ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (BTTNEWS)- ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਜਾਰੀ ਪੱਤਰ ਰਾਹੀਂ ਪੰਜਾਬ ਰਾਜ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ/ਅਦਾਰਿਆਂ/ ਸੰਸਥਾਵਾਂ/ ਵਿੱਦਿਅਕ ਅਦਾਰਿਆਂ/ ਬੋਰਡਾਂ/ ਨਿਗਮਾਂ ਅਤੇ ਗ਼ੈਰ ਸਰਕਾਰੀ ਸੰਸਥਾਵਾਂ, ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ/ਮੀਲ ਪੱਥਰ/ ਨਾਮ ਪੱਟੀਆਂ/ ਬੋਰਡ 21 ਫਰਵਰੀ 2023 ਤੱਕ ਪੰਜਾਬੀ ਭਾਸ਼ਾ ਵਿੱਚ ਲਿਖੇ ਜਾਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਇਹ ਜਾਣਕਾਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਰੀਤ ਕੌਰ ਸੰਧੂ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਦੇ ਪੱਤਰ ਅਤੇ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੇ ਪੱਤਰ ਰਾਹੀਂ ਹੁਣ ਉਕਤ ਦਰਜ ਕਾਰਜ ਮੁਕੰਮਲ ਕਰਨ ਲਈ 21 ਨਵੰਬਰ 2023 ਤੱਕ ਦਾ ਸਮਾਂ ਦਿੱਤਾ ਗਿਆ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਕਿਹਾ ਕਿ ਜਿਨ੍ਹਾਂ ਨੇ ਉਕਤ ਅਨੁਸਾਰ ਬੋਰਡ ਪੰਜਾਬੀ ਭਾਸ਼ਾ ਵਿੱਚ ਨਹੀਂ ਕਰਵਾਏ ਉਹ ਨਿਰਧਾਰਤ ਮਿਤੀ ਤੋਂ ਪਹਿਲਾਂ ਮੁਕੰਮਲ ਕਰਵਾ ਲੈਣ। ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਕਿਹਾ ਕਿ ਪੰਜਾਬੀ ਨੂੰ ਪ੍ਰਫੁਲਿਤ ਕਰਨ ਲਈ ਗੰਭੀਰ ਯਤਨ ਕੀਤੇ ਜਾ ਰਹੇ ਹਨ ਅਤੇ ਇਹਨਾਂ ਯਤਨਾਂ ਨੂੰ ਸਫਲ ਬਣਾਉਣ ਲਈ ਸਮੂਹ ਪੰਜਾਬ ਵਾਸੀ ਇਸ ਵਿੱਚ ਸਹਿਯੋਗ ਜਰੂਰ ਕਰਨ। ਉਹਨਾਂ ਕਿਹਾ ਕਿ ਰਾਜ ਭਾਸ਼ਾ ਨੂੰ ਮਾਣ-ਸਤਿਕਾਰ ਦੇਣਾ ਸਾਡੀ ਸਭ ਦੀ ਜ਼ਿੰਮੇਵਾਰੀ ਹੈ ਤੇ ਇਸਨੂੰ ਪ੍ਰਮੁੱਖਤਾ ਦਿੱਤੀ ਜਾਣੀ ਲਾਜ਼ਮੀ ਹੈ।
ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਰੀਤ ਕੌਰ ਸੰਧੂ |