- ਸਿੱਖਿਆ ਮੰਤਰੀ ਹਰਜੋਤ ਬੈਂਸ ਤੋਂ ਅਸਤੀਫਾ ਲੈ ਕੇ ਪਰਚਾ ਦਰਜ ਕੀਤਾ ਜਾਵੇ: ਹਰਗੋਬਿੰਦ ਕੌਰ
ਚੰਡੀਗੜ੍ਹ , 22 ਅਕਤੂਬਰ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਹੈ ਕਿ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਨੇ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਖੁਦਕੁਸ਼ੀ ਦਾ ਰਾਹ ਚੁਣਿਆ ਹੈ ਤੇ ਇਸ ਲਈ ਜ਼ੁੰਮੇਵਾਰ ਸਿੱਖਿਆ ਮੰਤਰੀ ਹਰਜੋਤ ਬੈਂਸ ਤੋਂ ਅਸਤੀਫਾ ਲੈ ਕੇ ਤੁਰੰਤ ਪਰਚਾ ਦਰਜ ਕੀਤਾ ਜਾਵੇ । ਹਰਗੋਬਿੰਦ ਕੌਰ ਨੇ ਕਿਹਾ ਹੈ ਕਿ ਬਦਲਾਅ ਲਿਆਉਣ ਵਾਲੀ ਸਰਕਾਰ ਦੇ ਰਾਜ ਵਿੱਚ ਕੀ ਕੁਝ ਹੋ ਰਿਹਾ ਹੈ । ਜੇਕਰ ਅਧਿਆਪਕ ਤੇ ਪ੍ਰੋਫੈਸਰ ਵਰਗ ਜੋ ਹੋਰਨਾਂ ਲਈ ਚਾਨਣ ਮੁਨਾਰਾ ਹੈ ਹੀ ਸਰਕਾਰ ਤੋਂ ਤੰਗ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀਆਂ ਦਾ ਰਾਹ ਚੁਣ ਲਵੇ ਤਾਂ ਫੇਰ ਦੂਜੇ ਲੋਕਾਂ ਦਾ ਕੀ ਬਣੇਗਾ ਤੇ ਉਹਨਾਂ ਨੂੰ ਇਨਸਾਫ਼ ਅਤੇ ਨਿਆਂ ਕਿਥੋਂ ਮਿਲੂਗਾ । ਉਹਨਾਂ ਕਿਹਾ ਕਿ ਇਹ ਅਤਿ ਨਿੰਦਣਯੋਗ ਘਟਨਾ ਹੈ ਤੇ ਸਾਰੇ ਵਰਗਾਂ ਦੇ ਲੋਕਾਂ ਨੂੰ ਇਸ ਦਾ ਵਿਰੋਧ ਕਰਨਾ ਚਾਹੀਦਾ ਹੈ ।
ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਦੇ ਕਾਲਜਾਂ ਵਿੱਚ ਅਸਿਸਟੈਂਟ ਪ੍ਰੋਫੈਸਰਾਂ ਦੀ ਘਾਟ ਹੈ ਪਰ ਆਪ ਸਰਕਾਰ ਨਵੀਂ ਭਰਤੀ ਕਰਨੀ ਤਾਂ ਦੂਰ ਪਿਛਲੀ ਸਰਕਾਰ ਵੱਲੋਂ ਭਰਤੀ ਕੀਤੇ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਜੁਆਇਨਿੰਗ ਵੀ ਨਹੀਂ ਕਰਵਾ ਰਹੀ। ਇਨਸਾਫ਼ ਲਈ ਦੋ ਮਹੀਨਿਆਂ ਤੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਧਰਨੇ 'ਤੇ ਬੈਠੇ ਇਨ੍ਹਾਂ ਅਧਿਆਪਕਾਂ ਦੀਆਂ ਮੰਗਾਂ ਨੂੰ ਮੰਤਰੀ ਵੱਲੋਂ ਅਣਗੌਲਿਆ ਕਰਨਾ ਬੇਹੱਦ ਸ਼ਰਮਨਾਕ ਹੈ। ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤੇ ਜਾ ਰਹੇ ਇਨ੍ਹਾਂ ਬੇਰੁਜ਼ਗਾਰਾਂ ਦਾ ਸਰਕਾਰ ਵੱਲੋਂ ਰੱਜ ਕੇ ਸ਼ੋਸ਼ਣ ਕੀਤਾ ਜਾ ਰਿਹਾ ਹੈ।
ਹਰਗੋਬਿੰਦ ਕੌਰ ਨੇ ਕਿਹਾ ਕਿ ਉਹ ਸਹਾਇਕ ਪ੍ਰੋਫੈਸਰਾਂ ਦੇ ਸੰਘਰਸ਼ ਦੀ ਹਮਾਇਤ ਕਰਦੇ ਹਨ ਤੇ ਉਹਨਾਂ ਦੇ ਨਾਲ ਖੜਨਗੇ ।