ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਭਾਰਤ ਬੰਦ ਦਾ ਕੀਤਾ ਸਮਰਥਨ

BTTNEWS
0

 - ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕੀਤਾ ਰੋਸ ਪ੍ਰਦਰਸ਼ਨ -

-  ਤਹਿਸੀਲਦਾਰ ਗੁਰਚਰਨ ਸਿੰਘ ਵਿਰਕ ਨੂੰ ਦਿੱਤਾ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂ ਮੰਗ ਪੱਤਰ -

ਸ੍ਰੀ ਮੁਕਤਸਰ ਸਾਹਿਬ , 16 ਫਰਵਰੀ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਅੱਜ ਭਾਰਤ ਬੰਦ ਦਾ ਸਮਰਥਨ ਕੀਤਾ । ਇਸ ਮੌਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਖੰਡੇ ਵਾਲੇ ਪਾਰਕ ਵਿੱਚ ਧਰਨਾ ਪ੍ਰਦਰਸ਼ਨ ਕੀਤਾ । 

     

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਭਾਰਤ ਬੰਦ ਦਾ ਕੀਤਾ ਸਮਰਥਨ
 ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀਆਂ ਆਗੂ ਸੂਬਾ ਖੰਡੇ ਵਾਲੇ ਪਾਰਕ ਵਿੱਚ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕਰਦੀਆਂ ਹੋਈਆਂ , ਦੂਜੀ ਤਸਵੀਰ ਵਿੱਚ ਤਹਿਸੀਲਦਾਰ ਗੁਰਚਰਨ ਸਿੰਘ ਵਿਰਕ ਨੂੰ ਮੰਗ ਪੱਤਰ ਦਿੰਦੀਆਂ ਹੋਈਆਂ ਆਗੂ ।

    ਇਸ ਮੌਕੇ ਬੋਲਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਨਾਲ ਧੋਖਾ ਕਰ ਰਹੀ ਹੈ ਤੇ ਉਹਨਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਨਹੀਂ ਦਿੱਤਾ ਜਾ ਰਿਹਾ । 

       ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ 18 ਹਜ਼ਾਰ ਪ੍ਰੀ ਨਰਸਰੀ ਟੀਚਰ ਦੀਆਂ ਪੋਸਟਾਂ ਤੇ ਆਂਗਣਵਾੜੀ ਵਰਕਰਾਂ ਤੇ ਲਗਾਉਣ ਲਈ ਕਿਹਾ ਹੈ । ਜਿੰਨਾਂ ਵਿਚੋਂ 8393 ਪੋਸਟਾਂ ਪਹਿਲਾਂ ਆ ਚੁੱਕੀਆਂ ਹਨ । ਪਰ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਫੈਸਲੇ ਨੂੰ ਨਹੀਂ ਮੰਨ ਰਹੀ ਤੇ ਆਪਣੀਆਂ ਮਨਮਰਜ਼ੀਆਂ ਕਰ ਰਹੀ ਹੈ । ਉਹਨਾਂ ਕਿਹਾ ਕਿ ਕਿਹਾ ਤਾਂ ਇਹ ਗਿਆ ਹੈ ਕਿ ਆਂਗਣਵਾੜੀ ਵਰਕਰਾਂ ਨੂੰ ਐਨ ਟੀ ਟੀ ਦਾ ਕੋਰਸ ਕਰਵਾ ਕੇ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਪਰ ਪੰਜਾਬ ਸਰਕਾਰ ਉਲਟਾ ਆਂਗਣਵਾੜੀ ਸੈਂਟਰਾਂ ਦੇ ਬੱਚੇ ਵੀ ਖੋਹ ਰਹੀ ਹੈ ਤੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰ ਰਹੀ ਹੈ । 

           ਉਹਨਾਂ ਨੇ ਪੰਜਾਬ ਸਰਕਾਰ ਦੇ ਉਸ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਜਿਸ ਵਿਚ ਪੰਜਾਬ ਸਰਕਾਰ ਨੇ ਕਿਹਾ ਹੈ ਕਿ 3 ਸਾਲ ਤੋਂ 5 ਸਾਲ ਤੱਕ ਦੇ ਬੱਚੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਦਾਖਲ ਕੀਤੇ ਜਾਣਗੇ । ਜਦੋਂ ਕਿ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਤਾਂ ਇਹ ਕਹਿੰਦੀ ਹੈ ਕਿ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਬੱਚਿਆਂ ਨੂੰ ਆਂਗਣਵਾੜੀ ਵਰਕਰਾਂ ਰਾਹੀਂ ਪ੍ਰੀ ਸਕੂਲ ਸਿੱਖਿਆ ਦਿੱਤੀ ਜਾਵੇ ।

    ਜਥੇਬੰਦੀ ਦੀ ਮੰਗ ਹੈ ਕਿ ਪੰਜਾਬ ਸਰਕਾਰ ਆਪਣੇ ਇਸ ਫੈਸਲੇ ਤੇ ਮੁੜ ਵਿਚਾਰ ਕਰੇ ਅਤੇ ਛੋਟੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਹੀ ਰਹਿਣ ਦਿੱਤਾ ਜਾਵੇ ।  

       ਇਸ ਸਮੇਂ ਯੂਨੀਅਨ ਦੀਆਂ ਆਗੂਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਪੁੱਜ ਕੇ ਤਹਿਸੀਲਦਾਰ ਗੁਰਚਰਨ ਸਿੰਘ ਵਿਰਕ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂ ਮੰਗ ਪੱਤਰ ਦਿੱਤਾ ਅਤੇ ਕਿਹਾ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਜਥੇਬੰਦੀ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗੀ । ਜਿਸ ਦੀ ਜ਼ੁੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ।

       ਇਸ ਮੌਕੇ ਯੂਨੀਅਨ ਦੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨ ਸ਼ਿੰਦਰਪਾਲ ਕੌਰ ਥਾਂਦੇਵਾਲਾ , ਅੰਮ੍ਰਿਤਪਾਲ ਕੌਰ ਥਾਂਦੇਵਾਲਾ , ਇੰਦਰਪਾਲ ਕੌਰ ਮੁਕਤਸਰ, ਸੁਖਚਰਨ ਕੌਰ ਧਿਗਾਨਾ , ਛਿੰਦਰਪਾਲ ਕੌਰ ਝੀਡਵਾਲਾ , ਪਰਮਜੀਤ ਕੌਰ ਬਾਵਾ , ਮਲਕੀਤ ਸਿੰਘ ਸੰਗੂਧੌਣ , ਚਰਨਜੀਤ ਕੌਰ ਮੁਕਤਸਰ , ਨਰਿੰਦਰ ਕੌਰ , ਮਧੂਬਾਲਾ , ਕਰਮਜੀਤ ਕੌਰ ਫੱਤਣਵਾਲਾ ਅਤੇ ਹੋਰ ਆਗੂ ਹਾਜ਼ਰ ਸਨ ।

Post a Comment

0Comments

Post a Comment (0)