ਸ੍ਰੀ ਮੁਕਤਸਰ ਸਾਹਿਬ 9 ਫਰਵਰੀ (ਸੁਖਪਾਲ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਦੇ ਉਸ ਬਿਆਨ ਦਾ ਗੰਭੀਰ ਨੋਟਿਸ ਲੈਂਦਿਆਂ ਸਖ਼ਤ ਵਿਰੋਧਤਾ ਕੀਤੀ ਹੈ ਜਿਸ ਵਿਚ ਸਰਕਾਰ ਨੇ ਕਿਹਾ ਹੈ ਕਿ 3 ਸਾਲ ਤੋਂ 5 ਸਾਲ ਤੱਕ ਦੇ ਬੱਚੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਦਾਖਲ ਕੀਤੇ ਜਾਣਗੇ ।
ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਹੈ ਕਿ
ਪੰਜਾਬ ਸਰਕਾਰ ਕੇਂਦਰ ਸਰਕਾਰ ਦੀ ਸਿੱਖਿਆ ਨੀਤੀ ਦੀ ਉਦਾਹਰਣ ਦੇ ਕੇ ਬੱਚਿਆਂ ਨੂੰ ਸਕੂਲਾਂ ਵਿੱਚ ਦਾਖਲ ਕਰਨਾ ਚਾਹੁੰਦੀ ਹੈ । ਜਦੋਂ ਕਿ
ਕੇਂਦਰ ਸਰਕਾਰ ਨਵੀਂ ਸਿੱਖਿਆ ਨੀਤੀ ਤਾਂ ਇਹ ਕਹਿੰਦੀ ਹੈ ਕਿ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਬੱਚਿਆਂ ਨੂੰ ਆਂਗਣਵਾੜੀ ਵਰਕਰਾਂ ਰਾਹੀਂ ਪ੍ਰੀ ਸਕੂਲ ਸਿੱਖਿਆ ਦਿੱਤੀ ਜਾਵੇ ।
ਉਹਨਾਂ ਇਹ ਵੀ ਕਿਹਾ ਕਿ ਸਕੂਲਾਂ ਵਿੱਚ ਮਿਡ ਡੇ ਮੀਲ ਅਧੀਨ ਕੇਵਲ ਪੰਜ ਸਾਲ ਤੋਂ ਉੱਪਰ ਦੇ ਬੱਚਿਆਂ ਦਾ ਖਾਣਾ ਹੀ ਆਉਦਾ ਹੈ ਤੇ ਪੰਜ ਸਾਲ ਤੋਂ ਛੋਟੇ ਬੱਚਿਆਂ ਦਾ ਖਾਣਾ ਆਂਗਣਵਾੜੀ ਸੈਂਟਰਾਂ ਵਿੱਚ ਆਉਦਾ ਹੈ । ਇਸ ਤੋਂ ਇਲਾਵਾ 0 ਤੋਂ ਲੈ ਕੇ 5 ਸਾਲ ਤੱਕ ਦੇ ਬੱਚਿਆਂ ਦਾ ਸਮੁੱਚੀ ਸਿਹਤ ਸੰਭਾਲ ਆਂਗਣਵਾੜੀ ਸੈਂਟਰਾਂ ਰਾਹੀਂ ਹੀ ਕੀਤੀ ਜਾਂਦੀ ਹੈ । ਜੇਕਰ ਇਹ ਬੱਚੇ ਸਰਕਾਰੀ ਸਕੂਲਾਂ ਵਿੱਚ ਚਲੇ ਗਏ ਤਾਂ ਉਹ ਇਹਨਾਂ ਸਹੂਲਤਾਂ ਤੋਂ ਵਾਝੇ ਹੋ ਜਾਣਗੇ ਅਤੇ ਸਕੂਲ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਮਹੌਲ ਦਾ ਫਰਕ ਹੋਣ ਕਰਕੇ ਉਹਨਾਂ ਦੇ ਮਾਨਸਿਕ , ਬੋਧਿਕ ਅਤੇ ਸਰੀਰਕ ਵਿਕਾਸ ਤੇ ਮਾੜਾ ਅਸਰ ਪਵੇਗਾ । ਜਿਸ ਦੇ ਆਉਣ ਵਾਲੇ ਸਮੇਂ ਵਿੱਚ ਮਾਰੂ ਸਿੱਟੇ ਸਾਹਮਣੇ ਆਉਣਗੇ ।
ਯੂਨੀਅਨ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਆਪਣੇ ਇਸ ਫੈਸਲੇ ਤੇ ਮੁੜ ਵਿਚਾਰ ਕਰੇ ਅਤੇ ਛੋਟੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਹੀ ਰਹਿਣ ਦਿੱਤਾ ਜਾਵੇ ।
ਇਸ ਮੌਕੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨ ਸ਼ਿੰਦਰਪਾਲ ਕੌਰ ਥਾਂਦੇਵਾਲਾ ਅਤੇ ਬਲਾਕ ਗਿੱਦੜਬਾਹਾ ਦੀ ਪ੍ਰਧਾਨ ਜਸਵਿੰਦਰ ਕੌਰ ਬੱਬੂ ਦੋਦਾ ਮੌਜੂਦ ਸਨ ।