ਲੰਬੀ/ਸ੍ਰੀ ਮੁਕਤਸਰ ਸਾਹਿਬ , 15 ਦਸੰਬਰ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਨਾਲ ਸਬੰਧਿਤ ਵਿਧਾਨ ਸਭਾ ਹਲਕੇ ਲੰਬੀ ਦੇ 10 ਪਿੰਡਾਂ ਦੀਆਂ ਆਗੂ ਔਰਤਾਂ ਦੀ ਮੀਟਿੰਗ ਅੱਜ ਪਿੰਡ ਬਾਦਲ ਵਿਖੇ ਸੁਖਬੀਰ ਸਿੰਘ ਬਾਦਲ ਦੇ ਘਰ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਹੋਈ ।
ਜਿਸ ਦੌਰਾਨ ਵੱਡੀ ਗਿਣਤੀ ਵਿੱਚ ਔਰਤਾਂ ਨੇ ਸ਼ਮੂਲੀਅਤ ਕੀਤੀ । ਮੀਟਿੰਗ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਬੋਧਨ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਵੱਡੀ ਗਿਣਤੀ ਵਿੱਚ ਬੀਬੀਆਂ ਸ਼ਾਮਲ ਹੋ ਰਹੀਆਂ ਹਨ ਤੇ ਉਹਨਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ।
ਇਸ ਮੀਟਿੰਗ ਵਿੱਚ ਪਿੰਡ ਸ਼ਾਮਖੇੜਾ, ਭਾਗੁ , ਥਾਰਜਵਾਲਾ , ਚੱਕ , ਮਹਿਨਾ , ਡੱਬਵਾਲੀ , ਸਿੰਘੇਵਾਲਾ , ਦਾਣੇ ਕਾ ਚੱਕ , ਗੱਗੜ ਅਤੇ ਫੱਤਾਕੇਰਾ ਦੀਆਂ ਔਰਤਾਂ ਸ਼ਾਮਲ ਹੋਈਆਂ ।
ਇਸ ਮੌਕੇ ਹਰਗੋਬਿੰਦ ਕੌਰ ਨੇ ਕਿਹਾ ਕਿ ਸੂਬੇ ਦੀਆਂ ਔਰਤਾਂ ਆਮ ਆਦਮੀ ਪਾਰਟੀ ਦੇ ਲਗਾਏ ਗਏ ਝੂਠੇ ਲਾਰਿਆਂ ਤੋਂ ਤੰਗ ਆ ਚੁੱਕੀਆਂ ਹਨ । ਕਿਉਂਕਿ ਉਹਨਾਂ ਨੇ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ । ਉਹਨਾਂ ਕਿਹਾ ਕਿ ਹੁਣ ਔਰਤਾਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੀਆਂ ਹਨ ਕਿਉਂਕਿ ਉਹਨਾਂ ਨੂੰ ਪਤਾ ਲੱਗ ਚੁੱਕਾ ਹੈ ਕਿ ਇਹ ਖੇਤਰੀ ਪਾਰਟੀ ਹੀ ਹਰ ਵਰਗ ਦੇ ਲੋਕਾਂ ਦਾ ਭਲਾ ਕਰਦੀ ਹੈ ।
ਇਸ ਮੌਕੇ ਵੱਖ ਵੱਖ ਪਿੰਡਾਂ ਤੋਂ ਆਈਆਂ ਔਰਤਾਂ ਨੇ ਮੀਟਿੰਗ ਤੋਂ ਬਾਅਦ ਹਰਗੋਬਿੰਦ ਕੌਰ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਉਹਨਾਂ ਨੂੰ ਆਪਣੇ ਕੰਮ ਧੰਦੇ ਵੀ ਦੱਸੇ ।