ਭੱਠਿਆਂ ਉਤੇ ਜ਼ਿਗ-ਜ਼ੈਗ ਤਕਨੀਕ ਲਾਗੂ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਲਈ ਆਖਿਆ
ਭ੍ਰਿਸ਼ਟਾਚਾਰ ਨੂੰ ਬਿਲਕੁੱਲ ਬਰਦਾਸ਼ਤ ਨਾ ਕਰਨ ਦੀ ਵਚਨਬੱਧਤਾ ਦੁਹਰਾਈ
ਚੰਡੀਗੜ੍ਹ, 9 ਜੂਨ (BTTNEWS)- ਪੰਜਾਬ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਲਈ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੂੰ ਨਿਰਦੇਸ਼ ਦਿੱਤਾ ਕਿ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪੂਰੀ ਸ਼ਿੱਦਤ ਨਾਲ ਕੋਸ਼ਿਸ਼ਾਂ ਕੀਤੀਆਂ ਜਾਣ।
ਇੱਥੇ ਸਰਕਾਰੀ ਗ੍ਰਹਿ ਵਿਖੇ ਵੀਰਵਾਰ ਨੂੰ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਸੰਭਵ ਤਰੀਕੇ ਨਾਲ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨਾ ਪੀ.ਪੀ.ਸੀ.ਬੀ. ਦਾ ਫ਼ਰਜ਼ ਬਣਦਾ ਹੈ।ਉਨ੍ਹਾਂ ਕਿਹਾ ਕਿ ਇਸ ਲੋਕ ਭਲਾਈ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਪੀ.ਪੀ.ਸੀ.ਬੀ. ਨੂੰ ਭੌਂ, ਪਾਣੀ ਜਾਂ ਹਵਾਈ ਪ੍ਰਦੂਸ਼ਣ ਦਾ ਘੱਟ ਤੋਂ ਘੱਟ ਹੋਣਾ ਯਕੀਨੀ ਬਣਾਉਣ ਲਈ ਕਾਰਵਾਈ ਸ਼ੁਰੂ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਆਗਾਮੀ ਪੀੜ੍ਹੀਆਂ ਲਈ ਪੰਜਾਬ ਨੂੰ ਬਚਾਉਣ ਲਈ ਇਹ ਕੰਮ ਸਮੇਂ ਦੀ ਲੋੜ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣੀ ਚਾਹੀਦੀ।
ਇਕ ਹੋਰ ਮਸਲੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਪੀ.ਪੀ.ਸੀ.ਬੀ. ਨੂੰ ਸੂਬੇ ਭਰ ਵਿੱਚ ਭੱਠਿਆਂ ਉਤੇ ਪ੍ਰਦੂਸ਼ਣ ਮੁਕਤ ਜ਼ਿਗ-ਜ਼ੈਗ ਤਕਨਾਲੋਜੀ ਲਾਗੂ ਕਰਨ ਲਈ ਫੌਰੀ ਵੱਡੇ ਪੱਧਰ ਉਤੇ ਮੁਹਿੰਮ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਭੱਠਾ ਮਾਲਕਾਂ ਨੂੰ ਪ੍ਰਦੂਸ਼ਣ ਨੂੰ ਬਿਲਕੁੱਲ ਖ਼ਤਮ ਕਰਨ ਲਈ ਨਵੀਂ ਤਕਨੀਕ ਅਪਨਾਉਣ ਲਈ ਉਤਸ਼ਾਹਤ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਉਲੰਘਣਾ ਕਰਨ ਵਾਲੇ ਭੱਠਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਕੋਈ ਵੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪੀ.ਪੀ.ਸੀ.ਬੀ. ਦੀ ਇਹ ਕਾਰਵਾਈ ਲੋਕਾਂ ਨੂੰ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਭ੍ਰਿਸ਼ਟਾਚਾਰ ਮੁਕਤ ਹੋਵੇ।
ਮੁੱਖ ਮੰਤਰੀ ਨੇ ਪੀ.ਪੀ.ਸੀ.ਬੀ. ਅਧਿਕਾਰੀਆਂ ਨੂੰ ਵੱਡੇ ਸਨਅਤਕਾਰਾਂ ਨਾਲ ਤਾਲਮੇਲ ਕਰਨ ਅਤੇ ਉਨ੍ਹਾਂ ਨੂੰ ਆਪਣੀਆਂ ਇਕਾਈਆਂ ਵਿੱਚ ਪ੍ਰਦੂਸ਼ਣ ਖ਼ਤਮ ਕਰਨ ਲਈ ਇਹ ਪ੍ਰਦੂਸ਼ਣ ਮੁਕਤ ਤਕਨਾਲੋਜੀ ਅਪਨਾਉਣ ਲਈ ਪ੍ਰੇਰਨ ਵਾਸਤੇ ਆਖਿਆ। ਉਨ੍ਹਾਂ ਕਿਹਾ ਕਿ ਮੁੱਖ ਉਦੇਸ਼ ਪ੍ਰਦੂਸ਼ਣ ਰੋਕਣ ਦੀ ਇਸ ਮੁਹਿੰਮ ਵਿੱਚ ਸਨਅਤਕਾਰਾਂ ਨੂੰ ਭਾਈਵਾਲ ਬਣਾਉਣ ਉਤੇ ਹੋਣਾ ਚਾਹੀਦਾ ਹੈ। ਭਗਵੰਤ ਮਾਨ ਨੇ ਪੀ.ਪੀ.ਸੀ.ਬੀ. ਨੂੰ ਪ੍ਰਦੂਸ਼ਣ ਖ਼ਿਲਾਫ਼ ਇਸ ਮੁਹਿੰਮ ਵਿੱਚ ਪੂਰੇ ਸਹਿਯੋਗ ਤੇ ਸਮਰਥਨ ਦਾ ਭਰੋਸਾ ਦਿੱਤਾ।