ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੌਰਾਨ ਅਫ਼ਸਰਾਂ ਨੂੰ ਬਿਨਾਂ ਕਿਸੇ ਦਬਾਅ ਦੇ ਦਲੇਰੀ ਨਾਲ ਕੰਮ ਕਰਨ ਲਈ ਆਖਿਆ
ਚੰਡੀਗੜ੍ਹ, 5 ਦਸੰਬਰ (BTTNEWS)- ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਫਸਰਾਂ ਨੂੰ ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਆਦੇਸ਼ ਦਿੱਤੇ।
ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਸ਼ਿਆਂ ਦੇ ਖਿਲਾਫ਼ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਨੂੰ ਮੁਕੰਮਲ ਤੌਰ ਉਤੇ ਲਾਗੂ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪਹਿਲਾਂ ਹੀ ਤੋੜ ਦਿੱਤਾ ਹੈ ਅਤੇ ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਭੇਜਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੁਹਿੰਮ ਸਖਤੀ ਨਾਲ ਜਾਰੀ ਰਹਿਣੀ ਚਾਹੀਦੀ ਹੈ ਅਤੇ ਹੇਠਲੇ ਪੱਧਰ ’ਤੇ ਵੀ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਅੰਜ਼ਾਮ ਦਿੱਤਾ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਨੂੰ ਸਮੱਗਲਰਾਂ ਦੀ ਨਸ਼ਾ ਤਸਕਰੀ ਦੇ ਪੈਸੇ ਨਾਲ ਬਣਾਈ ਜਾਇਦਾਦ ਨੂੰ ਜ਼ਬਤ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਬਿਨਾਂ ਕਿਸੇ ਦਬਾਅ ਦੇ ਦੇਲਰੀ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਸਮਰਪਿਤ ਹੋ ਕੇ ਨਿਭਾਉਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖਿਲਾਫ਼ ਫੈਸਲਾਕੁੰਨ ਜੰਗ ਵਿੱਢੀ ਹੋਈ ਹੈ ਅਤੇ ਸੂਬੇ ਵਿੱਚੋਂ ਇਸ ਲਾਹਨਤ ਦਾ ਖੁਰਾ-ਖੋਜ ਮਿਟਾ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਪੁਲਿਸ ਅਫਸਰਾਂ ਨੂੰ ਹਦਾਇਤ ਕੀਤੀ ਕਿ ਡਿਊਟੀ ਨਿਭਾਉਂਦੇ ਸਮੇਂ ਪੰਜਾਬ ਪੁਲਿਸ ਨੂੰ ਆਪਣਾ ਸ਼ਾਨਦਾਰ ਰਿਕਾਰਡ ਹਰ-ਹਾਲ ਕਾਇਮ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਉਤੇ ਪਹਿਰਾ ਦੇਣਾ ਪੁਲਿਸ ਅਫਸਰਾਂ ਦੀ ਸਭ ਤੋਂ ਵੱਧ ਤਰਜੀਹ ਹੋਣੀ ਚਾਹੀਦੀ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਗਠਿਤ ਅਪਰਾਧ ਦੇ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜਬਰੀ ਵਸੂਲੀ ਅਤੇ ਫਿਰੌਤੀ ਦੇ ਮਾਮਲਿਆਂ ਨੂੰ ਰੋਕਣ ਅਤੇ ਸੁਲਝਾਉਣ ਉਤੇ ਵਧੇਰੇ ਧਿਆਨ ਦਿੱਤਾ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਕਾਨੂੰਨ ਦੇ ਮੁਤਾਬਕ ਆਪਣੀ ਡਿਊਟੀ ਨਿਰਪੱਖ ਅਤੇ ਸਖ਼ਤ ਮਿਹਨਤ ਨਾਲ ਨਿਭਾਉਣੀ ਚਾਹੀਦੀ ਹੈ। ਐਸ.ਐਸ.ਪੀਜ਼ ਨੂੰ ਆਪੋ-ਆਪਣੇ ਜ਼ਿਲ੍ਹੇ ਦੇ ਦੌਰੇ ਕਰਨ ਦੇ ਆਦੇਸ਼ ਦਿੰਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਸੁਲਝਾਉਣ ਲਈ ਆਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਵਿੱਚ ਵਿਸ਼ਵਾਸ ਦੀ ਭਾਵਨਾ ਪੈਦਾ ਹੋਵੇਗੀ ਜੋ ਆਮ ਲੋਕਾਂ ਨਾਲ ਸਬੰਧਤ ਮਸਲੇ ਸੁਲਝਾਉਣ ਵਿੱਚ ਬਹੁਤ ਸਹਾਈ ਸਿੱਧ ਹੋਵੇਗੀ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬਾ ਭਰ ਦੇ ਭੀੜ-ਭੜੱਕੇ ਵਾਲੇ ਇਲਾਕਿਆਂ ਖਾਸ ਕਰਕੇ ਬਾਜ਼ਾਰਾਂ ਵਿੱਚ ਚੌਕਸੀ ਵਧਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਅਤੇ ਦੁਸ਼ਮਣ ਤਾਕਤਾਂ ਨੂੰ ਨੱਥ ਪਾ ਕੇ ਸੂਬੇ ਦੀ ਅਮਨ-ਸ਼ਾਂਤੀ ਨੂੰ ਕਾਇਮ ਰੱਖਣਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਅਜਿਹੇ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਉਨ੍ਹਾਂ ਦੇ ਅਧਿਕਾਰ ਖੇਤਰ ਵਾਲੇ ਇਲਾਕਿਆਂ ਵਿੱਚ ਕਿਸੇ ਤਰ੍ਹਾਂ ਦੀ ਗੈਰ-ਕਾਨੂੰਨੀ ਮਾਈਨਿੰਗ ਹੈ ਤਾਂ ਉਸ ਨੂੰ ਤੁਰੰਤ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਗੈਰ-ਕਾਨੂੰਨੀ ਗਤੀਵਿਧੀ ਦੀ ਸਖ਼ਤੀ ਨਾਲ ਪੜਤਾਲ ਕੀਤੀ ਜਾਵੇ ਅਤੇ ਇਸ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਕੋਈ ਇਸ ਅਪਰਾਧ ਨੂੰ ਅੰਜ਼ਾਮ ਦਿੰਦਾ ਹੈ ਤਾਂ ਉਸ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਜੇਲ੍ਹਾਂ ਵਿੱਚ ਮੋਬਾਈਲ ਫੋਨਾਂ ਦੀ ਵਰਤੋਂ ਸਬੰਧੀ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਇਸ ਗੈਰ-ਕਾਨੂੰਨੀ ਗਤੀਵਿਧੀ ਨੂੰ ਤੁਰੰਤ ਰੋਕਣ ਲਈ ਆਖਿਆ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜੇਲ੍ਹ ਸਟਾਫ਼ ਅਤੇ ਪੁਲਿਸ ਵੱਲੋਂ ਅਜਿਹੀ ਢਿੱਲਮੱਠ ਅਣ-ਉਚਿਤ ਅਤੇ ਨਾ-ਸਹਿਣਯੋਗ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਅਜਿਹੀ ਗਤੀਵਿਧੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਸ ਕੁਤਾਹੀ ਲਈ ਜ਼ਿੰਮੇਵਾਰ ਸਟਾਫ਼ ਜਾਂ ਅਧਿਕਾਰੀ ਖ਼ਿਲਾਫ਼ ਵੀ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।