ਡੀ.ਸੀਜ ਅਤੇ ਐਸ.ਐਸ.ਪੀਜ ਨੂੰ ਆਪੋ-ਆਪਣੇ ਜ਼ਿਲਿ੍ਹਆਂ ਵਿੱਚ ਰਾਹਤ ਅਤੇ ਸੁਰੱਖਿਆ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਆਦੇਸ
ਚੰਡੀਗੜ੍ਹ, 9 ਜੁਲਾਈ:ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਰਸਾਤ ਦੇ ਮੱਦੇਨਜਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਇਸ ਸੰਕਟ ਦੀ ਘੜੀ ਵਿੱਚ ਆਪਣੇ-ਆਪਣੇ ਖੇਤਰਾਂ ਵਿੱਚ ਰਹਿਣ ਅਤੇ ਲੋੜਵੰਦਾਂ ਤੱਕ ਪਹੁੰਚ ਕਰਨ ਲਈ ਕਿਹਾ।
ਕੁਦਰਤ ਦੇ ਕਹਿਰ ਦੇ ਮੱਦੇਨਜਰ ਸਥਿਤੀ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਹੜ੍ਹਾਂ ਤੋਂ ਬਚਾਅ ਵਾਸਤੇ ਵਿਆਪਕ ਕਾਰਜ ਯੋਜਨਾ ਨੂੰ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਇਲਾਕੇ ਦੇ ਲੋਕਾਂ ਵਿੱਚ ਜਾ ਕੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਰਾਹਤ ਦੇਣ ਨੂੰ ਯਕੀਨੀ ਬਣਾਉਣ। ਭਗਵੰਤ ਮਾਨ ਨੇ ਕਿਹਾ ਕਿ ਡਿਪਟੀ ਕਮਿਸਨਰ (ਡੀ.ਸੀ.) ਅਤੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀਜ) ਨੂੰ ਆਪੋ-ਆਪਣੇ ਜ਼ਿਲਿ੍ਹਆਂ ਵਿੱਚ ਰਾਹਤ ਕਾਰਜਾਂ ਵਿੱਚ ਤੇਜੀ ਲਿਆਉਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਨੀਵੇਂ ਇਲਾਕਿਆਂ ਖਾਸ ਕਰਕੇ ਦਰਿਆਵਾਂ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਕਿਸੇ ਜਰੂਰੀ ਕੰਮ ਲਈ ਹੀ ਘਰਾਂ ਤੋਂ ਬਾਹਰ ਨਿਕਲਣ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਰਸਾਤ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ ਪਰ ਸੂਬਾ ਸਰਕਾਰ ਵੱਲੋਂ ਸਥਿਤੀ ’ਤੇ ਬਾਕਾਇਦਾ ਨਜਰ ਰੱਖੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਚਾਹੀਦਾ ਹੈ ਕਿ ਉਹ ਆਪੋ-ਆਪਣੇ ਹਲਕਿਆਂ ਖਾਸ ਕਰਕੇ ਨੀਵੇਂ ਅਤੇ ਹੜ੍ਹਾਂ ਵਾਲੇ ਇਲਾਕਿਆਂ ਦਾ ਦੌਰਾ ਕਰਨ ਤਾਂ ਜੋ ਲੋੜਵੰਦਾਂ ਦੀ ਮਦਦ ਯਕੀਨੀ ਬਣਾਈ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਕਿਉਂਕਿ ਸੂਬੇ ਭਰ ਵਿੱਚ ਭਾਰੀ ਮੀਂਹ ਪੈ ਰਿਹਾ ਹੈ, ਇਸ ਲਈ ਕੁਝ ਥਾਵਾਂ ‘ਤੇ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਉਨ੍ਹਾਂ ਕਿਹਾ ਕਿ ਡੀ.ਸੀਜ, ਐਸ.ਐਸ.ਪੀਜ, ਐਸ.ਡੀ.ਐਮਜ ਅਤੇ ਫੀਲਡ ਸਟਾਫ ਚੌਕਸ ਰਹੇ ਅਤੇ ਜ਼ਿਆਦਾ ਪਾਣੀ ਕਾਰਨ ਹੋਣ ਵਾਲੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਪਹਿਲ ਦੇ ਆਧਾਰ ‘ਤੇ ਜਰੂਰੀ ਕੰਮ ਕਰਨ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਾਟਰ ਵਰਕਸ ਦੇ ਪਾਣੀ ਵਿੱਚ ਡੁੱਬਣ ਤੋਂ ਰੋਕਣ ਲਈ ਹਰ ਥਾਂ ‘ਤੇ ਵਾਟਰ ਵਰਕਸ ਦੇ ਪੰਪ ਹਾਊਸਾਂ ਦੇ ਆਲੇ-ਦੁਆਲੇ ਰੇਤ ਦੀਆਂ ਬੋਰੀਆਂ ਲਾ ਕੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਗੰਭੀਰ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਨੂੰ ਤੁਰੰਤ ਰਾਹਤ ਅਤੇ ਮਦਦ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੀ ਦਿ੍ਰੜ੍ਹ ਵਚਨਬੱਧਤਾ ਦੁਹਰਾਈ। ਭਗਵੰਤ ਮਾਨ ਨੇ ਕਿਹਾ ਕਿ ਭਾਰੀ ਬਰਸਾਤ ਕਾਰਨ ਪੈਦਾ ਹੋਈ ਇਸ ਸਥਿਤੀ ਵਿੱਚ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨਾ ਸੂਬਾ ਸਰਕਾਰ ਦਾ ਫਰਜ ਬਣਦਾ ਹੈ।
ਇਸ ਦੌਰਾਨ ਮੁੱਖ ਮੰਤਰੀ ਦੇ ਨਿਰਦੇਸਾਂ ਤੋਂ ਬਾਅਦ ਹਰਕਤ ਵਿੱਚ ਆਉਂਦਿਆਂ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਲੋਕਾਂ ਨੂੰ ਰਾਹਤ ਦੇਣ ਲਈ ਜ਼ਿਲ੍ਹਾ ਪ੍ਰਸਾਸਨ ਨਾਲ ਰਾਬਤਾ ਕਾਇਮ ਕੀਤਾ ਹੈ। ਮੰਤਰੀ ਅਤੇ ਵਿਧਾਇਕ ਨੀਵੇਂ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਇਨ੍ਹਾਂ ਖੇਤਰਾਂ ਤੋਂ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਭਾਰੀ ਮੀਂਹ ਕਾਰਨ ਹੋਣ ਵਾਲੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਠੋਸ ਉਪਰਾਲੇ ਕਰਨ ਦੇ ਨਿਰਦੇਸ ਵੀ ਦਿੱਤੇ।
ਇਸ ਦੌਰਾਨ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿੱਚ ਡਿਪਟੀ ਕਮਿਸਨਰਾਂ ਨੇ ਸੰਕਟ ਦੀ ਘੜੀ ਵਿੱਚ ਲੋਕਾਂ ਦੀ ਮਦਦ ਲਈ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਹਨ। ਕੰਟਰੋਲ ਰੂਮ ਦੇ ਨੰਬਰਾਂ ਬਾਰੇ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀ ਸੇਵਾ ਲਈ ਇਨ੍ਹਾਂ ਕੰਟਰੋਲ ਰੂਮਾਂ ਵਿੱਚ 24 ਘੰਟੇ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹੰਗਾਮੀ ਹਾਲਾਤ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸਾਨੀ ਬਾਰੇ ਫੋਨ ਆਉਣ ‘ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ।