'ਆਪ' ਨੂੰ ਸਾਰੀਆਂ 13 ਸੀਟਾਂ ਦੇ ਕੇ ਪੰਜਾਬ ਅਤੇ ਪੰਜਾਬੀਆਂ ਦੇ ਅਪਮਾਨ ਦਾ ਬਦਲਾ ਲਓ: ਕੇਜਰੀਵਾਲ

BTTNEWS
0

 ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਦਾ ਟਾਕਰਾ ਕਰਨ ਲਈ ਭਗਵੰਤ ਸਿੰਘ ਮਾਨ ਦੇ ਹੱਥ ਮਜ਼ਬੂਤ ਕਰਨ ਲਈ ਕਿਹਾ

ਅੰਮ੍ਰਿਤਸਰ, 3 ਮਾਰਚ (BTTNEWS)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਬਣਾ ਕੇ ਇਤਿਹਾਸ ਦੁਹਰਾਉਣ ਦਾ ਸੱਦਾ ਦਿੱਤਾ।


'ਆਪ' ਨੂੰ ਸਾਰੀਆਂ 13 ਸੀਟਾਂ ਦੇ ਕੇ ਪੰਜਾਬ ਅਤੇ ਪੰਜਾਬੀਆਂ ਦੇ ਅਪਮਾਨ ਦਾ ਬਦਲਾ ਲਓ: ਕੇਜਰੀਵਾਲ

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਪਵਿੱਤਰ ਨਗਰੀ ਦੇ ਵਪਾਰੀਆਂ ਦਰਮਿਆਨ ਇੱਥੇ ਆਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ, ਜਿਨ੍ਹਾਂ ਨੇ ਪਾਰਟੀਆਂ ਨੂੰ ਲੋਕਾਂ ਦੀ ਲੋੜ ਅਨੁਸਾਰ ਆਪਣੇ ਏਜੰਡੇ ਬਦਲਣ ਲਈ ਮਜਬੂਰ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਕਲਪ ਪੱਤਰਾਂ ਜਾਂ ਚੋਣ ਮਨੋਰਥ ਪੱਤਰਾਂ ਦੀ ਥਾਂ ਹੁਣ ਸਿਆਸੀ ਪਾਰਟੀਆਂ ਲੋਕ ਭਲਾਈ ਦੀਆਂ ਗਰੰਟੀਆਂ ਦੇ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਵੰਡ ਪਾਊ ਰਾਜਨੀਤੀ ਨੂੰ ਨਕਾਰ ਕੇ ਨੈਤਿਕ ਕਦਰਾਂ-ਕੀਮਤਾਂ ਆਧਾਰਤ ਰਾਜਨੀਤੀ ਸ਼ੁਰੂ ਕਰਕੇ ਸਿਆਸਤ ਵਿੱਚ ਸਿਫ਼ਤੀ ਤਬਦੀਲੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ, ਬਾਜਵਾ ਅਤੇ ਮਜੀਠੀਆ ਵਰਗੇ ਆਗੂਆਂ ਨੇ ਆਪਣੀਆਂ ਕਰਤੂਤਾਂ ਕਾਰਨ ਸੁਰੱਖਿਆ ਕਾਰਨਾਂ ਦੇ ਨਾਂ 'ਤੇ ਲੋਕਾਂ ਤੋਂ ਦੂਰੀ ਬਣਾ ਲਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਇਹ ਰੁਝਾਨ ਬਦਲ ਗਿਆ ਹੈ ਕਿਉਂਕਿ ਹੁਣ ਸਮਾਜ ਦੇ ਹਰ ਵਰਗ ਅਤੇ ਸਰਕਾਰ ਦਰਮਿਆਨ ਵਾਰ-ਵਾਰ ਵਿਚਾਰ-ਵਟਾਂਦਰਾ ਹੋ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਇੱਕ ਮਹਾਨ ਆਗੂ ਹਨ, ਜਿਨ੍ਹਾਂ ਨੇ ਦੇਸ਼ ਅਤੇ ਲੋਕਾਂ ਦੀ ਸੇਵਾ ਲਈ ਆਈ.ਆਰ.ਐਸ. ਅਧਿਕਾਰੀ ਦੀ ਆਪਣੀ ਅਹਿਮ ਨੌਕਰੀ ਛੱਡ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦੇਸ਼ ਦੀ ਸੇਵਾ ਲਈ ਸ਼ਹੀਦ ਭਗਤ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 25 ਸਾਲਾਂ ਵਿੱਚ ਸੂਬੇ ਵਿੱਚ ਸਿਰਫ਼ ਦੋ ਵਿਅਕਤੀਆਂ ਨੇ ਰਾਜ ਕੀਤਾ ਹੈ ਅਤੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਵਸੀਲਿਆਂ ਦੀ ਦੁਰਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪੰਜਾਂ ਵਿੱਚੋਂ ਦੋ ਇੱਕ ਪਰਿਵਾਰ ਦੇ ਸਨ, ਜਦੋਂ ਕਿ ਦੋ ਦੂਜੇ ਪਰਿਵਾਰ ਵਿੱਚੋਂ ਸਨ, ਜਿਨ੍ਹਾਂ ਨੇ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਦੌਲਤ ਲੁੱਟੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ, ਜਿਸ ਨਾਲ ਸੂਬੇ ਦੇ ਵਿਕਾਸ ਵਿੱਚ ਰੁਕਾਵਟ ਆ ਰਹੀ ਹੈ।

ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਆਖਿਆ ਕਿ ਸੂਬੇ ਦੇ ਇੱਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ‘ਖਜ਼ਾਨਾ ਖ਼ਾਲੀ’ ਦੀ ਬਿਆਨਬਾਜ਼ੀ ਕੀਤੀ, ਜਿਸ ਨਾਲ ਸੂਬੇ ਦੇ ਵਿਕਾਸ ਨੂੰ ਖਤਰਾ ਪੈਦਾ ਹੋ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਕਾਰਜਭਾਰ ਸੰਭਾਲਣ ਤੋਂ ਬਾਅਦ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ਦੀ ਹੋਈ ਲੁੱਟ ਦੀ ਜਾਂਚ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਦੀ ਭਲਾਈ ਲਈ ਇੱਕ-ਇੱਕ ਪੈਸਾ ਸਮਝਦਾਰੀ ਨਾਲ ਖਰਚਿਆ ਜਾਵੇ।

ਬਾਦਲ ਪਰਿਵਾਰ ਵੱਲੋਂ ਨਿੱਜੀ ਫਾਇਦਿਆਂ ਲਈ ਸੂਬੇ ਦੇ ਕਰੋੜਾਂ ਰੁਪਏ ਲੁੱਟਣ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਸੁੱਖ ਵਿਲਾਸ ਹੋਟਲ ਦੀ ਉਸਾਰੀ ਲਈ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦਾ ਪੱਖ ਪੂਰਨ ਲਈ ਨਿਯਮਾਂ ਵਿੱਚ ਬਦਲਾਅ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ 2009 ਵਿੱਚ ਈਕੋ ਟੂਰਿਜ਼ਮ ਨੀਤੀ ਲਿਆਂਦੀ ਸੀ, ਜਿਸ ਦਾ ਉਦੇਸ਼ ਇਸ ਰਿਜ਼ੋਰਟ ਦੀ ਉਸਾਰੀ ਨੂੰ ਲਾਭ ਪਹੁੰਚਾਉਣਾ ਸੀ ਅਤੇ ਇਹ ਮੰਦਭਾਗਾ ਹੈ ਕਿ 108 ਕਰੋੜ ਰੁਪਏ ਮੁਆਫ਼ ਕਰ ਦਿੱਤੇ ਗਏ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੋਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸਲ ਵਿੱਚ ਮੈਟਰੋ ਈਕੋ ਗ੍ਰੀਨ ਰਿਜ਼ੋਰਟ ਪਿੰਡ ਪੱਲਣਪੁਰ ਜਿਸ ਨੂੰ ਹੁਣ ਸੁੱਖ ਵਿਲਾਸ ਕਿਹਾ ਜਾਂਦਾ ਹੈ, ਸੂਬੇ ਲਈ ਅਸਲ ਵਿੱਚ ਦੁੱਖ ਵਿਲਾਸ ਹੈ ਕਿਉਂਕਿ ਇਹ ਪੰਜਾਬੀਆਂ ਦੇ ਖ਼ੂਨ ਨਾਲ ਉਸਾਰਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਉਨ੍ਹਾਂ ਵਿਰੁੱਧ ਕਾਰਵਾਈ ਕਰ ਸਕਦੇ ਸਨ ਪਰ ਉਹ ਚੁੱਪ ਰਹੇ ਕਿਉਂਕਿ ਉਹ ਬਾਦਲਾਂ ਨਾਲ ਮਿਲੇ ਹੋਏ ਸਨ। ਉਨ੍ਹਾਂ ਕਿਹਾ ਕਿ ਕੈਪਟਨ ਨੇ ਵੀ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਸੁੱਖ ਵਿਲਾਸ ਦੇ ਆਲੇ-ਦੁਆਲੇ ਆਪਣਾ ਮਹਿਲ ਉਸਾਰ ਲਿਆ, ਜਿਸ ਕਾਰਨ ਉਨ੍ਹਾਂ ਇਸ ਵਿਰੁੱਧ ਕਾਰਵਾਈ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੈਪਟਨ ਵੱਲੋਂ ਆਪਣੇ ਨਿੱਜੀ ਹਿੱਤਾਂ ਲਈ ਅਧਿਕਾਰਾਂ ਦੀ ਦੁਰਵਰਤੋਂ ਕਰਨ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਡਰਾਮੇਬਾਜ਼ੀ ਦਾ ਅਸਲੀ ਨਾਂ ਪਰਿਵਾਰ ਬਚਾਓ ਯਾਤਰਾ ਹੈ, ਉਨ੍ਹਾਂ ਨੇ ਅਕਾਲੀ ਆਗੂਆਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਅਤੇ ਪੰਜਾਬੀਆਂ ਦੀ ਮਾਨਸਿਕਤਾ ਨੂੰ ਜਜ਼ਬਾਤੀ ਤੌਰ 'ਤੇ ਠੇਸ ਪਹੁੰਚਾਈ ਹੈ ਅਤੇ ਸੂਬੇ ਅੰਦਰ ਕਈ ਤਰ੍ਹਾਂ ਦੇ ਮਾਫੀਆ ਦੀ ਸਰਪ੍ਰਸਤੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਗਲੇ ਕਿਰਦਾਰ ਤੋਂ ਭਲੀ-ਭਾਂਤ ਜਾਣੂੰ ਹਨ, ਜਿਸ ਕਾਰਨ ਹੁਣ ਉਨ੍ਹਾਂ ਦੀਆਂ ਨਾਟਕਬਾਜ਼ੀਆਂ ਨਹੀਂ ਚੱਲਣਗੀਆਂ ਕਿਉਂਕਿ ਪੰਜਾਬ ਉਨ੍ਹਾਂ ਦੇ ਏਜੰਡੇ 'ਤੇ ਕਦੇ ਨਹੀਂ ਸੀ।

ਮੁੱਖ ਮੰਤਰੀ ਨੇ ਅਕਾਲੀ ਆਗੂਆਂ ਹਰਸਿਮਰਤ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸੀ ਆਗੂਆਂ ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਨਵਜੋਤ ਸਿੱਧੂ ਨੂੰ ਪੰਜਾਬੀ ਭਾਸ਼ਾ ਦੀ ਲਿਖਤੀ ਪ੍ਰੀਖਿਆ ਪਾਸ ਕਰਨ ਲਈ ਕਿਹਾ। ਉਨ੍ਹਾਂ ਆਖਿਆ ਕਿ ਇਹ ਕਾਨਵੈਂਟ ਦੇ ਪੜ੍ਹੇ-ਲਿਖੇ ਆਗੂ ਮਾਂ-ਬੋਲੀ ਦੀ ਘੱਟ ਜਾਣਕਾਰੀ ਕਾਰਨ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਪਾਸ ਨਹੀਂ ਕਰ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਇਨ੍ਹਾਂ ਆਗੂਆਂ ਨੂੰ ਪ੍ਰੀਖਿਆ ਦੇ ਜਵਾਬ ਵੀ ਦੇ ਦਿੱਤੇ ਜਾਣ ਤਾਂ ਵੀ ਉਨ੍ਹਾਂ ਨੂੰ ਸਹੀ ਲਿਖਣ ਲਈ ਸੰਘਰਸ਼ ਕਰਨਾ ਪਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਆਗੂਆਂ ਦੇ ਸ਼ੱਕੀ ਚਰਿੱਤਰ ਤੋਂ ਭਲੀ-ਭਾਂਤ ਜਾਣੂ ਹਨ, ਜਿਸ ਕਾਰਨ ਇਹ ਆਪਣੀ ਭਰੋਸੇਯੋਗਤਾ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇ ਅੱਜ ਵੀ ਲੋਕ ਇਹ ਕਹਿੰਦੇ ਹਨ ਕਿ ਇਨ੍ਹਾਂ ਆਗੂਆਂ ਨੇ ਵਧੀਆ ਚੱਲਣ ਵਾਲੇ ਉੱਦਮ ਵਿੱਚ ਜ਼ਬਰਦਸਤੀ ਆਪਣਾ ਹਿੱਸਾ ਪਾਇਆ ਤਾਂ ਇਸ ਤੋਂ ਕੋਈ ਇਨਕਾਰ ਨਹੀਂ ਕਰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਮ ਆਦਮੀ ਦਾ ਵਿਸ਼ਵਾਸ ਗੁਆ ਦਿੱਤਾ ਹੈ, ਜੋ ਉਹ ਦੁਬਾਰਾ ਕਦੇ ਵੀ ਹਾਸਲ ਨਹੀਂ ਕਰ ਸਕਦੇ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਸੂਬੇ ਦੀ ਝਾਕੀ ਨੂੰ ਕੇਂਦਰ ਵੱਲੋਂ ਰੱਦ ਕਰ ਦਿੱਤਾ ਗਿਆ ਤਾਂ ਜਲੰਧਰ ਤੋਂ ਇਲਾਵਾ ਸੂਬੇ ਦੇ ਕਿਸੇ ਵੀ ਸੰਸਦ ਮੈਂਬਰ ਨੇ ਇਹ ਮੁੱਦਾ ਨਹੀਂ ਉਠਾਇਆ। ਉਨ੍ਹਾਂ ਕਿਹਾ ਕਿ ਇਹ ਸੰਸਦ ਮੈਂਬਰ ਸੂਬੇ ਨਾਲ ਸਬੰਧਤ ਮੁੱਦਿਆਂ 'ਤੇ ਚੁੱਪ ਰਹੇ ਹਨ, ਜਿਸ ਕਾਰਨ ਇਨ੍ਹਾਂ ਨੂੰ ਬਾਹਰ ਕਰਨ ਦਾ ਸਮਾਂ ਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਾਰ ਸਾਰੀਆਂ 13 ਲੋਕ ਸਭਾ ਸੀਟਾਂ 'ਆਪ' ਨੂੰ ਦਿੱਤੀਆਂ ਜਾਣ ਤਾਂ ਜੋ ਸੂਬੇ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਕੇਂਦਰ ਅੱਗੇ ਉਠਾਇਆ ਜਾ ਸਕੇ ਅਤੇ ਲੋਕਾਂ ਦੇ ਹਿੱਤ ਸੁਰੱਖਿਅਤ ਹੋ ਸਕਣ।

ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੀ ਕਿਸਮ ਦੀ ਇਸ ਪਹਿਲੀ ਪਹਿਲਕਦਮੀ ਦੌਰਾਨ ਵਪਾਰੀਆਂ ਦਰਮਿਆਨ ਆ ਕੇ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਬਾਦਲਾਂ ਅਤੇ ਕੈਪਟਨ ਵਰਗੇ ਆਗੂਆਂ ਨੇ ਸੂਬੇ ਨੂੰ ਬਰਬਾਦ ਕਰਕੇ ਖਜ਼ਾਨੇ ਨੂੰ ਲੁੱਟਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਦੋ ਸਾਲਾਂ 'ਚ 'ਆਪ' ਦੇ ਬਿਹਤਰੀਨ ਸ਼ਾਸਨ ਕਰਕੇ ਹੁਣ ਸੂਬੇ 'ਚ ਬਦਲਾਅ ਦੀਆਂ ਹਵਾਵਾਂ ਵਗ ਰਹੀਆਂ ਹਨ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਦੋ ਮੁੱਖ ਮੰਤਰੀਆਂ ਨੇ ਸੂਬਾ ਸਰਕਾਰ ਨੂੰ ਲੋਕਾਂ ਦੀ ਸੇਵਾ ਵਿੱਚ ਉਨ੍ਹਾਂ ਦੇ ਦਰ 'ਤੇ ਲਿਆਂਦਾ ਹੈ, ਜੋ ਕਿ ਬਹੁਤ ਵੱਡੀ ਗੱਲ ਹੈ ਕਿਉਂਕਿ ਪਿਛਲੇ ਸਮਿਆਂ ਦੌਰਾਨ ਕਿਸੇ ਨੇ ਵੀ ਸੂਬਾ ਵਾਸੀਆਂ ਦੀ ਕੋਈ ਪਰਵਾਹ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਵਪਾਰੀਆਂ ਅਤੇ ਉਦਯੋਗਪਤੀਆਂ ਦਾ ਸਤਿਕਾਰ ਕਰਦੀ ਹੈ ਜਦਕਿ ਪਿਛਲੀਆਂ ਸਰਕਾਰਾਂ ਨੇ ਵਪਾਰੀਆਂ ਨੂੰ ਚੋਰ ਕਿਹਾ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਸਿਆਸੀ ਪਾਰਟੀਆਂ ਲਈ ਵਪਾਰੀ ਸਿਰਫ਼ ਫੰਡ ਇਕੱਠੇ ਕਰਨ ਦਾ ਜ਼ਰੀਆ ਸਨ ਪਰ ਹੁਣ ਉਹ ਸੂਬੇ ਦੀ ਤਰੱਕੀ ਵਿੱਚ ਸਰਗਰਮ ਭਾਈਵਾਲ ਹਨ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹੁਣ 829 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਜੋ ਲੋਕਾਂ ਦਾ ਮੁਫ਼ਤ ਇਲਾਜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਗਰੀਬ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਵਿੱਚ 13 ਨਵੇਂ ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਗਏ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਸਕੂਲ ਅਤਿ ਆਧੁਨਿਕ ਸਹੂਲਤਾਂ ਜਿਵੇਂ ਸਵੀਮਿੰਗ ਪੂਲ, ਲੈਬਾਰਟਰੀਆਂ ਅਤੇ ਹੋਰ ਸਹੂਲਤਾਂ ਨਾਲ ਲੈਸ ਹਨ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਥੇ ਪੈਸਾ ਕਮਾਉਣ ਜਾਂ ਸੱਤਾ ਦਾ ਫਲ ਭੋਗਣ ਲਈ ਰਾਜਨੀਤੀ ਵਿੱਚ ਨਹੀਂ ਆਏ ਹਨ, ਸਗੋਂ ਉਹ ਇੱਥੇ ਲੋਕਾਂ ਦੀ ਸੇਵਾ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਅਤੇ ਪਿਛਲੀਆਂ ਸਰਕਾਰਾਂ ਵਿੱਚ ਸਭ ਤੋਂ ਵੱਡਾ ਫਰਕ ਨੀਅਤ ਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਰਾਦਾ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨਾ ਹੈ ਜਦਕਿ ਦੂਜੀਆਂ ਪਾਰਟੀਆਂ ਦਾ ਇਰਾਦਾ ਸੂਬੇ ਨੂੰ ਬਰਬਾਦ ਕਰਨਾ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨੇ ਵਿੱਚੋਂ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਤਾਂ ਜੋ ਭਗਵੰਤ ਸਿੰਘ ਮਾਨ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਦਾ ਡਟ ਕੇ ਮੁਕਾਬਲਾ ਕਰ ਸਕਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ 13 ਸੰਸਦ ਮੈਂਬਰ ਚੁਣੇ ਜਾਣ 'ਤੇ ਸੂਬੇ ਦੇ ਵਿਕਾਸ ਅਤੇ ਤਰੱਕੀ ਨੂੰ ਹੁਲਾਰਾ ਦੇਣਗੇ।

ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਦੇ ਕਰੀਬ 8000 ਕਰੋੜ ਰੁਪਏ ਦੇ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਫੰਡ ਸੂਬੇ ਦੇ ਵਿਕਾਸ ਲਈ ਵਰਤੇ ਜਾ ਸਕਦੇ ਸਨ ਪਰ ਕੇਂਦਰ ਸਰਕਾਰ ਨੇ ਜਾਣ-ਬੁੱਝ ਕੇ ਇਨ੍ਹਾਂ ਨੂੰ ਰੋਕ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰ 'ਚ ਆਪਣੀ ਆਵਾਜ਼ ਬੁਲੰਦ ਕਰਨ ਲਈ ਸਾਰੀਆਂ 13 ਲੋਕ ਸਭਾ ਸੀਟਾਂ 'ਤੇ 'ਆਪ' ਦੀ ਜਿੱਤ ਯਕੀਨੀ ਬਣਾਉਣੀ ਹੋਵੇਗੀ।

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ

ਲੁਧਿਆਣਾ, 3 ਮਾਰਚ - ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਮੁਹਿੰਮ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ 13 ਨਵੇਂ ਸਕੂਲ ਆਫ਼ ਐਮੀਨੈਂਸ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸਿੱਖਿਆ ਕ੍ਰਾਂਤੀ ਨੇ ਪੰਜਾਬ ਵਿੱਚ ਇਕ ਹੋਰ ਮੀਲ ਦਾ ਪੱਥਰ ਹਾਸਲ ਕੀਤਾ।


ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸਕੂਲਾਂ ਦੀ ਉਸਾਰੀ ਕਰ ਕੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿੱਚ ਵੱਡੀ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ ਅਤੇ ਇਹ ਸਕੂਲ ਉਸੇ ਦਾ ਝਲਕਾਰਾ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਹੱਤਵਪੂਰਨ ਮੌਕਾ ਹੈ ਅਤੇ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੋਵੇਗਾ।


ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਖ਼ਾਸ ਕਰ ਕੇ ਗਰੀਬ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਨ੍ਹਾਂ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿੱਚ ਮੱਲਾਂ ਮਾਰ ਕੇ ਸੂਬੇ ਦਾ ਨਾਂ ਰੌਸ਼ਨ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਵਿਦਿਆਰਥੀਆਂ ਦੀ ਕਿਸਮਤ ਪਲਟਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਹੁਣ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈ ਰਹੇ ਹਨ।


ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਤਾਂ ਸਿਰਫ਼ ਸ਼ੁਰੂਆਤ ਹੈ ਕਿਉਂਕਿ ਗਰੀਬ ਵਿਦਿਆਰਥੀਆਂ ਦੀ ਭਲਾਈ ਲਈ ਅਜਿਹੇ ਹੋਰ ਸਕੂਲ ਖੋਲ੍ਹੇ ਜਾਣਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਸਕੂਲ ਆਧੁਨਿਕ ਸਮੇਂ ਦੇ ਮੰਦਰ ਹੋਣਗੇ, ਜੋ ਵਿਦਿਆਰਥੀਆਂ ਦੇ ਜੀਵਨ ਵਿੱਚ ਗੁਣਾਤਮਕ ਤਬਦੀਲੀ ਲਿਆਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿੱਜੀ ਖੇਤਰ ਵਿੱਚ ਸ਼ਾਇਦ ਹੀ ਕੋਈ ਅਜਿਹਾ ਸਕੂਲ ਹੋਵੇ, ਜਿਸ ਵਿੱਚ ਖੇਡ ਮੈਦਾਨ, ਲਾਅਨ ਟੈਨਿਸ, ਸਵੀਮਿੰਗ ਪੂਲ, ਲੈਬਾਰਟਰੀਆਂ ਅਤੇ ਹੋਰ ਸਹੂਲਤਾਂ ਉਪਲਬਧ ਹੋਣ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਡਲ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਦਿੱਲੀ ਵਿੱਚ ਸ਼ੁਰੂ ਕੀਤਾ ਗਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਉਨ੍ਹਾਂ ਮਾਪਿਆਂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਆਪਣੇ ਬੱਚੇ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਇਨ੍ਹਾਂ ਸਕੂਲਾਂ ਵਿੱਚ ਦਾਖਲ ਕਰਵਾਏ ਹਨ। ਉਨ੍ਹਾਂ ਕਿਹਾ ਕਿ ਉਹ ਸੂਬੇ ਅਤੇ ਲੋਕਾਂ ਦੀ ਸੇਵਾ ਕਰਨ ਲਈ ਵੰਡ ਪਾਊ ਰਾਜਨੀਤੀ ਦੀ ਥਾਂ ‘ਕੰਮ ਦੀ ਸਿਆਸਤ’ ਦੇ ਸਿਧਾਂਤ ‘ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫ਼ਲ ਹੋਣ ਲਈ ਨੀਟ ਅਤੇ ਜੇ.ਈ.ਈ. ਦੀ ਸਿਖਲਾਈ ਦਿੱਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੱਲ੍ਹ ਸੂਬੇ ਵਿੱਚ 165 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ ਅਤੇ ਅੱਜ ਇਹ ਸਕੂਲ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਲੋਕਾਂ ਦੇ ਲੁੱਟੇ ਗਏ ਪੈਸੇ ਦੀ ਭਰਪਾਈ ਕੀਤੀ ਜਾ ਰਹੀ ਹੈ ਅਤੇ ਆਮ ਲੋਕਾਂ ਦੀ ਭਲਾਈ ਲਈ ਇਸ ਦੀ ਸੁਚੱਜੀ ਵਰਤੋਂ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਦਯੋਗਿਕ ਸ਼ਹਿਰ ਵਜੋਂ ਲੁਧਿਆਣਾ ਦੀ ਪੁਰਾਣੀ ਸ਼ਾਨ ਬਹਾਲ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਸਿਆਸਤ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ, ਜਿਨ੍ਹਾਂ ਨੇ ਪਾਰਟੀਆਂ ਨੂੰ ਲੋਕਾਂ ਦੀ ਲੋੜ ਅਨੁਸਾਰ ਆਪਣੇ ਏਜੰਡੇ ਬਦਲਣ ਲਈ ਮਜਬੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਕਲਪ ਪੱਤਰਾਂ ਜਾਂ ਚੋਣ ਮਨੋਰਥ ਪੱਤਰਾਂ ਦੀ ਥਾਂ ਹੁਣ ਸਿਆਸੀ ਪਾਰਟੀਆਂ ਲੋਕਾਂ ਨੂੰ ਭਲਾਈ ਦੀਆਂ ਗਰੰਟੀਆਂ ਦੇ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਕਦਰਾਂ-ਕੀਮਤਾਂ 'ਤੇ ਆਧਾਰਤ ਰਾਜਨੀਤੀ ਸ਼ੁਰੂ ਕਰ ਕੇ ਸਿਆਸਤ 'ਚ ਬਦਲਾਅ ਲਿਆਂਦਾ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਸਕੂਲ ਲੋਕਾਂ ਨੂੰ ਸਮਰਪਿਤ ਕਰਨ ਦੇ ਪਵਿੱਤਰ ਮੌਕੇ 'ਤੇ ਸ਼ਾਮਲ ਹੋਣਾ ਬਹੁਤ ਖ਼ੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪਹਿਲੀ ਨਜ਼ਰ 'ਚ ਕੋਈ ਸੋਚ ਵੀ ਨਹੀਂ ਸਕਦਾ ਕਿ ਇਹ ਕੋਈ ਸਰਕਾਰੀ ਸਕੂਲ ਹੈ, ਜੇ ਪ੍ਰਾਈਵੇਟ ਸਕੂਲ ਇਸ ਪੱਧਰ 'ਤੇ ਆਉਂਦੇ ਤਾਂ ਭਾਰੀ ਫੀਸਾਂ ਵਸੂਲਦੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਸਕੂਲ ਇਹ ਯਕੀਨੀ ਬਣਾਏਗਾ ਕਿ ਕਮਜ਼ੋਰ ਅਤੇ ਪਛੜੇ ਵਰਗ ਦੇ ਵਿਦਿਆਰਥੀ ਜੀਵਨ ਵਿੱਚ ਉੱਚ ਮੁਕਾਮ ਹਾਸਲ ਕਰਨ ਅਤੇ ਆਪਣੀ ਕਿਸਮਤ ਆਪ ਲਿਖਣ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਵਿੱਚ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਆਤਮ ਵਿਸ਼ਵਾਸ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਹੁਣ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹੇ-ਲਿਖੇ ਸਾਥੀਆਂ ਨਾਲ ਮੁਕਾਬਲਾ ਕਰਨ ਦਾ ਮੌਕਾ ਮਿਲ ਰਿਹਾ ਹੈ ਕਿਉਂਕਿ ਇਨ੍ਹਾਂ ਸਕੂਲਾਂ ਵਿੱਚ ਵਧੀਆ ਸਿੱਖਿਆ ਉਪਲਬਧ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਸਾਲ ਇਕ ਲੱਖ ਵਿਦਿਆਰਥੀਆਂ ਨੇ ਸਕੂਲ ਆਫ ਐਮੀਨੈਂਸ ਵਿਚ ਦਾਖ਼ਲੇ ਲਈ ਅਪਲਾਈ ਕੀਤਾ ਸੀ, ਜਿਸ ਵਿਚੋਂ 8200 ਵਿਦਿਆਰਥੀ ਦਾਖ਼ਲ ਹੋਏ ਸਨ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਤੋਂ ਪਹਿਲਾਂ ਕਿਸੇ ਵੀ ਮੁੱਖ ਮੰਤਰੀ ਨੇ ਕਦੇ ਵੀ ਸਿੱਖਿਆ ਅਤੇ ਸਿਹਤ ਸੰਸਥਾਵਾਂ ਦਾ ਗੇੜਾ ਨਹੀਂ ਮਾਰਿਆ। ਉਨ੍ਹਾਂ ਸਿੱਖਿਆ ਨੂੰ ਸਫ਼ਲਤਾ ਅਤੇ ਖ਼ੁਸ਼ਹਾਲੀ ਦੀ ਕੁੰਜੀ ਦੱਸਦਿਆਂ ਕਿਹਾ ਕਿ ਇਹ ਸਕੂਲ ਗਰੀਬ ਲੋਕਾਂ ਦੀ ਤਰੱਕੀ ਅਤੇ ਵਿਕਾਸ ਦੇ ਮੋਹਰੀ ਸਾਬਤ ਹੋਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸੂਬੇ ਦੇ ਲੋਕਾਂ ਦੇ ਹਿੱਤਾਂ ਦੇ ਰਾਖੇ ਹਨ ਅਤੇ ਸਮੇਂ ਦੀ ਲੋੜ ਹੈ ਕਿ ਉਨ੍ਹਾਂ ਦੇ ਹੱਥ ਮਜ਼ਬੂਤ ਕੀਤੇ ਜਾਣ ਤਾਂ ਜੋ ਉਹ ਕੇਂਦਰ ਦੇ ਦਮਨਕਾਰੀ ਅਤੇ ਪੰਜਾਬ ਵਿਰੋਧੀ ਪੈਂਤੜੇ ਦਾ ਡਟ ਕੇ ਮੁਕਾਬਲਾ ਕਰ ਸਕਣ।

ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਦੇ ਕਰੀਬ ਅੱਠ ਹਜ਼ਾਰ ਕਰੋੜ ਰੁਪਏ ਦੇ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਸੂਬੇ ਦੇ ਵਿਕਾਸ ਲਈ ਕੀਤੀ ਜਾ ਸਕਦੀ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪਿਛਲੇ ਦੋ ਸਾਲਾਂ ਵਿੱਚ ਸੂਬੇ ਵਿੱਚ ਬੇਮਿਸਾਲ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਭਗਵੰਤ ਸਿੰਘ ਮਾਨ ਦੇ ਹੱਥ ਮਜ਼ਬੂਤ ਕੀਤੇ ਜਾਣੇ ਚਾਹੀਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਮੁੱਖ ਮੰਤਰੀ ਨੂੰ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਵਿਰੁੱਧ ਲੜਨ ਲਈ ਨਵਾਂ ਜੋਸ਼ ਮਿਲੇਗਾ।

ਜ਼ਿਕਰਯੋਗ ਹੈ ਕਿ ਦੋਵਾਂ ਮੁੱਖ ਮੰਤਰੀਆਂ ਨੇ ਲੁਧਿਆਣਾ, ਆਦਮਪੁਰ (ਜਲੰਧਰ), ਮਾਲ ਮੰਡੀ, ਮਾਲ ਰੋਡ ਅਤੇ ਜੰਡਿਆਲਾ ਗੁਰੂ ਅੰਮ੍ਰਿਤਸਰ, ਪਰਸਰਾਮ ਨਗਰ ਅਤੇ ਰਾਮ ਨਗਰ ਬਠਿੰਡਾ, ਅਮਲੋਹ ਫਤਹਿਗੜ੍ਹ ਸਾਹਿਬ, ਜਲਾਲਾਬਾਦ ਪੱਛਮੀ ਅਤੇ ਅਰਨੀਵਾਲਾ, ਫਾਜ਼ਿਲਕਾ ਵਿਖੇ ਸ਼ੇਖ ਸੁਭਾਨ, ਫਗਵਾੜਾ (ਕਪੂਰਥਲਾ), ਫੇਜ਼ 11 ਐਸ.ਏ.ਐਸ ਨਗਰ (ਮੁਹਾਲੀ) ਅਤੇ ਤਰਨ ਤਾਰਨ ਦੇ ਖਡੂਰ ਸਾਹਿਬ ਵਿਖੇ ਬਣੇ 13 ਸਕੂਲ ਲੋਕਾਂ ਨੂੰ ਸਮਰਪਿਤ ਕੀਤੇ। ਉਨ੍ਹਾਂ ਇੰਦਰਾਪੁਰੀ ਵਿਖੇ ਸਕੂਲ ਦੀ ਨਵੀਂ ਬਣੀ ਇਮਾਰਤ ਦਾ ਵੀ ਦੌਰਾ ਕੀਤਾ ਅਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ।

Post a Comment

0Comments

Post a Comment (0)