ਪ੍ਰਸਾਸ਼ਨ ਵੱਲੋਂ ਪਿੰਡ ਪਿੰਡ ਜਾ ਕੇ ਪਰਾਲੀ ਨਾ ਸਾੜਨ ਦੀ ਕੀਤੀ ਜਾ ਰਹੀ ਹੈ ਅਪੀਲ
ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (BTTNEWS)- ਡਾ. ਰੂਹੀ ਦੁੱਗ, ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਨੈਸ਼ਨਲ ਗਰੀਨ ਟ੍ਰਿਬਿਉਨਲ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ. ਜਿਸ ਤਹਿਤ ਜ਼ਿਲ੍ਹੇ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ।
ਇਨ੍ਹਾਂ ਦੌਰਿਆ ਦੌਰਾਨ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਸੁਚੱਜਾ ਪ੍ਰਬੰਧਨ ਕੀਤਾ ਜਾਵੇ। ਜੇਕਰ ਇਸ ਦੌਰਾਨ ਕੋਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਂਦਾ ਪਾਇਆ ਜਾਂਦਾ ਹੈ ਤਾਂ ਮੌਕੇ ’ਤੇ ਹੀ ਉਸਨੂੰ ਅੱਗ ਬੁਝਾਉਣ ਲਈ ਪ੍ਰੈਰਿਤ ਕੀਤਾ ਜਾਂਦਾ ਹੈ ਅਤੇ ਮੌਕੇ ’ਤੇ ਹੀ ਪਰਾਲੀ ਨੂੰ ਲੱਗੀ ਅੱਗ ਬੁਝਾਈ ਜਾਂਦੀ ਹੈ।
ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੜ੍ਹੇਵਾਨ ਵਿਖੇ ਤਹਿਸੀਲਦਾਰ ਸ. ਸੁਖਬੀਰ ਸਿੰਘ ਬਰਾੜ ਵੱਲੋਂ ਕੀਤੇ ਪਿੰਡ ਦੇ ਦੌਰੇ ਦੌਰਾਨ ਕਿਸਾਨ ਵੱਲੋਂ ਖੇਤ ਵਿੱਚ ਪਰਾਲੀ ਦੀ ਰਹਿਦ-ਖੂੰਹਦ ਨੂੰ ਲਗਾਈ ਜਾ ਰਹੀ ਅੱਗ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣੂੰ ਕਰਵਾਇਆ ਅਤੇ ਮੌਕੇ ’ਤੇ ਹੀ ਅੱਗ ਬੁਝਾਈ ਗਈ।
ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਉਚਿਤ ਤਰੀਕੇ ਨਾਲ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਸਰਕਾਰ ਵੱਲੋਂ ਵੱਡੇ ਪੱਧਰ ਤੇ ਮਸ਼ੀਨਾਂ ਉਪਲਬੱਧ ਕਰਵਾਈਆਂ ਗਈਆਂ ਹਨ ਅਤੇ ਇਸ ਸਬੰਧੀ ਕਿਸਾਨ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰਕੇ ਉਪਲਬੱਧ ਮਸ਼ੀਨਾਂ ਦੀ ਜਾਣਕਾਰੀ ਲੈ ਸਕਦੇ ਹਨ।