ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਕੇ.ਐਲ.ਐਫ਼. ਮਾਡਿਊਲ ਦੇ ਪੰਜ ਕਾਰਕੁਨ ਗ੍ਰਿਫ਼ਤਾਰ

BTTNEWS
0

 ਕੇ.ਐਲ.ਐਫ਼. ਕਾਰਕੁਨ ਜੇਲ੍ਹ ਵਿੱਚ ਬੰਦ ਅਪਰਾਧੀਆਂ ਰਾਹੀਂ ਆਪਣੇ ਗਿਰੋਹ ਵਿੱਚ ਮੈਂਬਰਾਂ ਨੂੰ ਸ਼ਾਮਲ ਕਰਦੇ ਹਨ ਅਤੇ ਪੰਜਾਬ 'ਚ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਲਈ ਉਨ੍ਹਾਂ ਨੂੰ ਪੈਸੇ ਟ੍ਰਾਂਸਫਰ ਕਰਦੇ ਹਨ: ਡੀਜੀਪੀ ਗੌਰਵ ਯਾਦਵ

ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਕੇ.ਐਲ.ਐਫ਼. ਮਾਡਿਊਲ ਦੇ ਪੰਜ ਕਾਰਕੁਨ ਗ੍ਰਿਫ਼ਤਾਰ

ਚੰਡੀਗੜ੍ਹ, 29 ਜੁਲਾਈ (BTTNEWS)- 
ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੰਜਾਬ ਪੁਲਿਸ ਨੇ ਵਿਦੇਸ਼-ਅਧਾਰਤ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਦੇ ਪੰਜ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਆਜ਼ਾਦੀ ਦਿਵਸ ਤੋਂ ਪਹਿਲਾਂ ਪਾਕਿ-ਆਈ.ਐਸ.ਆਈ. ਦੀ ਸਰਹੱਦੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਇਹ ਸੂਹ ਮਿਲਣ ਕਿ ਵਿਦੇਸ਼ਾਂ ਅਧਾਰਤ ਕੁਝ ਅੱਤਵਾਦੀ ਅਨਸਰਾਂ ਨੇ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਜੇਲ੍ਹਾਂ ਵਿੱਚ ਬੰਦ ਅਪਰਾਧੀਆਂ ਰਾਹੀਂ ਆਪਣੇ ਗਿਰੋਹ ਵਿੱਚ ਮੈਂਬਰਾਂ ਨੂੰ ਸ਼ਾਮਲ ਕਰਕੇ ਮਾਡਿਊਲ ਤਿਆਰ ਕੀਤਾ ਹੈ, ਜੋ ਘੱਟ ਗਿਣਤੀਆਂ ਦੇ ਆਗੂਆਂ, ਪੁਲਿਸ ਅਧਿਕਾਰੀਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਹਨ, ਤਾਂ ਐਸ.ਏ.ਐਸ. ਨਗਰ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐਸਐਸਓਸੀ) ਨੇ ਤੁਰੰਤ ਕੇਸ ਦਰਜ ਕਰਕੇ ਵਿਸ਼ੇਸ਼ ਆਪਰੇਸ਼ਨ ਸ਼ੁਰੂ ਕਰ ਦਿੱਤਾ।
ਡੀਜੀਪੀ ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਲਗਭਗ ਦੋ ਹਫ਼ਤਿਆਂ ਤੱਕ ਚੱਲੇ ਆਪ੍ਰੇਸ਼ਨ, ਜਿਸ ਵਿੱਚ ਸੂਝ-ਬੂਝ ਨਾਲ ਖੁਫੀਆ ਜਾਣਕਾਰੀ ਇਕੱਠੀ ਕਰਨ, ਤਕਨੀਕੀ ਵਿਸ਼ਲੇਸ਼ਣ ਅਤੇ ਤੇਜ਼ੀ ਨਾਲ ਕਾਰਵਾਈ ਦੇ ਚਲਦਿਆਂ ਪੰਜਾਬ ਪੁਲਿਸ ਨੂੰ ਇਸ ਨਾਪਾਕ ਸਾਜ਼ਿਸ਼ ਵਿੱਚ ਸ਼ਾਮਲ ਅੱਤਵਾਦੀ ਮਾਡਿਊਲ ਦੇ ਪੰਜ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਮਿਲੀ। 
ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਨਵੇਂ ਬਣੇ ਮਾਡਿਊਲ ਦੇ ਸਬੰਧ ਉਨ੍ਹਾਂ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਹੋਣ ਬਾਰੇ ਪਤਾ ਚੱਲਿਆ ਹੈ, ਜਿਨ੍ਹਾਂ ਨੇ 24 ਜੂਨ, 2023 ਨੂੰ ਬਟਾਲਾ ਵਿੱਚ ਰਾਜੀਵ ਮਹਾਜਨ ਨੂੰ ਨਿਸ਼ਾਨਾ ਬਣਾਇਆ ਸੀ ਅਤੇ ਉਹ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਵੱਖ-ਵੱਖ ਘਟਨਾਵਾਂ ਨੂੰ ਅੰਜ਼ਾਮ ਦੇਣ ਲਈ ਇਨ੍ਹਾਂ ਕਾਰਕੁਨਾਂ ਰਾਹੀਂ ਇਸ ਵੱਖਰੇ ਮਾਡਿਊਲ ਨੂੰ ਚਲਾ ਰਹੇ ਸਨ। 
ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਕੇ.ਐਲ.ਐਫ ਦੇ ਕਾਰਕੁਨ ਫਰਜ਼ੀ ਨਾਮ ਰਣਜੋਧ ਸਿੰਘ ਦੀ ਵਰਤੋਂ ਕਰਕੇ ਭਾਰਤ ਵਿੱਚ ਨੌਜਵਾਨਾਂ ਦੀ ਪਛਾਣ ਕਰ ਰਹੇ ਹਨ ਅਤੇ ਜੇਲ੍ਹ ਵਿੱਚ ਬੰਦ ਅਪਰਾਧੀਆਂ ਰਾਹੀਂ ਗਿਰੋਹ ਵਿੱਚ ਮੈਂਬਰ ਭਰਤੀ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਫਿਰ ਉਹ ਸੋਸ਼ਲ ਮੀਡੀਆ ਦੀ ਵਰਤੋਂ ਕਰਕੇ ਅਜਿਹੇ ਨੌਜਵਾਨਾਂ ਨੂੰ ਭਰਮਾਉਂਦੇ ਹਨ ਅਤੇ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਸਤੇ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਪੈਸੇ ਟ੍ਰਾਂਸਫਰ ਕਰਦੇ ਹਨ।
ਡੀਜੀਪੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਦੇਸ਼ ਵਿਰੋਧੀ ਅਨਸਰਾਂ ਦੇ ਨਾਪਾਕ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਕਾਰਵਾਈ ਬਾਰੇ ਹੋਰ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਐਸਏਐਸ ਨਗਰ ਅਸ਼ਵਨੀ ਕਪੂਰ ਨੇ ਦੱਸਿਆ ਕਿ ਇਹ ਪਤਾ ਲੱਗਿਆ ਹੈ ਕਿ ਕੇਐਲਐਫ ਦੇ ਵਿਦੇਸ਼ ਅਧਾਰਤ ਹੈਂਡਲਰਾਂ ਨੇ ਮਾਡਿਊਲ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਏ ਜਾਣ ਵਾਲੇ ਵਿਅਕਤੀਆਂ ਦੀ ਸੂਚੀ ਪ੍ਰਦਾਨ ਕੀਤੀ ਸੀ ਅਤੇ ਉਨ੍ਹਾਂ ਨੇ ਪਹਿਲਾਂ ਹੀ ਕੁਝ ਵਿਅਕਤੀਆਂ ਦੀ ਰੇਕੀ ਵੀ ਕੀਤੀ ਹੋਈ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 153, 153-ਏ ਅਤੇ 120-ਬੀ, ਆਰਮਜ਼ ਐਕਟ ਦੀ ਧਾਰਾ 25 (7) ਅਤੇ 25 ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.) ਦੀ ਧਾਰਾ 18 ਅਤੇ 20 ਤਹਿਤ ਥਾਣਾ ਐਸਐਸਓਸੀ ਐਸਏਐਸ ਨਗਰ ਵਿਖੇ ਪਹਿਲਾਂ ਹੀ ਕੇਸ ਦਰਜ ਕੀਤਾ ਜਾ ਚੁੱਕਾ ਹੈ।



Post a Comment

0Comments

Post a Comment (0)