ਇਸਤਰੀ ਅਕਾਲੀ ਦਲ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਵਾਲੇ ਦਿਨ ਧੀਆਂ ਦੀ ਲੋਹੜੀ ਮਨਾਉਣ ਦਾ ਫੈਸਲਾ ਕੀਤਾ ਗਿਆ
ਚੰਡੀਗੜ੍ਹ , 2 ਦਸੰਬਰ (ਸੁਖਪਾਲ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਸਾਰੇ ਪੱਧਰਾਂ ’ਤੇ ਔਰਤਾਂ ਨੂੰ ਸਨਮਾਨ ਦੇਣ ਲਈ ਵਚਨਬੱਧ ਹੈ ਤੇ ਉਹਨਾਂ ਇਸਤਰੀ ਅਕਾਲੀ ਦਲ ਨੂੰ ਬੇਨਤੀ ਕੀਤੀ ਕਿ ਉਹ ਮੈਂਬਰਾਂ ਦੀ ਭਰਤੀ ਕਰੇ ਤੇ ਆਉਂਦੀਆਂ ਸਥਾਨਕ ਸਰਕਾਰ ਤੇ ਪੰਚਾਇਤੀ ਚੋਣਾਂ ਲੜਨ ਦੀ ਤਿਆਰੀ ਕਰੇ।
ਇਥੇ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਹਰਗੋਬਿੰਦ ਕੌਰ ਦੇ ਨਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਅਕਾਲੀ ਦਲ ਵਿਚ ਇਕ ਮਜ਼ਬੂਤ ਤੇ ਠੋਸ ਲੀਡਰਸ਼ਿਪ ਤਿਆਰ ਕਰਨ ਵਾਸਤੇ ਵਚਨਬੱਧ ਹਾਂ ਤੇ ਤੁਹਾਨੂੰ ਅਪੀਲ ਕਰਦੇ ਹਾਂ ਕਿ ਇਸ ਪ੍ਰਕਿਰਿਆ ਵਿਚ ਸਾਡੀ ਮਦਦ ਕੀਤੀ ਜਾਵੇ। ਉਹਨਾਂ ਨੇ ਇਸਤਰੀ ਅਕਾਲੀ ਦਲ ਦੇਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਪੱਧਰਾਂ ’ਤੇ ਕਮੇਟੀਆਂ ਗਠਿਤ ਕਰਨ ਤਾਂ ਜੋ ਸਥਾਨਕ ਸਰਕਾਰ ਚੋਣਾਂ ਤੇ ਪੰਚਾਇਤ ਚੋਣਾਂ ਵਾਸਤੇ ਸਰਗਰਮ ਵਰਕਰਾਂ ਵਿਚੋਂ ਉਮੀਦਵਾਰਾਂ ਦੀ ਚੋਣ ਕੀਤੀ ਜਾ ਸਕੇ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਸੁਝਾਅ ਦਿੱਤਾ ਕਿ ਇਸਤਰੀ ਅਕਾਲੀ ਦਲ ਮਾਘੀ ਮੇਲੇ ’ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਧੀਆਂ ਦੀ ਲੋਹੜੀ ਮਨਾਉਣ ਵਾਸਤੇ ਵੱਖਰੀ ਤਿਆਰੀ ਕਰਨ। ਉਹਨਾਂ ਕਿਹਾ ਕਿ ਇਸਤਰੀ ਅਕਾਲੀ ਦਲ ਭਰੂਣ ਹੱਤਿਆ ਤੇ ਹੋਰ ਸਮਾਜਿਕ ਬੁਰਾਈਆਂ ਖਿਲਾਫ ਜਾਗਰੂਕਤਾ ਫੈਲਾਉਣ ਲਈ ਪੂਰੀ ਵਾਹ ਲਗਾਵੇ। ਸਰਦਾਰ ਬਾਦਲ ਨੇ ਸੁਝਾਅ ਦਿੱਤਾ ਕਿ ਮੈਂਬਰਸ਼ਿਪ ਭਰਤੀ ਮਗਰੋਂ ਸਰਕਲ, ਜ਼ਿਲ੍ਹਾ ਤੇ ਸੂਬਾ ਪੱਧਰ ’ਤੇ ਮੀਟਿੰਗਾਂ ਕੀਤੀਆਂ ਜਾਣ। ਉਹਨਾਂ ਕਿਹਾ ਕਿ ਮੈਂਬਰਸ਼ਿਪ ਉਸੇ ਤਰੀਕੇ ਕੀਤੀ ਜਾ ਸਕਦੀ ਹੈ ਜਿਵੇਂ ਕਿ ਯੂਥ ਅਕਾਲੀ ਦਲ ਦੀ ਭਰਤੀ ਮੁਹਿੰਮ ਚਲ ਰਹੀ ਹੈ।
ਇਸਤਰੀ ਅਕਾਲੀ ਦਲ ਦੇ ਪ੍ਰਧਾਨ ਹਰਗੋਬਿੰਦ ਕੌਰ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਦੱਸਿਆ ਕਿ ਉਹਨਾਂ ਦੀ ਪਹਿਲੀ ਤਰਜੀਹ ਜ਼ਮੀਨੀ ਪੱਧਰ ’ਤੇ ਕਮੇਟੀਆਂ ਗਠਿਤ ਕਰਨਾ ਹੈ। ਇਕ ਵਾਰ ਇਹ ਪ੍ਰਕਿਰਿਆ ਪੂਰੀ ਹੋਣ ਮਗਰੋਂ ਸਰਗਰਮ ਵਰਕਰਾਂ ਵਿਚੋਂ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਜਾਵੇਗੀ।
ਉਹਨਾਂ ਕਿਹਾ ਕਿ ਅਗਲੇ ਪੜਾਅ ਵਿਚ ਅਸੀਂ ਜ਼ਿਲ੍ਹਾ ਪੱਧਰੀ ਮੀਟਿੰਗਾਂ ’ਤੇ ਧਿਆਨ ਕੇਂਦਰਿਤ ਕਰਾਂਗੇ ਤਾਂ ਜੋ ਇਕਾਈਆਂ ਨੂੰ ਮਜ਼ਬੂਤ ਕੀਤਾ ਜਾ ਸਕੇ ਤੇ ਲੋਕਾਂ ਨੂੰ ਅਕਾਲੀ ਦਲ ਦੀਆਂ ਪੰਜਾਬ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਸਕੇ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਦੌਰ ਵਿਚ ਔਰਤਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਫੀਡਬੈਕ ਲਈ ਜਾ ਰਹੀ ਹੈ। ਉਹਨਾਂ ਕਿਹਾ ਕਿ ਔਰਤਾਂ ਸ਼ਿਕਾਇਤ ਕਰ ਰਹੀਆਂ ਹਨ ਕਿ ਉਹਨਾਂ ਨੂੰ ਸਮਾਜ ਭਲਾਈ ਸਕੀਮਾਂ ਦੇ ਲਾਭ ਨਹੀਂ ਦਿੱਤੇ ਜਾ ਰਹੇ ਜਿਵੇਂ ਬੁਢਾਪਾ ਪੈਨਸ਼ਨ ਤੇ ਸ਼ਗਨ ਸਕੀਮ ਦੇ ਲਾਭ ਨਹੀਂ ਮਿਲ ਰਹੇ। ਉਹਨਾਂ ਦੱਸਿਆ ਕਿ ਇਹ ਵੀ ਸ਼ਿਕਾਇਤਾਂ ਹਨ ਕਿ ਲੱਖਾਂ ਹੀ ਆਟਾ-ਦਾਲ ਸਕੀਮ ਦੇ ਕਾਰਡ ਕੱਟ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਅਸੀਂ ਜਲਦੀ ਹੀ ਔਰਤਾਂ ਖਿਲਾਫ ਵਿਤਕਰਾ ਖਤਮ ਕਰਨ ਲਈ ਮੁਹਿੰਮ ਸ਼ੁਰੂ ਕਰਾਂਗੇ।
ਇਸਤਰੀ ਅਕਾਲੀ ਦਲ ਦੇ ਵਰਕਰਾਂ ਨੇ ਵੀ ਅਕਾਲੀ ਦਲ ਦੇ ਪ੍ਰਧਾਨ ਨੂੰ ਸੁਝਾਅ ਦਿੱਤੇ ਤੇ ਫੀਡਬੈਕ ਦਿੱਤੀ ਕਿ ਇਸਤਰੀ ਅਕਾਲੀ ਦਲ ਨੂੰ ਪਾਰਟੀ ਪ੍ਰੋਗਰਾਮਾਂ ਵਿਚ ਸਰਗਰਮੀ ਨਾਲ ਸ਼ਾਮਲ ਕਰਵਾਇਆ ਜਾਵੇ। ਅਹੁਦੇਦਾਰਾਂ ਨੇ ਅਕਾਲੀ ਦਲ ਦੇ ਪ੍ਰਧਾਨ ਦਾ ਧੰਨਵਾਦ ਕੀਤਾ ਜਿਹਨਾਂ ਨੇ ਇਸਤਰੀ ਅਕਾਲੀ ਦਲ ਦੇ ਵਧੀਆ ਤਰੀਕੇ ਕੰਮ ਕਰਨ ਲਈ ਉਹਨਾਂ ਤੋਂ ਸੁਝਾਅ ਲਏ ਹਨ।