ਚੰਡੀਗੜ੍ਹ, 21 ਦਸੰਬਰ (BTTNEWS)- ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਕਾਨੂੰਨ ਅਧਿਕਾਰੀ (ਲਾਅ ਅਫਸਰ) ਵਜੋਂ ਤਾਇਨਾਤ ਐਡਵੋਕੇਟ ਗੌਤਮ ਮਜੀਠੀਆ ਨੂੰ 8 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਨ ਅਧਿਕਾਰੀ, ਵਾਸੀ ਗ੍ਰੀਨ ਫੀਲਡ, ਮਜੀਠਾ ਰੋਡ, ਅੰਮ੍ਰਿਤਸਰ ਨੂੰ ਜਤਿੰਦਰ ਸਿੰਘ, ਵਾਸੀ ਪ੍ਰਤਾਪ ਐਵੀਨਿਊ, ਅੰਮ੍ਰਿਤਸਰ ਵੱਲੋਂ ਕੀਤੀ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਇਸ ਸਬੰਧ ਵਿੱਚ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ’ਚ ਦੋਸ਼ ਲਾਇਆ ਹੈ ਕਿ ਉਕਤ ਕਾਨੂੰਨ ਅਧਿਕਾਰੀ ਨੇ ਉਸ ਦੀ ਜ਼ਮੀਨ ਐਕਵਾਇਰ ਕਰਨ ਬਦਲੇ ਜ਼ਿਲ੍ਹਾ ਅਦਾਲਤ ਦੇ ਨਿਰਦੇਸ਼ਾਂ ’ਤੇ 20 ਫੀਸਦੀ ਹੋਰ ਵੱਧ ਮੁਆਵਜ਼ਾ ਭਾਵ 20 ਲੱਖ ਰੁਪਏ ਦਾ ਵਾਧੂ ਮੁਆਵਜ਼ਾ ਜਾਰੀ ਕਰਨ ਦੇ ਇਵਜ਼ ’ਚ 8 ਲੱਖ ਰੁਪਏ ਬਤੌਰ ਰਿਸ਼ਵਤ ਲਏ ਸਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੀ ਅਦਾਇਗੀ ਸਬੰਧੀ ਵਕੀਲ ਨਾਲ ਹੋਈ ਸਾਰੀ ਗੱਲਬਾਤ ਰਿਕਾਰਡ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪੀ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ੀ ਕਾਨੂੰਨ ਅਫਸਰ ਨੂੰ ਸ਼ਿਕਾਇਤਕਰਤਾ ਤੋਂ 8 ਲੱਖ ਰੁਪਏ ਰਿਸ਼ਵਤ ਲੈਣ ’ਚ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧੀ ਮੁਲਜ਼ਮ ਵਕੀਲ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਜਾਅਲੀ ਜਨਮ ਸਰਟੀਫਿਕੇਟ ਵੇਚਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਭਗੌੜਾ ਪ੍ਰਾਈਵੇਟ ਏਜੰਟ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗਹਿਰੀ ਦੇ ਵਸਨੀਕ ਨਿਰੰਜਨ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਇੱਕ ਫੌਜਦਾਰੀ ਕੇਸ ਦੇ ਸਬੰਧ ਵਿੱਚ ਪਿਛਲੇ ਪੰਜ ਸਾਲਾਂ ਤੋਂ ਆਪਣੀ ਗ੍ਰਿਫਤਾਰੀ ਤੋਂ ਬਚ ਰਿਹਾ ਸੀ। ਉਸ 'ਤੇ 10,000 ਰੁਪਏ ਪ੍ਰਤੀ ਜਨਮ ਸਰਟੀਫਿਕੇਟ ਵਸੂਲਣ ਦਾ ਦੋਸ਼ ਹੈ।
ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਵਿਰੁੱਧ 27-05-2017 ਨੂੰ ਆਈਪੀਸੀ ਦੀਆਂ ਧਾਰਾਵਾਂ 420, 467, 468, 120-ਬੀ, ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਦੇ ਨਾਲ 13 (2) ਤਹਿਤ ਵਿਜੀਲੈਂਸ ਪੁਲਿਸ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਅਪਰਾਧਿਕ ਕੇਸ ਦਰਜ ਕੀਤਾ ਗਿਆ ਸੀ। ਦੋਸ਼ੀ ਨੂੰ ਅਦਾਲਤ ਵੱਲੋਂ 06-06-2018 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ ਅਤੇ ਉਦੋਂ ਤੋਂ ਉਹ ਗ੍ਰਿਫਤਾਰੀ ਤੋਂ ਬਚ ਰਿਹਾ ਸੀ।
ਹੋਰ ਵੇਰਵੇ ਦਿੰਦੇ ਹੋਏ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਦੋਸ਼ੀ ਸਿਵਲ ਸਰਜਨ ਤਰਨਤਾਰਨ ਦਫਤਰ ਦੇ ਮੁਲਾਜ਼ਮਾਂ ਨਾਲ ਮਿਲੀਭੁਗਤ ਰਾਹੀਂ ਜਾਅਲੀ ਜਨਮ ਸਰਟੀਫਿਕੇਟ ਬਣਵਾ ਕੇ 10 ਹਜ਼ਾਰ ਰੁਪਏ ਵਿਚ ਪ੍ਰਤੀ ਸਰਟੀਫਿਕੇਟ ਵੇਚਦਾ ਸੀ। ਉਸ ਨੇ ਅਜਿਹੇ 20 ਤੋਂ ਵੱਧ ਜਾਅਲੀ ਸਰਟੀਫਿਕੇਟ ਜਾਰੀ ਕਰਕੇ ਮੋਟੀ ਰਕਮ ਇਕੱਠੀ ਕੀਤੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਅਦਾਲਤ ਨੇ ਉਕਤ ਮੁਲਜ਼ਮ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਅਤੇ ਫਿਟਰ ਹੈਲਪਰ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਦੇ ਐਸ.ਡੀ.ਓ. ਅਗਮਜੋਤ ਸਿੰਘ ਅਤੇ ਉਸ ਦੇ ਦਫ਼ਤਰ ਵਿੱਚ ਤਾਇਨਾਤ ਫਿਟਰ ਹੈਲਪਰ ਮਨਜੀਤ ਸਿੰਘ ਨੂੰ 1,00,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੂੰ ਸਿਵਲ ਠੇਕੇਦਾਰ ਜਤਿੰਦਰ ਸਿੰਘ, ਵਾਸੀ ਸੂਲਰ ਰੋਡ, ਪਟਿਆਲਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਹੈ।
ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਦੀ ਉਸਾਰੀ ਫਰਮ ਮੈਸਰਜ਼ ਗੁਰਾਇਆ ਕੰਟਰੈਕਟਰਜ਼, ਪਟਿਆਲਾ ਨੂੰ ਪੀ.ਟੀ.ਯੂ. ਕਪੂਰਥਲਾ ਵਿਖੇ ਦੋ ਕੰਮ ਅਲਾਟ ਹੋਏ ਸਨ ਅਤੇ ਉਕਤ ਦੋਸ਼ੀ ਅਧਿਕਾਰੀ ਨੇ ਉਸਦੀ ਫਰਮ ਨੂੰ ਇੱਕ ਕੰਮ ਵਿੱਚ ਦੇਰੀ ਕਰਨ ਲਈ 2,49,824 ਰੁਪਏ ਦਾ ਜੁਰਮਾਨਾ ਕੀਤਾ ਸੀ। ਇਸੇ ਦੌਰਾਨ ਸ਼ਿਕਾਇਤਕਰਤਾ ਨੇ ਜਾਅਲੀ ਰਸੀਦ ਤਿਆਰ ਕਰਕੇ ਕੱਟੇ ਹੋਏ ਜੁਰਮਾਨੇ ਦੀ ਰਾਸ਼ੀ ਵਿੱਚੋਂ 1,59,951 ਰੁਪਏ ਕਢਵਾ ਲਏ ਅਤੇ ਦੋਸ਼ੀ ਐਸ.ਡੀ.ਓ. ਅਤੇ ਉਸਦੇ ਫਿਟਰ ਹੈਲਪਰ ਨੇ ਉਸਨੂੰ ਧਮਕੀ ਦਿੱਤੀ ਕਿ ਜੇਕਰ ਉਸਨੇ ਰਿਸ਼ਵਤ ਵਜੋਂ 7 ਲੱਖ ਰੁਪਏ ਨਾ ਦਿੱਤੇ ਤਾਂ ਇਸ ਕਾਰਵਾਈ ਲਈ ਉਸ ਖਿਲਾਫ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਜਾਵੇਗੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਕੇਸ ਵਿਚ ਸੌਦਾ ਇੱਕ ਲੱਖ ਰੁਪਏ ਵਿੱਚ ਤੈਅ ਹੋਇਆ ਸੀ। ਉਸ ਨੇ ਅੱਗੇ ਦੱਸਿਆ ਕਿ ਜਦੋਂ ਉਕਤ ਮੁਲਜ਼ਮਾਂ ਨੇ ਉਸ ਨੂੰ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਦੀ ਧਮਕੀ ਦਿੱਤੀ ਤਾਂ ਉਸ ਨੇ ਜੁਰਮਾਨੇ ਦੀ ਉਕਤ ਰਕਮ 1,59,951 ਰੁਪਏ ਵਿਭਾਗ ਕੋਲ ਜਮ੍ਹਾਂ ਕਰਵਾ ਦਿੱਤੀ। ਸ਼ਿਕਾਇਤਕਰਤਾ ਠੇਕੇਦਾਰ ਨੇ ਉਕਤ ਮੁਲਜ਼ਮਾਂ ਨਾਲ ਇਸ ਦੌਰਾਨ ਰਿਸ਼ਵਤ ਦੀ ਰਕਮ ਮੰਗਣ ਸਬੰਧੀ ਹੋਈ ਗੱਲਬਾਤ ਰਿਕਾਰਡ ਕਰ ਲਈ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਇਸ ਆਨਲਾਈਨ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਉਕਤ ਐਸ.ਡੀ.ਓ. ਅਤੇ ਫਿਟਰ ਹੈਲਪਰ ਨੂੰ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਮੰਗ ਕਰਨ ‘ਤੇ ਦੋਸ਼ੀ ਪਾਏ ਜਾਣ ਉਪਰੰਤ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ।