ਸ਼੍ਰੋਮਣੀ ਅਕਾਲੀ ਦਲ ਦੀਆਂ ਚੋਣ ਮੀਟਿੰਗਾਂ ਵਿੱਚ ਦਿਨੋਂ ਦਿਨ ਵੱਧ ਰਿਹਾ ਹੈ ਲੋਕਾਂ ਦਾ ਇਕੱਠ
ਸ੍ਰੀ ਮੁਕਤਸਰ ਸਾਹਿਬ , 20 ਅਪ੍ਰੈਲ (ਸੁਖਪਾਲ ਸਿੰਘ ਢਿੱਲੋਂ)- ਇਸ ਵੇਲੇ ਲੋਕ ਸਭਾ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਅੰਦਰ ਸਿਆਸੀ ਪਾਰਟੀਆਂ ਵੱਲੋਂ ਸਰਗਰਮੀਆਂ ਪੂਰੀਆਂ ਤੇਜ਼ ਕੀਤੀਆਂ ਹੋਈਆਂ ਹਨ । ਆਮ ਆਦਮੀ ਪਾਰਟੀ ਨੇ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ।
ਜਦੋਂ ਕਿ ਸ਼੍ਰੋਮਣੀ ਅਕਾਲੀ ਦਲ , ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਕੁੱਝ ਸੀਟਾਂ ਤੇ ਉਮੀਦਵਾਰਾਂ ਦਾ ਐਲਾਨ ਕਰਨਾ ਅਜੇ ਬਾਕੀ ਹੈ । ਪਰ ਇਸ ਦੇ ਬਾਵਜੂਦ ਵੀ ਸਿਆਸੀ ਪਾਰਟੀਆਂ ਵੱਲੋਂ ਇੱਕ ਦੂਜੇ ਤੋਂ ਅੱਗੇ ਨਿਕਲਣ ਦੀਆਂ ਕੋਸ਼ਿਸ਼ਾਂ ਜਾਰੀ ਹਨ ।
ਐਤਕੀਂ ਪਹਿਲੀ ਵਾਰ ਹੈ ਜਦੋਂ ਪਿੰਡਾਂ ਵਿੱਚ ਲੋਕਾਂ ਵੱਲੋਂ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਜੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ । ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦਾ ਕਿਧਰੇ ਵੀ ਵਿਰੋਧ ਨਹੀਂ ਹੋ ਰਿਹਾ ਤੇ ਇਹ ਗੱਲ ਅਕਾਲੀ ਦਲ ਲਈ ਇਕ ਚੰਗਾ ਸੰਕੇਤ ਦੇ ਰਹੀ ਹੈ । ਲੋਕ ਚਰਚਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਚੋਣ ਮੀਟਿੰਗਾਂ ਵਿੱਚ ਦਿਨੋਂ ਦਿਨ ਲੋਕਾਂ ਦਾ ਇਕੱਠ ਵੱਧ ਰਿਹਾ ਹੈ । ਸਾਲ 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ 92 ਵਿਧਾਇਕ ਚੁਣੇ ਗਏ ਸਨ ਤੇ ਇਸ ਵਿੱਚ ਸਭ ਤੋਂ ਵੱਡਾ ਯੋਗਦਾਨ ਬੀਬੀਆਂ ਦਾ ਸੀ । ਪਰ ਐਤਕੀਂ ਬੀਬੀਆਂ ਦਾ ਝੁਕਾਅ ਸ਼੍ਰੋਮਣੀ ਅਕਾਲੀ ਦਲ ਵੱਲ ਲੱਗ ਰਿਹਾ । ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵੱਲੋਂ ਦਿਨ ਰਾਤ ਕੀਤੀ ਜਾ ਰਹੀ ਮਿਹਨਤ ਨੇ ਬੀਬੀਆਂ ਦੇ ਵੱਡੇ ਹਿੱਸੇ ਨੂੰ ਸ਼੍ਰੋਮਣੀ ਅਕਾਲੀ ਦਲ ਜੋੜ ਲਿਆ ਹੈ ।