ਲਾਂਭੇ ਕਰ ਦਿੱਤਾ ਹੈ, ਜੋ ਹਰ ਪੰਜ ਸਾਲਾਂ ਬਾਅਦ ਸੱਤਾ ਵਿੱਚ ਆ ਕੇ ਆਮ ਲੋਕਾਂ ਨੂੰ ਲੁੱਟਦੀਆਂ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਲੋਕਾਂ ਨੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਲੋਕਾਂ ਦੀਆਂ ਉਮੀਦਾਂ `ਤੇ ਖਰ੍ਹਾ ਉਤਰਨ ਲਈ ਸਖ਼ਤ ਮਿਹਨਤ ਕਰਨਗੇ। ਭਗਵੰਤ ਮਾਨ ਨੇ ਵਿਰੋਧੀ ਧਿਰ ਨੂੰ ਕਿਹਾ ਕਿ ਉਹ ਹਰ ਕੰਮ ਵਿੱਚ ਨੁਕਤਾਚੀਨੀ ਕਰਨ ਤੋਂ ਗੁਰੇਜ਼ ਕਰਨ ਅਤੇ ਉਨ੍ਹਾਂ ਨੂੰ ਪੰਜਾਬ ਦੀ ਭਲਾਈ ਲਈ ਕੰਮ ਕਰਨ ਦੇਣ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਮਾਲੀਆ ਪੈਦਾ ਕਰਨ ਅਤੇ ਕਰਜ਼ਾ ਘਟਾਉਣ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਪੈਸੇ ਦੀ ਲੁੱਟ ਨੂੰ ਰੋਕੇਗੀ ਅਤੇ ਇਸ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਖਰਚਿਆ ਜਾਵੇਗਾ।

ਸੂਬਾ ਸਰਕਾਰ ਵੱਲੋਂ ਕੀਤੀਆਂ ਕਈ ਈ-ਗਵਰਨੈਂਸ ਪਹਿਲਕਦਮੀਆਂ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਨੂੰ ਵੀ ਨਵਾਂ ਰੂਪ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਅਗਲੇ ਸੈਸ਼ਨ ਤੋਂ ਵਿਧਾਨ ਸਭਾ ਵਿੱਚ ਟੱਚ ਸਕਰੀਨਾਂ ਲਾਈਆਂ ਜਾਣਗੀਆਂ, ਜਿਸ ਨਾਲ ਇਸ ਨੂੰ ਈ-ਅਸੈਂਬਲੀ ਦਾ ਰੂਪ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਹਵਾ, ਪਾਣੀ ਅਤੇ ਭੂਮੀ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਸਖ਼ਤ ਕਦਮ ਚੁੱਕੇ ਜਾਣਗੇ।

Post a Comment

0Comments

Post a Comment (0)