*ਰਾਤ ਵੇਲੇ ਕੈਬਨਿਟ ਮੰਤਰੀ ਵੱਲੋਂ ਆਪਣੇ ਬੂਹੇ ਅੱਗੇ ਲਗਵਾਇਆ ਗਿਆ ਟੈਂਟ ਪੁੱਟਵਾਉਣ ਕਰਕੇ ਯੂਨੀਅਨ ਨੇ ਪਾਰਕ ਵਿੱਚ ਲਗਾਇਆ ਧਰਨਾ
*ਮਾਮਲਾ ਪਿਛਲੇਂ ਕਈ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਦਾ
ਫਰੀਦਕੋਟ , 6 ਅਗਸਤ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਹਜ਼ਾਰਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਕਾਲੀਆਂ ਚੁੰਨੀਆਂ ਲੈ ਕੇ ਅੱਜ ਪੰਜਾਬ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਫਰੀਦਕੋਟ ਵਿਖੇ ਪੁੱਜੀਆਂ । ਪਹਿਲਾਂ ਇਹਨਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਡਾਕਟਰ ਬਲਜੀਤ ਕੌਰ ਦੇ ਘਰ ਅੱਗੇ ਫਰੀਦਕੋਟ ਵਿਖੇ ਰੋਸ ਪ੍ਰਦਰਸ਼ਨ ਕਰਨਾ ਸੀ । ਸ਼ਾਮ ਵੇਲੇ ਉਥੇ ਟੈਂਟ ਵੀ ਲੱਗ ਗਿਆ ਸੀ ਪਰ ਰਾਤ ਨੂੰ ਕੈਬਨਿਟ ਮੰਤਰੀ ਦੇ ਕਹਿਣ ਤੇ ਪੁਲਿਸ ਨੇ ਟੈਂਟ ਪੱਟ ਦਿੱਤਾ । ਜਿਸ ਕਰਕੇ ਵਰਕਰਾਂ ਤੇ ਹੈਲਪਰਾਂ ਨੇ ਧਰਨੇ ਵਾਲੀ ਥਾਂ ਬਦਲ ਕੇ ਇਹ ਧਰਨਾ ਪਾਰਕ ਵਿੱਚ ਕਰ ਦਿੱਤਾ ।
ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਵਿਚ ਪੰਜਾਬ ਭਰ ਤੋਂ ਪੂਰੇ ਜੋਸ਼ ਨਾਲ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁੱਜੀਆਂ ।
ਇਸ ਮੌਕੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਧੀਨ ਕੰਮ ਕਰ ਰਹੀਆਂ ਪੰਜਾਬ ਦੇ 23 ਜ਼ਿਲਿਆਂ ਦੇ ਆਂਗਣਵਾੜੀ ਸੈਂਟਰਾਂ ਵਿਚ ਕੰਮ ਕਰ ਰਹੀਆਂ ਲਗਭਗ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪਿਛਲੇਂ ਕਈ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਰਕੇ ਮਹਿੰਗਾਈ ਦੇ ਯੁੱਗ ਵਿੱਚ ਔਖ ਭਰੀ ਜ਼ਿੰਦਗੀ ਕੱਟ ਰਹੀਆਂ ਹਨ । ਐਨ ਜੀ ਓ ਅਧੀਨ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਤਾਂ ਤਨਖਾਹਾਂ ਮਿਲੀਆਂ ਨੂੰ ਲਗਭਗ 10 ਮਹੀਨੇ ਬੀਤ ਗਏ ਹਨ ਜਦੋਂ ਕਿ ਮੁੱਖ ਵਿਭਾਗ ਵਿੱਚ ਕੰਮ ਕਰ ਰਹੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੀ ਚਾਰ ਪੰਜ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ । ਪੰਜਾਬ ਸਰਕਾਰ ਦੇ ਲਾਰੇ ਲੱਪਿਆ ਤੋਂ ਥੱਕ ਹਾਰ ਕੇ ਆਖਰ ਯੂਨੀਅਨ ਨੇ ਪੰਜਾਬ ਸਰਕਾਰ ਦੇ ਖਿਲਾਫ ਸੰਘਰਸ਼ ਕਰਨ ਦਾ ਫੈਸਲਾ ਕੀਤਾ ਹੈ ।
ਉਹਨਾਂ ਦੋਸ਼ ਲਗਾਇਆ ਹੈ ਕਿ ਪੰਜਾਬ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਸਬੰਧੀ ਤਿੰਨ ਵਾਰ ਜਥੇਬੰਦੀ ਦੀਆਂ ਆਗੂਆਂ ਦੀ ਪੰਜਾਬ ਸਰਕਾਰ ਨਾਲ ਗੱਲਬਾਤ ਹੋ ਚੁੱਕੀ ਹੈ ਪਰ ਸਰਕਾਰ ਲਾਰਾ ਲੱਪਾ ਲਾ ਕੇ ਤੋਰ ਦਿੰਦੀ ਸੀ ਤੇ ਮਸਲਿਆਂ ਦਾ ਕੋਈ ਹੱਲ ਨਹੀਂ ਕੀਤਾ । ਜਿਸ ਕਰਕੇ ਜਥੇਬੰਦੀ ਨੇ ਸੰਘਰਸ਼ ਕਰਨ ਦਾ ਫੈਸਲਾ ਕੀਤਾ ਹੈ ।
ਉਹਨਾਂ ਮੰਗ ਕੀਤੀ ਹੈ ਕਿ ਐਨ ਜੀ ਓ ਬਲਾਕਾਂ ਵਿੱਚ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇ ਸਮੇਂ ਦੀਆਂ ਸਾਰੀਆਂ ਤਨਖਾਹਾਂ ਮਾਣ ਭੱਤੇ ਤੁਰੰਤ ਕਲੀਅਰ ਕੀਤੇ ਜਾਣ । ਪੰਜਾਬ ਵਿੱਚ ਕੰਮ ਕਰਦੀਆਂ ਸਾਰੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣ ਭੱਤਾ ਹਰ ਮਹੀਨੇ ਦੀ 3 ਤਰੀਕ ਤੱਕ ਸੈਂਟਰ ਅਤੇ ਸਟੇਟ ਫੰਡ ਇਕੱਠਾ ਦਿੱਤਾ ਜਾਵੇ । ਆਂਗਣਵਾੜੀ ਸੈਂਟਰਾਂ ਦੇ ਖੋਹੇ ਗਏ ਬੱਚੇ ਵਾਪਸ ਆਂਗਣਵਾੜੀ ਸੈਂਟਰਾਂ ਵਿੱਚ ਭੇਜੇ ਜਾਣ ਤੇ ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ । ਆਂਗਣਵਾੜੀ ਸੈਂਟਰਾਂ ਵਿੱਚ ਖਾਲੀ ਪਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਅਸਾਮੀਆਂ ਤੁਰੰਤ ਭਰੀਆਂ ਜਾਣ । ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਪੂਰੇ ਵਿੱਚ ਤਬਦੀਲ ਕੀਤਾ ਜਾਵੇ ।
ਪੀ ਐਮ ਐਮ ਵੀ ਵਾਈ ਅਤੇ ਸੀ ਬੀ ਈ ਦੇ ਪੈਸੇ ਹਰ ਮਹੀਨੇ ਦਿੱਤੇ ਜਾਣ ਅਤੇ ਰਹਿੰਦੇ ਹੋਏ ਪੈਸਿਆਂ ਦਾ ਤੁਰੰਤ ਭੁਗਤਾਨ ਕੀਤਾ ਜਾਵੇ । ਆਂਗਣਵਾੜੀ ਕੇਂਦਰਾਂ ਦੇ ਕਿਰਾਏ ਦਾ ਭੁਗਤਾਨ ਤੁਰੰਤ ਕੀਤਾ ਜਾਵੇ ਤੇ ਹਰ ਮਹੀਨੇ ਕਿਰਾਇਆ ਦੇਣਾ ਯਕੀਨੀ ਬਣਾਇਆ ਜਾਵੇ । ਪਿਛਲੇਂ ਸਾਲ ਦਾ ਵਰਦੀ ਭੱਤਾ ਰਲੀਜ਼ ਕੀਤਾ ਜਾਵੇ ।
ਜਿੰਨਾ ਆਂਗਣਵਾੜੀ ਸੈਂਟਰਾਂ ਵਿੱਚ ਅਜੇ ਤੱਕ ਰਾਸ਼ਨ ਬਣਾਉਣ ਲਈ ਗੈਸ ਸਿਲੰਡਰ , ਬਰਤਨ ਤੇ ਬੱਚਿਆਂ ਦੇ ਬੈਠਣ ਲਈ ਦਰੀਆਂ ਆਦਿ ਨਹੀਂ ਦਿੱਤੀਆਂ ਗਈਆਂ ਉਹਨਾਂ ਨੂੰ ਤੁਰੰਤ ਇਹ ਸਮਾਨ ਮੁਹੱਈਆ ਕਰਵਾਇਆ ਜਾਵੇ । ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਬਣਾਈਆਂ ਜਾਣ ।
ਸੂਬਾ ਪ੍ਰਧਾਨ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 15 ਅਗਸਤ ਦਾ ਦਿਨ ਪੰਜਾਬ ਵਿੱਚ ਰੋਸ ਦਿਵਸ ਵਜੋ ਮਨਾਉਣਗੀਆਂ । ਉਸ ਦਿਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ ਕਾਲੀਆਂ ਚੁੰਨੀਆਂ ਲੈ ਕੇ ਪੁੱਜਣਗੀਆਂ ਤੇ ਰੋਸ ਪ੍ਰਦਰਸ਼ਨ ਕਰਨਗੀਆਂ ।
ਇਸ ਰੋਸ ਪ੍ਰਦਰਸ਼ਨ ਦੌਰਾਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦਾ ਪਿੱਟ ਸਿਆਪਾ ਕੀਤਾ ਅਤੇ ਦੋਸ਼ ਲਗਾਇਆ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਵਰਕਰਾਂ ਤੇ ਹੈਲਪਰਾਂ ਨੂੰ ਤਨਖਾਹਾਂ ਸਮੇਂ ਸਿਰ ਨਹੀਂ ਮਿਲੀਆਂ ਤੇ ਵਰਕਰਾਂ ਤੇ ਹੈਲਪਰਾਂ ਰੁਲਦੀਆਂ ਫਿਰਦੀਆ ਹਨ ।
ਬਾਅਦ ਵਿੱਚ ਸਖਤ ਗਰਮੀਂ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਫਰੀਦਕੋਟ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਤੇ ਨਾਹਰੇਬਾਜੀ ਕਰਦਿਆਂ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਲੋਕਾਂ ਨੂੰ ਦੱਸੀਆਂ ।
ਇਸ ਮੌਕੇ ਛਿੰਦਰਪਾਲ ਕੌਰ ਥਾਂਦੇਵਾਲਾ , ਗੁਰਮੀਤ ਕੌਰ ਗੋਨੇਆਣਾ , ਦਲਜਿੰਦਰ ਕੌਰ ਉਦੋਨੰਗਲ , ਸਤਵੰਤ ਕੌਰ ਭੋਗਪੁਰ , ਬਲਵੀਰ ਕੌਰ ਮਾਨਸਾ , ਜਸਵੀਰ ਕੌਰ ਦਸੂਹਾ , ਮਹਿੰਦਰ ਕੌਰ ਪੱਤੋ ਮੋਗਾ , ਗੁਰਅੰਮ੍ਰਿਤ ਕੌਰ ਸਿੱਧਵਾਂ ਬੇਟ , ਰੀਮਾ ਰਾਣੀ ਰੋਪੜ , ਬਲਜੀਤ ਕੌਰ ਮੋਹਾਲੀ , ਪੂਨਾ ਰਾਣੀ ਨਵਾਂਸ਼ਹਿਰ , ਸ਼ੀਲਾ ਦੇਵੀ ਤੱਲੇਵਾਲਾ ਫਿਰੋਜ਼ਪੁਰ , ਗੁਰਮੀਤ ਕੌਰ ਦਬੜੀਖਾਨਾ , ਮਨਜੀਤ ਕੌਰ ਸੁਲਤਾਨਪੁਰ ਲੋਧੀ , ਦਲਜੀਤ ਕੌਰ ਬਰਨਾਲਾ , ਸੁਰਿੰਦਰ ਕੌਰ ਮਲੇਰਕੋਟਲਾ , ਜਸਵਿੰਦਰ ਕੌਰ ਪੱਟੀ , ਰਾਕੇਸ਼ ਪਠਾਨਕੋਟ , ਸਨਿਰਮਲ ਗੁਰਦਾਸਪੁਰ , ਰੇਸ਼ਮਾ ਰਾਣੀ ਫਾਜ਼ਿਲਕਾ ਤੋਂ ਇਲਾਵਾ ਖੁਸ਼ਪਾਲ ਕੌਰ ਭਾਗਥਲਾ , ਸਰਬਜੀਤ ਕੌਰ ਫਰੀਦਕੋਟ , ਸ਼ਰਨਜੀਤ ਕੌਰ , ਰਾਜਵਿੰਦਰ ਕੌਰ , ਜਸਵਿੰਦਰ ਕੌਰ ਬੱਬੂ ਦੋਦਾ , ਕੁਲਜੀਤ ਕੌਰ ਗੁਰੂ ਹਰਸਹਾਏ , ਬੇਅੰਤ ਕੌਰ ਪੱਟੀ , ਸਤਵੰਤ ਕੌਰ ਤਲਵੰਡੀ ਸਾਬੋ , ਸਰਬਜੀਤ ਕੌਰ ਮਹਿਰਾਜ , ਪ੍ਰਕਾਸ਼ ਕੌਰ ਮਮਦੋਟ , ਛਿੰਦਰਪਾਲ ਕੌਰ ਜਲਾਲਾਬਾਦ , ਲਾਭ ਕੌਰ ਸੰਗਤ , ਜਤਿੰਦਰ ਕੌਰ ਚੋਹਲਾ ਸਾਹਿਬ , ਰਜਵੰਤ ਕੌਰ ਤਰਨਤਾਰਨ , ਇੰਦਰਜੀਤ ਕੌਰ ਖੂਈਆਂ ਸਰਵਰ , ਰਾਜ ਕੌਰ ਘੱਲ ਖੁਰਦ , ਜੀਵਨ ਸ਼ਰਮਾਂ ਮੱਖੂ , ਵੀਰਪਾਲ ਕੌਰ ਬੀਦੋਵਾਲੀ ਤੇ ਕਿਰਨਜੀਤ ਕੌਰ ਭੰਗਚੜੀ ਆਦਿ ਆਗੂ ਮੌਜੂਦ ਸਨ ।