ਸ੍ਰੀ ਮੁਕਤਸਰ ਸਾਹਿਬ, 2 ਅਪ੍ਰੈਲ:
ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਅਭਿਜੀਤ ਕਪਲਿਸ਼ ਵੱਲੋਂ ਕਣਕ ਦੀ ਖ੍ਰੀਦ ਦੇ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ ਗਈ ਜਿਸ ਵਿੱਚ ਉਨ੍ਹਾਂ ਕਣਕ ਦੀ ਲਿਫਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਜ਼ਿਲ੍ਹੇ ਦੀਆਂ ਮੰਡੀਆਂ ਦੇ ਸਮੂਹ ਲੇਬਰ ਅਤੇ ਟਰਾਂਸਪੋਰਟ ਠੇਕੇਦਾਰਾਂ ਨਾਲ ਗੱਲਬਾਤ ਕੀਤੀ।
ਉਨ੍ਹਾਂ ਟਰਾਂਸਪੋਰਟ ਠੇਕੇਦਾਰਾਂ ਨੂੰ ਟਰੱਕਾਂ ਦੀ ਗਿਣਤੀ ਅਤੇ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਨੂੰ ਮੰਡੀਆਂ ਤੋਂ ਗੁਦਾਮਾਂ ਤੱਕ ਪਹੁਚਾਉਣ ਦਾ ਕੰਮ ਪੂਰੀ ਤੇਜ਼ੀ ਨਾਲ ਕਰਨ ਦੇ ਨਿਰਦੇਸ਼ ਦਿੱਤੇ। ਇਸੇ ਤਰ੍ਹਾਂ ਲੇਬਰ ਠੇਕੇਦਾਰਾਂ ਨੂੰ ਲੇਬਰ ਦੇ ਮੁਕੰਮਲ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਸਮੇਂ ਸਿਰ ਵੱਧ ਤੋਂ ਵੱਧ ਕਣਕ ਦੀ ਲੋਡਿੰਗ/ਅਨਲੋਡਿੰਗ ਹੋ ਸਕੇ।
ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਕਣਕ ਦੇ ਸੀਜ਼ਨ ਦੌਰਾਨ ਕਿਸੇ ਵੀ ਪ੍ਰਕਾਰ ਦੀ ਕਿਸਾਨਾਂ, ਮਜ਼ਦੂਰਾਂ ਅਤੇ ਟਰਾਂਸਪੋਰਟ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ, ਜੇਕਰ ਇਸ ਸਬੰਧੀ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਸਬੰਧਤ ਜ਼ਿੰਮੇਵਾਰ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜੋ ਕਣਕ ਖ੍ਰੀਦ ਸੀਜ਼ਨ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ ਸਕੇ।
ਇਥੇ ਦੱਸਣਯੋਗ ਹੈ ਕਿ ਜ਼ਿਲ੍ਹੇ ਵਿੱਚ ਕੁਲ 120 ਦਾਣਾ ਮੰਡੀਆਂ ਹਨ ਜਿੱਥੇ ਕਣਕ ਦੀ ਖ਼ਰੀਦ ਕੀਤੀ ਜਾਣੀ ਹੈ।
ਇਸ ਮੋਕੇ ’ਤੇ ਮੀਟਿੰਗ ਵਿੱਚ ਸ਼੍ਰੀ ਸੁਖਵਿੰਦਰ ਸਿੰਘ ਗਿੱਲ ਜ਼ਿਲ੍ਹਾ ਕੰਟਰੋਲਰ, ਸ਼੍ਰੀ ਮਨੀਸ਼ ਜ਼ਿਲ੍ਹਾ ਮੰਡੀ ਅਫ਼ਸਰ, ਸ੍ਰੀ ਸੰਜੀਵ ਸੋਫਤ ਡੀ.ਐਮ. ਮਾਰਕਫੈਡ, ਇਸ ਤੋਂ ਇਲਾਵਾ ਪਨਸਪ ਅਤੇ ਵੇਅਰ ਹਾਊਸ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।