ਸਿਹਤ ਵਿਭਾਗ ਦੀਆਂ ਟੀਮਾਂ ਘਰ ਘਰ ਜਾ ਕੇ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਕਰ ਰਹੀਆਂ ਹਨ ਗਤੀਵਿਧੀਆਂ : ਡਾ. ਰੀਟਾ ਬਾਲਾ
ਸ੍ਰੀ ਮੁਕਤਸਰ ਸਾਹਿਬ, 16 ਅਗਸਤ (BTTNEWS)- ਸਿਹਤ ਵਿਭਾਗ ਵੱਲੋਂ ਡਾ. ਰੀਟਾ ਬਾਲਾ ਸਿਵਲ ਸਰਜਨ ਅਤੇ ਡਾ. ਵਰੁਣ ਵਰਮਾ ਜਿਲ੍ਹਾ ਐਪੀਡੀਮੋਲੋਜਿਸਟ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਡੇਂਗੂ ਅਤੇ ਮਲੇਰੀਆ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ ।ਇਸ ਸਬੰਧ ਵਿਚ ਡਾ ਰੀਟਾ ਬਾਲਾ ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਅਤੇ ਜਿਲ੍ਹਾ ਪ੍ਰਸ਼ਾਸ਼ਣ ਦੇ ਸਹਿਯੋਗ ਨਾਲ ਡੇਂਗੂ ਵਿਰੋਧੀ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਅਤੇ ਜਿਲ੍ਹੇ ਵਿਚ ਹੁਣ ਤੱਕ ਡੇਂਗੂ ਦੇ 21 ਕੇਸ ਹੀ ਰਿਪੋਰਟ ਹਨ ਜਿਨ੍ਹਾ ਵਿਚੋਂ 10 ਪੈਂਡੂ ਖੇਤਰ ਅਤੇ 11 ਸ਼ਹਿਰੀ ਖੇਤਰ ਦੇ ਹਨ ਜੋ ਹੁਣ ਬਿਲਕੁਲ ਠੀਕ ਹਨ।ਉਨ੍ਹਾ ਕਿਹਾ ਕਿ ਘਰਾਂ ਦੇ ਅੰਦਰ ਅਤੇ ਆਲੇ ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ਤਾਂ ਡੇਂਗੂ ਅਤੇ ਮਲੇਰੀਆ ਫੈਲਾਉਣ ਵਾਲੇ ਮੱਛਰ ਪੈਦਾ ਨਾ ਹੋ ਸਕਣ।ਉਨ੍ਹਾ ਦੱਸਿਆ ਕਿ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਅਬੋਹਰ ਰੋਡ ਵਿਖੇ ਟਾਇਰਾਂ ਦੀਆਂ ਦੁਕਾਨਾ,ਕਬਾੜ ਦੀਆਂ ਦੁਕਾਨਾ,ਝੁੱਗੀਆਂ ਵਾਲਾ ਏਰੀਆ ਵਿਖੇ ਡੈਂਗੂ ਅਤੇ ਮਲੇਰੀਆ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਖੜੇ ਪਾਣੀ ਵਿਚ ਬੀ.ਟੀ.ਆਈ. ਅਤੇ ਟੈਮੀਫਾਸ ਸਪਰੇ ਕੀਤੀ ਗਈ ਜਿਸ ਨਾਲ ਪਾਣੀ ਵਿਚ ਪੈਦਾ ਹੋਣ ਵਾਲੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।ਟੀਮਾਂ ਵਲੋਂ ਘਰ ਘਰ ਜਾ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਜਾਗਰੁਕ ਕਰਨ ਲਈ ਪੈਫਲਿਟ ਵੰਡੇ ਗਏ ਅਤੇ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਗਈ।ਇਸ ਮੌਕੇ ਡਾ. ਵਰੁਣ ਵਰਮਾ ਜਿਲ੍ਹਾ ਐਪੀਡੀਮੋਲੋਜਿਸਟ ਨੇ ਆਮ ਲੋਕਾਂ ਨੂੰ ਅਪੀਲ ਕਿ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਵਿਚ ਭਾਗ ਲੈਂਦੇ ਹੋਏ ਹਰ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ ।ਉਨ੍ਹਾ ਕਿਹਾ ਕਿ ਡੇਂਗੂ ਅਤੇ ਮਲੇਰੀਆ ਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਇਸ ਸਬੰਧ ਵਿਚ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ ਅਤੇ ਭਗਵਾਨ ਦਾਸ ਅਤੇ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।ਮਲੇਰੀਆ ਅਤੇ ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਜਗਮੀਤ ਸਿੰਘ, ਗੁਰਪਿੰਦਰ ਸਿੰਘ ਸਿਹਤ ਵਰਕਰ ਅਤੇ ਬ੍ਰੀਡਿੰਗ ਚੈਕਰ ਹਾਜ਼ਰ ਸਨ।