ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (BTTNEWS)- ਸ੍ਰੀ ਮੁਕਤਸਰ ਸਾਹਿਬ ਦੇ ਜਿ਼ਲ੍ਹਾ ਮੈਜਿਸਟੇ੍ਰਟ ਡਾ: ਰੂਹੀ ਦੁੱਗ ਆਈਏਐਸ ਨੇ ਜਿ਼ਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਹੈ ਜੇਕਰ ਕਿਸੇ ਅਸਲਾ ਲਾਇਸੈਂਸ ਧਾਰਕ ਨੇ ਪਰਾਲੀ ਸਾੜੀ ਤਾਂ ਅਜਿਹੇ ਲਾਇਸੈਂਸ ਧਾਰਕ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ ਅਤੇ ਮੁੜ ਤੋਂ ਰੀਨਿਊ ਨਹੀਂ ਕੀਤਾ ਜਾਵੇਗਾ।
ਜਿ਼ਲ੍ਹਾ ਮੈਜਿਸਟੇ੍ਰਟ ਨੇ ਆਖਿਆ ਕਿ ਪਰਾਲੀ ਸਾੜਨ ਨਾਲ ਨਾ ਕੇਵਲ ਵਾਤਾਵਰਨ ਪ੍ਰਦੁਸਿ਼ਤ ਹੁੰਦਾ ਹੈ ਸਗੋਂ ਇਸ ਨਾਲ ਕਿਸਾਨ ਦੀ ਜਮੀਨ ਦੇ ਉਪਜਾਊ ਤੱਤ ਨਸ਼ਟ ਹੋਣ ਨਾਲ ਜਮੀਨ ਵੀ ਹੌਲੀ ਹੌਲੀ ਬੰਜਰ ਹੁੰਦੀ ਹੈ। ਇਸ ਲਈ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਦੀ ਬਜਾਏ ਪਰਾਲੀ ਨੂੰ ਖੇਤ ਵਿਚ ਹੀ ਮਿਲਾ ਕੇ ਕਣਕ ਦੀ ਬਿਜਾਈ ਕਰਣ ਦੀ ਵਿਧੀ ਨੂੰ ਅਪਨਾਉਣ। ਉਨ੍ਹਾਂ ਨੇ ਕਿਹਾ ਕਿ ਪਰਾਲੀ ਸਾੜਨ ਦਾ ਸਭ ਤੋਂ ਵੱਧ ਨੁਕਸਾਨ ਸਾਡੇ ਕਿਸਾਨਾਂ ਨੂੰ ਹੀ ਹੁੰਦਾ ਹੈ ਕਿਊਂਕਿ ਇਕ ਪਾਸੇ ਇਸ ਨਾਲ ਜਮੀਨ ਦੇ ਪੋਸ਼ਕ ਤੱਤ ਨਸ਼ਟ ਹੋ ਜਾਂਦੇ ਹਨ ਦੂਜੇ ਪਾਸੇ ਇਸਦਾ ਧੂੰਆ ਸਭ ਤੋਂ ਪਹਿਲਾਂ ਸਾਡੇ ਕਿਸਾਨਾਂ ਦੀ ਸਿਹਤ ਲਈ ਹੀ ਸਿਹਤ ਸਮੱਸਿਆਵਾਂ ਪੈਦਾ ਕਰਨ ਦਾ ਕਾਰਨ ਬਣਦਾ ਹੈ।
ਇਸ ਲਈ ਇਸ ਪ੍ਰਥਾ ਨੂੰ ਨਿਰਉਤਸਾਹਿਤ ਕਰਨ ਲਈ ਪ੍ਰਸ਼ਾਸਨ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਅਸਲਾ ਲਾਇਸੈਂਸ ਧਾਰਕ ਨੇ ਜੇਕਰ ਪਰਾਲੀ ਨੂੰ ਅੱਗ ਲਗਾਈ ਤਾਂ ਉਸਦੇ ਲਾਇਸੈਂਸ ਨੂੰ ਹੀ ਰੱਦ ਕਰ ਦਿੱਤਾ ਜਾਵੇਗਾ ਜਦ ਕਿ ਹੋਰ ਲਾਗੂ ਕਾਨੂੰਨਾਂ ਅਨੁਸਾਰ ਵੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।