130+ ਰੇਲਵੇ ਸਟੇਸ਼ਨਾਂ ਅਤੇ ਹੋਰ ਥਾਵਾਂ ’ਤੇ 5584 ਵਿਅਕਤੀਆਂ ਦੀ ਜਾਮਾ-ਤਲਾਸ਼ੀ ; 8 ਸ਼ੱਕੀ ਨਜ਼ਰਬੰਦ, 2 ਗ੍ਰਿਫਤਾਰ

BTTNEWS
0

 - ਅਪਰੇਸ਼ਨ ਦੌਰਾਨ 10000 ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਵੀ ਕੀਤੀ ਗਈ ਚੈਕਿੰਗ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ 

ਚੰਡੀਗੜ੍ਹ, 22 ਅਕਤੂਬਰ (BTTNEWS)- ਤਿਉਹਾਰਾਂ ਦਾ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਵਲੋਂ ਸ਼ਨੀਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ, ਬਾਜ਼ਾਰਾਂ ਅਤੇ ਹੋਰ ਭੀੜ-ਭੜੱਕੇ ਵਾਲੇ ਖੇਤਰਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ  ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਪ੍ਰੇਸ਼ਨ (ਸੀ.ਏ.ਐਸ.ਓ.) ਚਲਾਇਆ ਗਿਆ। ਇਹ ਅਪ੍ਰੇਸ਼ਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਚਲਾਇਆ ਗਿਆ।

130+ ਰੇਲਵੇ ਸਟੇਸ਼ਨਾਂ ਅਤੇ ਹੋਰ ਥਾਵਾਂ ’ਤੇ 5584 ਵਿਅਕਤੀਆਂ ਦੀ  ਜਾਮਾ-ਤਲਾਸ਼ੀ ; 8 ਸ਼ੱਕੀ ਨਜ਼ਰਬੰਦ, 2 ਗ੍ਰਿਫਤਾਰ

ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ , ਇਹ ਸੀ.ਏ.ਐਸ.ਓ., ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਇੱਕੋ ਸਮੇਂ ਦੌਰਾਨ  ਚਲਾਇਆ ਗਿਆ , ਜਿਸ  ਤਹਿਤ ਪੁਲਿਸ ਟੀਮਾਂ ਨੇ ਸਨਿਫਰ ਡੌਗਜ਼ ( ਸੁੰਘਣ ਵਾਲੇ ਕੁੱਤਿਆਂ) ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ’ਤੇ ਆਉਂਦੇ-ਜਾਂਦੇ ਲੋਕਾਂ ਦੀ ਤਲਾਸ਼ੀ ਕੀਤੀ  । ਇਸ ਤੋਂ ਬਾਅਦ ਸ਼ਾਮ 5 ਵਜੇ ਤੋਂ ਰਾਤ 10 ਵਜੇ ਤੱਕ ਪੁਲਿਸ ਟੀਮਾਂ ਨੇ ਦੋ-ਪਹੀਆ ਵਾਹਨਾਂ ਦੀ ਚੈਕਿੰਗ ਵੀ ਕੀਤੀ।

ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ ’ਤੇ ਇਸ ਰਾਜ ਪੱਧਰੀ ਅਪ੍ਰੇਸ਼ਨ ਦੀ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਡੀਐਸਪੀ/ਐਸਪੀ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਵੱਧ ਤੋਂ ਵੱਧ ਪੁਲਿਸ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ ਤਾਂ ਜੋ ਅਪ੍ਰੇਸ਼ਨ  ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ ।

ਉਨ੍ਹਾਂ ਸਮੂਹ ਪੁਲਿਸ ਮੁਲਾਜ਼ਮਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਇਸ ਅਭਿਆਨ ਦੌਰਾਨ ਹਰੇਕ ਵਿਅਕਤੀ ਨਾਲ  ਨਿਮਰਤਾ ਅਤੇ ਦੋਸਤਾਨਾ ਢੰਗ ਨਾਲ ਪੇਸ਼ ਆਉਣ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ, ਬਾਜ਼ਾਰਾਂ ਅਤੇ ਹੋਰ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਨ ਲਈ ਸੂਬੇ ਭਰ ਵਿੱਚ 5000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 506 ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ ਤਾਂ ਜੋ ਆਮ ਲੋਕਾਂ ਦੀ  ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ 130 ਤੋਂ ਵੱਧ ਰੇਲਵੇ ਸਟੇਸ਼ਨਾਂ ਅਤੇ ਹੋਰ ਥਾਵਾਂ ’ਤੇ ਚਲਾਏ ਗਏ ਆਪਰੇਸ਼ਨ ਦੌਰਾਨ 5584 ਤੋਂ ਵੱਧ ਲੋਕਾਂ ਦੀ ਚੈਕਿੰਗ ਕੀਤੀ ਗਈ।

ਆਪਰੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ 8 ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ, ਜਦੋਂ ਕਿ ਕਾਰਵਾਈ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਅਪਰੇਸ਼ਨ ਦੌਰਾਨ ਘੱਟੋ-ਘੱਟ 10898 ਦੋਪਹੀਆ ਵਾਹਨਾਂ ਦੀ ਚੈਕਿੰਗ ਕੀਤੀ, ਜਿਨ੍ਹਾਂ ਵਿਚੋਂ 42 ਨੂੰ ਜ਼ਬਤ ਕੀਤਾ ਗਿਆ ਅਤੇ 699 ਦੇ ਚਲਾਨ ਕੀਤੇ ਗਏ ।

Post a Comment

0Comments

Post a Comment (0)