ਮਲੋਟ/ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (BTTNEWS)- ਲੰਬੇ ਸਮੇਂ ਤੋਂ ਲਟਕਦੇ ਬਿਜਲੀ ਦੇ ਮਸਲਿਆਂ ਨੂੰ ਹੱਲ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਐਡਵਰਡ ਗੰਜ ਮਲੋਟ ਵਿੱਖੇ "ਸਰਕਾਰ ਤੁਹਾਡੇ ਦੁਆਰ" ਪ੍ਰੋਗਰਾਮ ਦੇ ਤਹਿਤ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ।
ਇਸ ਸਮਾਗਮ ਵਿੱਚ ਹਲਕੇ ਦੇ ਸਬੰਧਤ ਅਧਿਕਾਰੀ, ਨਿਗਰਾਨ ਇੰਜਨੀਅਰ, ਸੀਨੀਅਰ ਕਾਰਜਕਾਰੀ ਇੰਜਨੀਅਰ ਅਤੇ ਉਪ ਮੰਡਲ ਇੰਜਨੀਅਰ ਸਮੇਤ ਪ੍ਰਮੁੱਖ ਅਧਿਕਾਰੀਆਂ ਦੀ ਸਰਗਰਮ ਸ਼ਮੂਲੀਅਤ ਦੇਖਣ ਨੂੰ ਮਿਲੀ। ਡਾ. ਬਲਜੀਤ ਕੌਰ ਨੇ ਇਸ ਮੌਕੇ ਮਲੋਟ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਬਿਜਲੀ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਮਲੋਟ ਵਿਖੇ ਆਯੋਜਿਤ ਇਸ ਕੈਂਪ ਨੇ ਸਥਾਨਕ ਨਿਵਾਸੀਆਂ ਲਈ ਕਈ ਸਾਲਾਂ ਤੋਂ ਲਗਾਤਾਰ ਬਿਜਲੀ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਹ ਕੈਂਪ ਨਾਲ ਸਥਾਨਕ ਨਿਵਾਸੀਆਂ ਨੂੰ ਉਮੀਦ ਦੀ ਕਿਰਨ ਜਾਗੀ ਹੈ, ਕਿਉਂਕਿ ਉਹ ਇਨ੍ਹਾਂ ਮੁੱਦਿਆਂ ਦੇ ਹੱਲ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਮਲੋਟ ਦੇ ਵਸਨੀਕਾਂ ਨੂੰ ਦਰਪੇਸ਼ ਬਿਜਲੀ ਸਮੱਸਿਆਵਾਂ ਦੇ ਹੱਲ ਲਈ ਵਚਨਬੱਧਤਾ ਪ੍ਰਗਟਾਈ।
ਕੈਂਪ ਦੌਰਾਨ, ਵਸਨੀਕਾਂ ਨੂੰ ਆਪਣੀਆਂ ਸ਼ਿਕਾਇਤਾਂ ਦਰਜ ਕਰਨ, ਸਪੱਸ਼ਟੀਕਰਨ ਲੈਣ ਅਤੇ ਬਿਜਲੀ ਸਪਲਾਈ ਵਿੱਚ ਸੁਧਾਰ ਲਈ ਸੁਝਾਅ ਦੇਣ ਦਾ ਮੌਕਾ ਮਿਲਿਆ। ਇਸ ਮੌਕੇ ਵਸਨੀਕਾਂ ਨੂੰ ਬਿਜਲੀ ਬਚਾਉਣ ਅਤੇ ਬਿਜਲੀ ਦੀ ਵਰਤੋਂ ਬਾਰੇ ਜਾਗਰੂਕ ਕੀਤਾ।
ਪੰਜਾਬ ਪਾਵਰ ਕਾਮ ਦੇ ਅਧਿਕਾਰੀਆਂ ਨੇ ਐਡਵਰਡ ਗੰਜ ਮਲੋਟ ਵਿਖੇ ਬਿਜਲੀ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ।